ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਆਉਂਦੀ 6 ਜੂਨ ਨੂੰ ਮਨਾਏ ਜਾ ਰਹੇ ‘ਘੱਲੂਘਾਰਾ ਦਿਵਸ’ ਤੋਂ ਪਹਿਲਾਂ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜਾ ਲਿਆ | ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਭਰ ‘ਚ 6 ਜੂਨ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਆਖਿਆ | ਉਨ੍ਹਾ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ ‘ਤੇ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ | ਮਾਨ ਨੇ ਸਪੱਸ਼ਟ ਸ਼ਬਦਾਂ ‘ਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸ਼ਾਂਤਮਈ ਅਤੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰਨ ਤੌਰ ‘ਤੇ ਵਚਨਬੱਧ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਪ੍ਰਤੀ ਸਖਤੀ ਨਾਲ ਨਿਪਟਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਸੂਬੇ ਦੀ ਅਮਨ-ਸ਼ਾਂਤੀ ਵਿਚ ਵਿਘਨ ਪਾਉਣ ਦੇ ਮਨਸੂਬੇ ਘੜ ਰਹੀਆਂ ਹਨ | ਉਹਨਾ ਕਿਹਾ ਕਿ ਉਨ੍ਹਾ ਦੀ ਸਰਕਾਰ ਅਜਿਹੇ ਕਿਸੇ ਵੀ ਨਾਪਾਕ ਮਨਸੂਬੇ ਨੂੰ ਸਫਲ ਨਹੀਂ ਹੋਣ ਦੇਵੇਗੀ | ਪੰਜਾਬ ਪੁਲਸ ਨੂੰ ਪਹਿਲਾਂ ਹੀ ਹਾਈ ਅਲਰਟ (ਚੌਕਸ ਰਹਿਣ) ‘ਤੇ ਰੱਖਿਆ ਗਿਆ ਹੈ ਅਤੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਕੇਂਦਰੀ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ | ਪੰਜਾਬੀਆਂ ਨੂੰ ਸੂਬੇ ਵਿੱਚ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਸੂਬੇ ਨੂੰ ਕਾਲੇ ਦਿਨਾਂ ‘ਚ ਧੱਕਣ ਦੀਆਂ ਸਾਰੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਕੇ ਕਰੜਾ ਸਬਕ ਸਿਖਾਉਣ ਦੀ ਅਪੀਲ ਕੀਤੀ ਹੈ |





