ਮਿਲਕਫੈੱਡ ਤੇ ਮਿਲਕ ਯੂਨੀਅਨਾਂ ‘ਚ 500 ਅਸਾਮੀਆਂ ਭਰਨ ਨੂੰ ਹਰੀ ਝੰਡੀ

0
239

ਚੰਡੀਗੜ੍ਹ (ਗੁਰਜੀਤ ਬਿੱਲਾ) -ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸ਼ੁੱਕਰਵਾਰ ਮਿਲਕਫੈੱਡ ਅਤੇ ਇਸ ਨਾਲ ਸੰਬੰਧਤ ਮਿਲਕ ਯੂਨੀਅਨਾਂ ਵਿਚ ਗਰੁੱਪ ਸੀ ਤੇ ਡੀ ਦੀਆਂ 500 ਅਸਾਮੀਆਂ ਸਿੱਧੀ ਭਰਤੀ ਰਾਹੀਂ ਭਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ |
ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਦਾ ਫੈਸਲਾ ਸਟਾਫ ਦੀ ਕਮੀ ਦੂਰ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ ਤਾਂ ਕਿ ਮਿਲਕਫੈੱਡ ਤੇ ਇਸ ਨਾਲ ਸੰਬੰਧਤ ਮਿਲਕ ਯੂਨੀਅਨਾਂ ਦੇ ਕੰਮਕਾਜ ਨੂੰ ਹੋਰ ਵਧੇਰੇ ਸੁਚਾਰੂ ਬਣਾਇਆ ਜਾ ਸਕੇ | ਇਸ ਕਦਮ ਨਾਲ ਦੁੱਧ ਉਤਪਾਦਕਾਂ ਤੇ ਕਿਸਾਨਾਂ ਨੂੰ ਲਾਭ ਹੋਵੇਗਾ, ਕਿਉਂ ਜੋ ਇਸ ਨਾਲ ਦੁੱਧ ਤੋਂ ਹੋਰ ਵਸਤਾਂ ਤਿਆਰ ਕਰਨ ਦੇ ਨਾਲ-ਨਾਲ ਉਤਪਾਦਨ ਦੀ ਪ੍ਰਭਾਵੀ ਮਾਰਕੀਟਿੰਗ ਰਾਹੀਂ ਦੁੱਧ ਮਾਰਕੀਟ ਨੂੰ ਹੋਰ ਵਧੇਰੇ ਅਸਰਦਾਰ ਬਣਾਇਆ ਜਾ ਸਕੇਗਾ | ਇਸੇ ਤਰ੍ਹਾਂ ਇਸ ਨਾਲ ਦੁੱਧ ਅਤੇ ਮਿਲਕਫੈੱਡ ਵੱਲੋਂ ਦੁੱਧ ਤੋਂ ਤਿਆਰ ਹੁੰਦੀਆਂ ਵਸਤਾਂ ਦੀ ਗੁਣਵੱਤਾ ਸੁਧਾਰਨ ਨਾਲ ਖਪਤਕਾਰਾਂ ਨੂੰ ਵੱਡੀ ਸਹੂਲਤ ਮਿਲੇਗੀ |
ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ
ਸੂਬਾ ਭਰ ਵਿਚ ਸਰਕਾਰੀ ਸਕੂਲਾਂ ਦੀ ਚੰਗੀ ਸਾਂਭ-ਸੰਭਾਲ ਲਈ ਮੰਤਰੀ ਮੰਡਲ ਨੇ ਸੂਬਾ ਪੱਧਰ ਉਤੇ ਸਕੀਮ ਨੂੰ ਲਾਗੂ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਕਿ ਸਰਕਾਰੀ ਸਕੂਲਾਂ ਦੀ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ | ਇਸ ਸਕੀਮ ਤਹਿਤ ਸਕੂਲ ਕੈਂਪਸ ਦੀ ਸਾਫ-ਸਫਾਈ, ਸੁਰੱਖਿਆ ਅਤੇ ਸੁਚਾਰੂ ਪ੍ਰਸ਼ਾਸਨ ਚਲਾਉਣ ਲਈ ਫੰਡ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣਗੇ | ਇਸ ਨਾਲ ਸਕੂਲ ਪ੍ਰਸ਼ਾਸਨ ਨੂੰ ਸਕੂਲਾਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਚਲਾਉਣ ਵਿਚ ਮਦਦ ਮਿਲੇਗੀ ਤਾਂ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ |
ਵਾਹਨਾਂ ਦੇ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਜ਼ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ ਦੇ ਸੰਦਰਭ ਵਿਚ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ-1924 ਦੀ ਧਾਰਾ 13 (3) ਅਧੀਨ ਨਵੀਆਂ ਗੱਡੀਆਂ ਦੀ ਖਰੀਦ ਮੌਕੇ ਛੋਟ ਦੇਣ ਦਾ ਫੈਸਲਾ ਕੀਤਾ | ਇਸ ਦੇ ਤਹਿਤ ਮੋਟਰ ਵਹੀਕਲ ਟੈਕਸ ਵਿਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫੀਸਦੀ ਅਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫੀਸਦੀ ਤੱਕ ਛੋਟ ਮਿਲੇਗੀ | ਵਾਤਾਵਰਣ ਪੱਖੀ ਫੈਸਲੇ ਨਾਲ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਉਠਾ ਸਕਦੇ ਹਨ | ਇਸ ਦੇ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖਰੀਦ ਕੀਤੀ ਜਾਵੇਗੀ | ਇਸ ਉਪਰੰਤ ਸਕਰੈਪਰ ਵੱਲੋਂ ਵਾਹਨ ਦੇ ਮਾਲਕ ਨੂੰ ਸਰਟੀਫਿਕੇਟ ਆਫ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫਿਕੇਟ) ਜਾਰੀ ਕੀਤਾ ਜਾਵੇਗਾ, ਜਿਸ ਨੂੰ ਗੱਡੀ ਮਾਲਕ ਵੱਲੋਂ ਸੰਬੰਧਤ ਲਾਇਸੰਸਿੰਗ ਅਥਾਰਟੀ ਕੋਲੋਂ ਜਮ੍ਹਾਂ ਕਰਵਾਉਣ ਉਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ਵਿਚ ਬਣਦੀ ਛੋਟ ਦਿੱਤੀ ਜਾਵੇਗੀ |
ਵਿਦਿਅਕ ਯੋਗਤਾ ‘ਚ ਸੋਧ : ਇਕ ਹੋਰ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਸਿਹਤ ਤੇ ਪਰਵਾਰ ਭਲਾਈ ਵਿਭਾਗ ਦੇ ਪੰਜਾਬ ਹੈਲਥ ਐਂਡ ਫੈਮਲੀ ਵੈੱਲਫੇਅਰ ਟੈਕਨੀਕਲ (ਗਰੁੱਪ-ਬੀ) ਸਰਵਿਸ ਰੂਲਜ਼-2018 ਵਿਚ ਸਿਸਟਰ ਟਿਊਟਰ ਦੀ ਅਸਾਮੀ ਲਈ ਸਿੱਧੀ ਭਰਤੀ ਅਤੇ ਪਦ-ਉਨਤੀ ਲਈ ਵਿਦਿਅਕ ਯੋਗਤਾ ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ | ਕੈਬਨਿਟ ਦੇ ਫੈਸਲੇ ਮੁਤਾਬਕ ਸਿਸਟਰ ਟਿਊਟਰ ਦੀ ਅਸਾਮੀ ਲਈ ਸਿੱਧੀ ਭਰਤੀ ਵਾਸਤੇ ਵਿਦਿਅਕ ਯੋਗਤਾ ਐੱਮ.ਅੱੈਸ ਸੀ (ਨਰਸਿੰਗ) ਹੋਵੇਗੀ | ਇਸੇ ਤਰ੍ਹਾਂ ਸਿਸਟਰ ਟਿਊਟਰ ਵਜੋਂ ਪਦ-ਉਨਤੀ ਲਈ ਵਿਦਿਅਕ ਯੋਗਤਾ ਬੀ.ਐੱਸ ਸੀ. (ਨਰਸਿੰਗ) ਦੇ ਨਾਲ ਸਟਾਫ ਨਰਸ (ਗਰੁੱਪ-ਸੀ) ਵਜੋਂ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਣਾ ਜ਼ਰੂਰੀ ਹੋਵੇਗਾ |
ਅਖਤਿਆਰੀ ਗਰਾਂਟਾਂ ਵੰਡਣ ਲਈ ਨੀਤੀ ਪ੍ਰਵਾਨ : ਮੰਤਰੀ ਮੰਡਲ ਨੇ ਪੰਜਾਬ ਵਿਚ ਮੌਜੂਦਾ ਬੁਨਿਆਦੀ ਢਾਂਚੇ, ਵਾਤਾਵਰਨ ਵਿਚ ਸੁਧਾਰ ਅਤੇ ਗਰੀਬਾਂ ਦੀਆਂ ਮੁਢਲੀਆਂ ਲੋੜਾਂ ਦੀ ਪੂਰਤੀ ਲਈ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਵੱਲੋਂ ਅਖਤਿਆਰੀ ਗਰਾਂਟਾਂ ਦੀ ਵੰਡ ਲਈ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਇਸ ਫੈਸਲੇ ਅਨੁਸਾਰ ਵਿੱਤੀ ਸਾਲ ਵਿਚ ਮੁੱਖ ਮੰਤਰੀ ਦਾ ਅਖਤਿਆਰੀ ਕੋਟਾ 5 ਕਰੋੜ ਰੁਪਏ, ਜਦਕਿ ਹਰੇਕ ਕੈਬਨਿਟ ਮੰਤਰੀ ਦਾ ਅਖਤਿਆਰੀ ਕੋਟਾ 1.50 ਕਰੋੜ ਰੁਪਏ ਹੋਵੇਗਾ |
ਨਾਂਅ ਬਦਲੀ : ਉੱਚ ਸਿੱਖਿਆ ਬਾਰੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਸੂਬੇ ਦੀਆਂ ਉਚੇਰੀ ਸਿੱਖਿਆ ਸੰਸਥਾਵਾਂ ਵਿਚਾਲੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਕੈਬਨਿਟ ਨੇ ਡਾਇਰੈਕਟੋਰੇਟ ਆਫ ਪਬਲਿਕ ਇੰਸਟ੍ਰਕਸ਼ਨਜ਼ (ਕਾਲਜਾਂ), ਪੰਜਾਬ ਦਾ ਨਾਂਅ ਬਦਲ ਕੇ ਡਾਇਰੈਕਟੋਰੇਟ ਆਫ ਹਾਇਰ ਐਜੂਕੇਸ਼ਨ, ਪੰਜਾਬ ਕਰਨ ਦਾ ਫੈਸਲਾ ਕੀਤਾ ਹੈ | ਇਸੇ ਤਰ੍ਹਾਂ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨਜ਼ (ਕਾਲਜਾਂ) ਦੇ ਅਹੁਦੇ ਦਾ ਨਾਂਅ ਵੀ ਡਾਇਰੈਕਟਰ ਹਾਇਰ ਐਜੂਕੇਸ਼ਨ, ਪੰਜਾਬ ਵਿੱਚ ਤਬਦੀਲ ਹੋ ਜਾਵੇਗਾ | ਇਸ ਫੈਸਲੇ ਨਾਲ ਸੂਬੇ ਦੇ ਉਚੇਰੀ ਸਿੱਖਿਆ ਵਿਭਾਗ, ਕਾਲਜਾਂ, ਯੂਨੀਵਰਸਿਟੀਆਂ ਅਤੇ ਕੇਂਦਰ ਦੀਆਂ ਸਹਾਇਤਾ ਪ੍ਰਾਪਤ ਏਜੰਸੀਆਂ ਵਿਚਾਲੇ ਬਿਹਤਰ ਤਾਲਮੇਲ ਯਕੀਨੀ ਬਣੇਗਾ | ਜ਼ਿਕਰਯੋਗ ਹੈ ਕਿ ਡਾਇਰੈਕਟੋਰੇਟ ਆਫ ਪਬਲਿਕ ਇੰਸਟ੍ਰਕਸ਼ਨਜ਼ (ਕਾਲਜਾਂ) ਦੀ ਸਥਾਪਨਾ ਅਸਲ ਵਿੱਚ ਪੰਜਾਬ ਦੀ ਵੰਡ ਤੋਂ ਪਹਿਲਾਂ 1856 ਵਿੱਚ ਕੀਤੀ ਗਈ ਸੀ ਅਤੇ ਇਹ ਸ਼ੁਰੂ ਵਿੱਚ ਲਾਹੌਰ ਤੋਂ ਕੰਮਕਾਜ ਕਰਦਾ ਸੀ | 1966 ਵਿੱਚ ਪੰਜਾਬ ਦੀ ਵੰਡ ਤੋਂ ਬਾਅਦ ਇਸ ਨੇ ਚੰਡੀਗੜ੍ਹ ਤੋਂ ਕੰਮ ਕਰਨਾ ਸ਼ੁਰੂ ਕੀਤਾ ਸੀ |
ਮੁਫਤ ਤੇ ਲਾਜ਼ਮੀ ਸਿੱਖਿਆ : ਸਿੱਖਿਆ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਨੇ ਪੰਜਾਬ ਰਾਹੀਂ ਬੱਚਿਆਂ ਨੂੰ ਮੁਫਤ ਤੇ ਲਾਜ਼ਮੀ ਸਿੱਖਿਆ ਨਿਯਮ, 2011 ਦੇ ਨਿਯਮ 13 ਦੇ ਉਪ ਨਿਯਮ 4 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਤਾਂ ਕਿ ਸਕੂਲ ਮੈਨੇਜਮੈਂਟ ਕਮੇਟੀਆਂ ਵਿੱਚ ਦੋ ਹੋਰ ਮੈਂਬਰ ਸ਼ਾਮਲ ਕੀਤੇ ਜਾ ਸਕਣ | ਇਨ੍ਹਾਂ ਵਿੱਚੋਂ ਇਕ ਮੈਂਬਰ ਸੰਬੰਧਤ ਸਕੂਲ ਦੇ ਆਸ-ਪਾਸ ਰਹਿਣ ਵਾਲਾ ਸਮਾਜ ਸੇਵਾ ਅਤੇ ਦੂਜਾ ਮੈਂਬਰ ਕੋਈ ਸਿੱਖਿਆ ਸ਼ਾਸਤਰੀ ਹੋਵੇਗਾ, ਜਿਸ ਨੂੰ ਵਿਸ਼ੇਸ਼ ਇਨਵਾਇਟੀ ਵਜੋਂ ਸ਼ਾਮਲ ਕੀਤਾ ਜਾਵੇਗਾ | ਉਸ ਵਿਅਕਤੀ ਨੇ ਯੂਨੀਵਰਸਿਟੀ, ਕਾਲਜ, ਸਕੂਲ ਜਾਂ ਕਿਸੇ ਹੋਰ ਵਿੱਦਿਅਕ ਸੰਸਥਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਅਧਿਆਪਨ ਦੀ ਅਸਾਮੀ ਉਤੇ ਕੰਮ ਕੀਤਾ ਹੋਵੇ ਜਾਂ ਗਰੁੱਪ-ਏ ਸਰਵਿਸ ਤੋਂ ਸੇਵਾਮੁਕਤ ਕੋਈ ਹੋਰ ਸਰਕਾਰੀ ਕਰਮਚਾਰੀ ਹੋਵੇਗਾ | ਹਾਲਾਂਕਿ ਅਜਿਹੇ ਮੈਂਬਰਾਂ ਨੂੰ ਵੋਟ ਪਾਉਣ ਦਾ ਕੋਈ ਅਧਿਕਾਰ ਨਹੀਂ ਹੋਵੇਗਾ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਜਾਂ ਉਪ-ਚੇਅਰਪਰਸਨ ਵਜੋਂ ਚੁਣੇ ਜਾਣ ਦੇ ਯੋਗ ਨਹੀਂ ਹੋਣਗੇ |
ਸਿੱਖਿਆ ਵਿਭਾਗ ਦੇ ਨਿਯਮਾਂ ਵਿੱਚ ਸੋਧ : ਕੈਬਨਿਟ ਨੇ ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਜਨਰਲ ਕੇਡਰ) ਗਰੁੱਪ ਏ ਸਰਵਿਸ ਨਿਯਮ, 2018, ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਬਾਰਡਰ ਏਰੀਆ ਗਰੁੱਪ ਏ ਸਰਵਿਸ ਨਿਯਮ, 2018), ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਜਨਰਲ ਕਾਡਰ) ਗਰੁੱਪ ਬੀ ਸਰਵਿਸ ਨਿਯਮ, 2018 ਅਤੇ ਪੰਜਾਬ ਐਜੂਕੇਸ਼ਨਲ ਸਰਵਿਸ (ਸਕੂਲ ਐਂਡ ਇੰਸਪੈਕਸ਼ਨ ਬਾਰਡਰ ਏਰੀਆ ਗਰੁੱਪ ਬੀ ਸੇਵਾ ਨਿਯਮ, 2018) ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ, ਜਿਸ ਤਹਿਤ ਪਿ੍ੰਸੀਪਲਾਂ ਤੇ ਹੈੱਡ ਮਾਸਟਰਾਂ ਦੀ ਆਸਾਮੀ ਲਈ ਸਿੱਧੀ ਭਰਤੀ ਵਾਸਤੇ ਯੋਗਤਾ ਵਿੱਚ ਤਬਦੀਲੀ ਕੀਤੀ ਗਈ ਹੈ ਤਾਂ ਜੋ ਖੇਤੀਬਾੜੀ ਮਾਸਟਰ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਪਿ੍ੰਸੀਪਲਾਂ ਤੇ ਹੈੱਡ ਮਾਸਟਰਾਂ ਦੀ ਸਿੱਧੀ ਭਰਤੀ ਦੀਆਂ ਆਸਾਮੀਆਂ ਲਈ ਬਿਨੈ ਕਰ ਸਕਣ |ਪੰਜਾਬ ਸਿਵਲ ਸਕੱਤਰੇਤ (ਆਮ ਰਾਜ ਪ੍ਰਬੰਧ) ਵਿੱਚ ਸੇਵਾਦਾਰਾਂ ਤੇ ਚੌਕੀਦਾਰਾਂ ਦੀ ਘਾਟ ਦੇ ਮੱਦੇਨਜ਼ਰ ਕੈਬਨਿਟ ਨੇ ਪੰਜਾਬ ਸਿਵਲ ਸਕੱਤਰੇਤ ਵਿੱਚ ਸੇਵਾਦਾਰਾਂ ਦੀਆਂ 150 ਤੇ ਚੌਕੀਦਾਰਾਂ ਦੀਆਂ 23 ਆਸਾਮੀਆਂ ਬਦਲੀ ਦੀ ਵਿਧੀ ਰਾਹੀਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ ਤਾਂ ਜੋ ਸਕੱਤਰੇਤ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਇਆ ਜਾ ਸਕੇ | ਕੈਬਨਿਟ ਨੇ ਜ਼ਿਲ੍ਹਾ ਦਿਹਾਤੀ ਵਿਕਾਸ ਏਜੰਸੀਆਂ (ਡੀ.ਆਰ.ਡੀ.ਏਜ਼) ਨੂੰ ਭੰਗ ਕਰਨ ਅਤੇ ਇਨ੍ਹਾਂ ਦੇ 44 ਸਟਾਫ ਮੈਂਬਰਾਂ ਨੂੰ ਜ਼ਿਲ੍ਹਾ ਪ੍ਰੀਸ਼ਦਾਂ/ਪੰਚਾਇਤ ਸਮਿਤੀਆਂ ਵਿੱਚ ਡਾਇੰਗ ਕਾਡਰ ਸਿਰਜ ਕੇ ਐਡਜਸਟ ਕਰਨ ਦਾ ਫੈਸਲਾ ਕੀਤਾ ਹੈ |

LEAVE A REPLY

Please enter your comment!
Please enter your name here