ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਬੰਦ ਕਰਨ ਦੀ ਹਮਾਇਤ ਕੀਤੀ ਹੈ | ਇਹ ਸਾਰੇ ਟੋਲ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬੰਦ ਰਹਿਣਗੇ | ਜਥੇਬੰਦੀ ਨੇ ਇਹ ਫੈਸਲਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਮੰਗ ਪੱਤਰ ਨਾਲ ਸਹਿਮਤ ਹੁੰਦਿਆਂ ਲਿਆ ਹੈ | ਜਥੇਬੰਦੀ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਜਿਨ੍ਹਾਂ ਮੰਗਾਂ ‘ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਸੰਘਰਸ਼ ਕਰ ਰਹੀ ਹੈ, ਉਨ੍ਹਾਂ ਨੂੰ ਮੰਨਦਿਆਂ ਪੰਜਾਬ ਦੇ ਸਾਰੇ ਟੋਲ ਮੁਫਤ ਕੀਤੇ ਜਾਣਗੇ | ਉਨ੍ਹਾ ਕਿਸਾਨਾਂ ਨੂੰ ਟੋਲ ਨਾਕਿਆਂ ‘ਤੇ ਦਿੱਤੇ ਜਾ ਰਹੇ ਧਰਨੇ ‘ਚ ਵੱਡੀ ਗਿਣਤੀ ‘ਚ ਪੁੱਜਣ ਦੀ ਅਪੀਲ ਕੀਤੀ ਹੈ, ਤਾਂ ਜੋ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀਆਂ ਮੰਗਾਂ ਦੀ ਪੁਰਜ਼ੋਰ ਹਮਾਇਤ ਕੀਤੀ ਜਾ ਸਕੇ | ਕਮੇਟੀ ਸੂਬਾ ਸਰਕਾਰ ਤੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ, ਫਸਲਾਂ ਦੇ ਲਾਹੇਵੰਦ ਭਾਅ ਦੇਣ ਅਤੇ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਸਮੇਤ ਹੋਰ ਕਈ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕਰ ਰਹੀ ਹੈ |