ਚੰਡੀਗੜ੍ਹ : ਗ੍ਰੇਟਰ ਮੁਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਨੇ ਨਾਜਾਇਜ਼ ਉਸਾਰੀਆਂ ਵਿਰੁੱਧ ਵਿੱਢੀ ਮੁਹਿੰਮ ਤੇਜ਼ ਕਰ ਦਿੱਤੀ ਹੈ | ਇਹ ਮੁਹਿੰਮ ਪਿਛਲੇ ਮਹੀਨੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਸੀ | ਸਥਾਨਕ ਵਿਧਾਇਕ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ 19 ਨਵੰਬਰ ਨੂੰ ਹੋਈ ਮੀਟਿੰਗ ਦੌਰਾਨ ਨਾਜਾਇਜ਼ ਉਸਾਰੀਆਂ ਅਤੇ ਕਬਜ਼ਿਆਂ ਦਾ ਮਾਮਲਾ ਮੰਤਰੀ ਦੇ ਧਿਆਨ ‘ਚ ਲਿਆਂਦਾ ਗਿਆ ਸੀ | ਉਨ੍ਹਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਗਮਾਡਾ ਦੇ ਰੈਗੂਲੇਟਰੀ ਵਿੰਗ ਨੇ ਲੜੀਵਾਰ ਮੁਹਿੰਮ ਚਲਾ ਕੇ ਵੱਖ-ਵੱਖ ਖੇਤਰਾਂ ‘ਚ ਨਾਜਾਇਜ਼ ਉਸਾਰੀਆਂ ਢਾਹ ਦਿੱਤੀਆਂ ਹਨ | ਗਮਾਡਾ ਨੇ ਪਿੰਡ ਝਾਮਪੁਰ ਵਿਖੇ ਨੀਂਹ ਜਾਂ ਪਲਿੰਥ ਪੱਧਰ ‘ਤੇ ਘੱਟੋ-ਘੱਟ 50 ਢਾਂਚੇ ਅਤੇ ਕੁਝ ਸੁਪਰਸਟਰੱਕਚਰ ਨੂੰ ਹਟਾਉਣ ਤੋਂ ਇਲਾਵਾ ਸੈਕਟਰ-87 ‘ਚ ਇੱਕ ਕਨਾਲ ਖੇਤਰ ‘ਚ ਬਣੇ ਚਾਰ ਆਰਜ਼ੀ ਢਾਂਚੇ ਢਾਹੇ ਹਨ | ਬਲੌਂਗੀ ਵਿਖੇ ਸੁਪਰਸਟਰੱਕਚਰ ਵਾਲੇ ਚਾਰ ਅਣ-ਅਧਿਕਾਰਤ ਉਸਾਰੀ ਅਧੀਨ ਮਕਾਨਾਂ ਨੂੰ ਢਾਹਿਆ ਗਿਆ ਹੈ | ਇਸ ਦੇ ਨਾਲ ਹੀ ਤਿੰਨ ਏਕੜ ‘ਚ ਬਣੇ 12 ਗੈਰ-ਕਾਨੂੰਨੀ ਸੂਰ ਫਾਰਮਾਂ ਅਤੇ ਪੋਲਟਰੀ ਫਾਰਮਾਂ ਨੂੰ ਵੀ ਹਟਾਇਆ ਗਿਆ ਹੈ |
ਅਰੋੜਾ ਨੇ ਕਿਹਾ ਕਿ ਸਰਕਾਰ ਸ਼ਹਿਰੀ ਖੇਤਰਾਂ ‘ਚ ਅੱਤ-ਆਧੁਨਿਕ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ |





