ਨਵੀਂ ਦਿੱਲੀ : ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਵੱਡਾ ਬਿਆਨ ਦਿੱਤਾ ਹੈ | ਉਨ੍ਹਾ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਦਰਜ ਕੀਤੇ ਗਏ ਸਾਰੇ ਪਰਚੇ ਰੱਦ ਕੀਤੇ ਜਾਣਗੇ | ਇਸ ਤੋਂ ਇਲਾਵਾ ਐੱਮ ਐੱਸ ਪੀ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ | ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਨਾਲ ਸੰਬੰਧਤ 86 ਕੇਸ ਜੋ ਰੇਲਵੇ ਸੁਰੱਖਿਆ ਬਲਾਂ ਵੱਲੋਂ ਦਰਜ ਕੀਤੇ ਗਏ ਸਨ, ਉਹ ਸਾਰੇ ਕੇਸ ਵਾਪਸ ਲੈਣ ਦੇ ਜੋ ਨਿਰਦੇਸ਼ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਹਨ, ਇਹ ਕੇਂਦਰ ਸਰਕਾਰ ਦਾ ਇਤਿਹਾਸਕ ਫੈਸਲਾ ਹੈ |
ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਇਸ ਲਈ ਉਹ ਖੁਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲਵੇ ਮੰਤਰੀ ਨੂੰ ਵੀ ਮਿਲੇ ਸਨ | ਉਹਨਾ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਇਹ ਸਾਰੇ ਕੇਸ ਵਾਪਸ ਲੈਣ ਦੀ ਸਹਿਮਤੀ ਦੇ ਦਿੱਤੀ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਬਹੁਤ ਗੰਭੀਰ ਹਨ, ਇਸੇ ਤਹਿਤ ਘੱਟੋ-ਘੱਟ ਸਮਰਥਨ ਮੁੱਲ ਨੂੰ ਹੋਰ ਪ੍ਰਭਾਵੀ ਅਤੇ ਪਾਰਦਰਸ਼ੀ ਬਣਾਉਣ ਲਈ ਅਤੇ ਦੇਸ਼ ਦੀਆਂ ਖੇਤੀ ਤੇ ਉਦਯੋਗਿਕ ਖੇਤਰ ਨਾਲ ਸੰਬੰਧਤ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਵੱਲੋਂ ਫਸਲਾਂ ਦੇ ਪੈਟਰਨ ਨੂੰ ਬਦਲਣ ਲਈ ਇਸੇ ਸਾਲ ਜੁਲਾਈ ਮਹੀਨੇ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ, ਜੋ ਦੇਸ਼ ਦੇ ਕਿਸਾਨਾਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ | ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ ਲਈ ਕਿਸਾਨ ਸਨਮਾਨ ਨਿਧੀ ਤੇ ਸੋਇਲ ਹੈੱਲਥ ਕਾਰਡ ਵਰਗੇ ਬਹੁਤ ਲਾਹੇਵੰਦ ਫੈਸਲੇ ਲਏ ਹਨ ਅਤੇ ਅੱਗੇ ਵੀ ਲੈਂਦੀ ਰਹੇਗੀ | ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹੁਣ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰੇ |



