ਪੰਜਾਬ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ : ਰਾਘਵ ਚੱਢਾ

0
286

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਮੌਜੂਦਾ ਸਰਦ ਰੁੱਤ ਸੈਸ਼ਨ ਵਿੱਚ ਲਗਾਤਾਰ ਪੰਜਾਬ ਨਾਲ ਜੁੜੇ ਅਹਿਮ ਮੁੱਦੇ ਅਤੇ ਮੰਗਾਂ ਨੂੰ ਸੰਸਦ ਵਿੱਚ ਉਠਾ ਰਹੇ ਹਨ | ਸੋਮਵਾਰ ਨੂੰ ਉਨ੍ਹਾ ਪੰਜਾਬ ਦੀ ਲੰਮੇ ਸਮੇਂ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਦੀ ਮੰਗ ਨੂੰ ਸਦਨ ਅੱਗੇ ਰੱਖਿਆ | ਚੱਢਾ ਨੇ ਪੰਜਾਬ ਤੋਂ ਅੰਤਰਰਾਸ਼ਟਰੀ ਉਡਾਨਾਂ ਵਧਾਉਣ ਦੀ ਮੰਗ ਕਰਦਿਆਂ ਰਾਜ ਸਭਾ ਵਿੱਚ ਕਿਹਾ ਕਿ ਇਹ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੀ ਬਹੁਤ ਹੀ ਮਹੱਤਵਪੂਰਨ ਸਮੱਸਿਆ ਹੈ ਅਤੇ ਸੂਬੇ ਦੇ ਵਿਕਾਸ ਦੇ ਮੱਦੇਨਜ਼ਰ ਇਸ ‘ਤੇ ਤੁਰੰਤ ਧਿਆਨ ਦੇਣ ਅਤੇ ਹੱਲ ਕਰਨ ਦੀ ਲੋੜ ਹੈ | ਉਹਨਾ ਕਿਹਾ, ‘ਪੰਜਾਬੀ ਦੁਨੀਆ ਦੇ ਵੱਡੇ-ਵੱਡੇ ਦੇਸ਼ਾਂ ਵਿੱਚ ਵਸਦੇ ਹਨ, ਕੈਨੇਡਾ, ਅਮਰੀਕਾ, ਇੰਗਲੈਂਡ, ਨਿਊ ਜ਼ੀਲੈਂਡ, ਅਸਟ੍ਰੇਲੀਆ, ਪਰ ਪੰਜਾਬ ਦੀ ਇਨ੍ਹਾਂ ਸਾਰੇ ਦੇਸ਼ਾਂ ਨਾਲ ਅੰਤਰਰਾਸ਼ਟਰੀ ਕਨੈਕਟੀਵਿਟੀ ਬਹੁਤ ਖਰਾਬ ਹੈ |’ ਪੰਜਾਬ ਵਿੱਚ ਦੋ ਅੰਤਰਰਾਸ਼ਟਰੀ ਹਵਾਈ ਅੱਡੇ ਹਨ, ਅੰਮਿ੍ਤਸਰ ਅਤੇ ਮੁਹਾਲੀ, ਪਰ ਇਹ ਦੋਵੇਂ ਸਿਰਫ ਨਾਂਅ ਦੇ ਹੀ ਅੰਤਰਰਾਸ਼ਟਰੀ ਹਨ, ਕਿਉਂਕਿ ਇੱਥੇ ਕਿਸੇ ਵੀ ਵੱਡੀ ਅੰਤਰਰਾਸ਼ਟਰੀ ਏਅਰਲਾਈਨਜ਼ ਦੇ ਜਹਾਜ਼ ਨਹੀਂ ਆਉਂਦੇ ਅਤੇ ਅੰਤਰਰਾਸ਼ਟਰੀ ਉਡਾਨਾਂ ਦੀ ਗਿਣਤੀ ਵੀ ਨਾਂਹ ਦੇ ਬਰਾਬਰ ਹੈ |
ਚੱਢਾ ਨੇ ਕਿਹਾ ਕਿ ਜਿਹੜੀਆਂ ਕੁਝ ਅੰਤਰਰਾਸ਼ਟਰੀ ਉਡਾਨਾਂ ਇੱਥੋਂ ਜਾਂਦੀਆਂ ਹਨ, ਉਨ੍ਹਾਂ ਦੀ ਗਿਣਤੀ ਅਤੇ ਆਵਿਰਤੀ ਐਨੀ ਘੱਟ ਹੈ ਕਿ ਲੋਕਾਂ ਨੂੰ ਇਨ੍ਹਾਂ ਦੀ ਕੋਈ ਸੁਵਿਧਾ ਨਹੀਂ | ਅੱਜ ਪੰਜਾਬੀ ਵੱਡੇ-ਵੱਡੇ ਦੇਸ਼ਾਂ ਦੀ ਅਰਥ ਵਿਵਸਥਾ ਚਲਾ ਰਹੇ ਹਨ ਅਤੇ ਪੰਜਾਬ ਤੋਂ ਸਿੱਧੀ ਅੰਤਰਰਾਸ਼ਟਰੀ ਹਵਾਈ ਉਡਾਨਾਂ ਦੀ ਘਾਟ ਉਨ੍ਹਾਂ ਲਈ ਇੱਕ ਵੱਡੀ ਸਮੱਸਿਆ ਹੈ | ਵਰਤਮਾਨ ਵਿੱਚ ਅੰਮਿ੍ਤਸਰ ਤੋਂ ਕਤਰ, ਯੂ ਏ ਈ, ਮਲੇਸ਼ੀਆ, ਸਿੰਗਾਪੁਰ, ਤੁਰਕਮੇਨਿਸਤਾਨ, ਉਜ਼ਬੇਕਿਸਤਾਨ ਅਤੇ ਯੂ ਕੇ ਆਦਿ ਲਈ ਪੰਜਾਬ ਤੋਂ ਸਿੱਧੀਆਂ ਉਡਾਨਾਂ ਚਲਦੀਆਂ ਹਨ, ਪਰ ਪੰਜਾਬ ਤੋਂ ਵਿਦੇਸ਼ ਵੱਡੀ ਗਿਣਤੀ ਵਿੱਚ ਆਉਂਦੇ-ਜਾਂਦੇ ਲੋਕਾਂ ਦੇ ਮੱਦੇਨਜ਼ਰ ਹੋਰ ਉਡਾਨਾਂ ਅਤੇ ਇਨ੍ਹਾਂ ਉਡਾਨਾਂ ਦੀ ਗਿਣਤੀ ਵਧਾਉਣ ਦੀ ਲੋੜ ਹੈ |
ਇਸ ਤੋਂ ਪਹਿਲਾਂ ਵੀ ਪੰਜਾਬ ਦੀ ‘ਆਪ’ ਸਰਕਾਰ ਭਾਰਤ ਸਰਕਾਰ ਤੋਂ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਨਾਂ ਮੁੜ ਸ਼ੁਰੂ ਕਰਨ ਦੀ ਅਪੀਲ ਕਰ ਚੁੱਕੀ ਹੈ |

LEAVE A REPLY

Please enter your comment!
Please enter your name here