ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ | ਇਸੇ ਦਿਸ਼ਾ ‘ਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ | ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੋਗਾ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ 26 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ, ਜਿੱਥੇ ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਆਦਿ ਜ਼ਿਲਿ੍ਹਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕਰਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ |ਉਨ੍ਹਾਂ ਦੱਸਿਆ ਕਿ 30 ਦਸੰਬਰ ਨੂੰ ਅੰਮਿ੍ਤਸਰ ਵਿਖੇ ਅੰਮਿ੍ਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲਿ੍ਹਆਂ ਨੂੰ ਮਿਲਣੀ ਸਮਾਗਮਾਂ ਤਹਿਤ ਕਵਰ ਕੀਤਾ ਜਾਵੇਗਾ, ਜਿਨ੍ਹਾਂ ਲਈ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ ‘ਤੇ ਰਜਿਸਟਰੇਸ਼ਨ ਕਰਵਾ ਸਕਦੇ ਹਨ | ਸ੍ਰੀ ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ‘ਚ ਨਿਪਟਾਰਾ ਕੀਤੇ ਜਾਣ ਲਈ ਪੰਜਾਬ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ |ਉਨ੍ਹਾਂ ਦੱਸਿਆ ਕਿ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀ ਸਮਾਗਮ ਕਰਵਾਏਗੀ | ਧਾਲੀਵਾਲ ਨੇ ਦੱਸਿਆ ਕਿ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ‘ਚ ਮੰਤਰੀਆਂ ਦੇ ਦਫ਼ਤਰਾਂ ‘ਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲਿ੍ਹਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ |




