ਚੰਡੀਗੜ੍ਹ (ਗੁਰਜੀਤ ਬਿੱਲਾ)-ਸੂਬੇ ‘ਚ ਨਸ਼ਿਆਂ ਦੀ ਲਾਹਨਤ ਖਿਲਾਫ ਜੰਗ ਹੋਰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਦੇ ਘਿਨਾਉਣੇ ਜੁਰਮ ‘ਚ ਸ਼ਾਮਲ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਦਿੱਤੇ ਹਨ | ਸੂਬੇ ‘ਚ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਦੀ ਦਿ੍ੜ੍ਹ ਵਚਨਬੱਧਤਾ ਦੁਹਰਾਈ | ਉਨ੍ਹਾ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਪਹਿਲਾਂ ਹੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾ ਦਿੱਤਾ ਹੈ | ਉਨ੍ਹਾ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਤੁਰੰਤ ਇਨ੍ਹਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ | ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਾਨੂੰਨ ਵਿਚ ਲੋੜੀਂਦੀ ਸੋਧ ਕਰਨ ਦੀ ਲੋੜ ਹੋਈ ਤਾਂ ਤੁਰੰਤ ਕੀਤੀ ਜਾਵੇਗੀ | ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਪੁਲਸ ਅਧਿਕਾਰੀ ਦੇ ਅਧਿਕਾਰ ਖੇਤਰ ਵਿਚ ਨਸ਼ੇ ਦੀ ਵਿਕਰੀ ਦਾ ਮਾਮਲਾ ਸਾਹਮਣੇ ਆਇਆ ਤਾਂ ਇਸ ਕੁਤਾਹੀ ਲਈ ਉਹ ਅਧਿਕਾਰੀ ਹੀ ਜੁਆਬਦੇਹ ਹੋਵੇਗਾ | ਮਾਨ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਅਧਿਕਾਰੀਆਂ ਖਿਲਾਫ ਵੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ |
ਫਸਲਾਂ ਤੇ ਬੀਜਾਂ ਬਾਰੇ ਤਿਆਰੀਆਂ ਦਾ ਜਾਇਜ਼ਾ
ਚੰਡੀਗੜ੍ਹ : ਮੁੱਖ ਮੰਤਰੀ ਨੇ ਸੂਬੇ ਵਿਚ ਅਗਾਮੀ ਸਾਉਣੀ ਰੁੱਤ ਦੀਆਂ ਫਸਲਾਂ ਅਤੇ ਬੀਜਾਂ ਬਾਰੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਅਫਸਰਾਂ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਫਸਰਾਂ ਨਾਲ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵਚਨਬੱਧ ਹੈ | ਉਨ੍ਹਾ ਕਿਹਾ ਕਿ ਇਸ ਮਨੋਰਥ ਲਈ ਕਿਸਾਨਾਂ ਦੀ ਆਮਦਨ ਵਧਾਉਣ ‘ਤੇ ਵਧੇਰੇ ਧਿਆਨ ਦਿੱਤਾ ਜਾਣਾ ਚਾਹੀਦਾ ਹੈ | ਉਹਨਾ ਕਿਹਾ ਕਿ ਇਸ ਨੂੰ ਯਕੀਨੀ ਬਣਾਉਣ ਲਈ ਸੂਬੇ ਵਿਚ ਫਸਲੀ ਵਿਭਿੰਨਤਾ ‘ਤੇ ਵੱਧ ਜ਼ੋਰ ਦਿੱਤਾ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਸੂਬਾ ਸਰਕਾਰ ਕਿਸਾਨਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਕੇ ਸਲਾਹ-ਮਸ਼ਵਰਾ ਕਰੇਗੀ | ਉਨ੍ਹਾ ਕਿਹਾ ਕਿ ਅਗਲੀ ਫਸਲ ਦੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਉਹਨਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਕਿਹਾ ਕਿ ਉਹ ਕਿਸਾਨਾਂ ਤੱਕ ਸਿੱਧੀ ਪਹੁੰਚ ਕਰਕੇ ਉਨ੍ਹਾ ਨਾਲ ਗੱਲਬਾਤ ਕਰਨ ਅਤੇ ਇਸ ਸੰਬੰਧ ਵਿਚ ਸੁਝਾਅ ਹਾਸਲ ਕਰਨ |





