ਚੰਡੀਗੜ੍ਹ
(ਗੁਰਜੀਤ ਬਿੱਲਾ)
ਪੰਜਾਬ ਦੇ ਵਣ ਤੇ ਜੰਗਲੀ ਜੀਵ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ 21000 ਤੋਂ ਵਧੇਰੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਪਹਿਲੀ ਵਾਰ ਏਨੇ ਘੱਟ ਸਮੇਂ ਵਿੱਚ ਕਿਸੇ ਸੂਬਾ ਸਰਕਾਰ ਨੇ ਏਸ ਪੱਧਰ ‘ਤੇ ਭਰਤੀ ਕੀਤੀ ਹੈ | ਉਨ੍ਹਾ ਕਿਹਾ ਕਿ ਇਹ ਭਰਤੀ ਕੇਵਲ ਨੌਂ ਮਹੀਨਿਆਂ ਦੇ ਸਮੇਂ ਵਿਚ ਕੀਤੀ ਗਈ ਹੈ |
ਵੀਰਵਾਰ ਵਣ ਭਵਨ ਮੋਹਾਲੀ ਵਿੱਖੇ 46 ਕਲਰਕਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਆਪਣੇ ਸੰਬੋਧਨ ਵਿੱਚ ਸ੍ਰੀ ਕਟਾਰੂ ਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵਿਆਪਕ ਪੱਧਰ ਉਤੇ ਸ਼ੁਰੂ ਕੀਤੀ ਭਰਤੀ ਮੁਹਿੰਮ ਸਰਕਾਰ ਦੀ ਨੌਜਵਾਨਾਂ ਪ੍ਰਤੀ ਦਿ੍ੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ, ਜਿਸ ਨੇ ਏਨੇ ਥੋੜ੍ਹੇ ਸਮੇਂ ਵਿਚ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹੇ ਹਨ | ਪਾਰਦਰਸ਼ੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ ਉਹਨਾ ਕਿਹਾ ਕਿ ਨੌਜਵਾਨਾਂ ਨੂੰ ਨੌਕਰੀ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ਉਤੇ ਦਿੱਤੀ ਗਈ ਹੈ, ਕਿਉਂਕਿ ਨੌਕਰੀ ਹਾਸਲ ਕਰਨਾ ਯੋਗ ਨੌਜਵਾਨ ਦਾ ਹੱਕ ਹੁੰਦਾ ਹੈ | ਇਸ ਮਾਮਲੇ ਵਿਚ ਨਾ ਕਿਸੇ ਦੀ ਸਿਫਾਰਸ਼ ਮੰਨੀ ਗਈ ਹੈ ਅਤੇ ਅਤੇ ਨਾ ਹੀ ਕਿਸੇ ਦੀ ਸਿਫਾਰਸ਼ ਚੱਲਣ ਦਿੱਤੀ ਹੈ | ਭਰਤੀ ਹੋਏ ਨਵੇਂ ਕਲਰਕਾਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ, ਮਿਹਨਤ ਅਤੇ ਸੰਜੀਦਗੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੇ ਹੋਏ ਕਟਾਰੂ ਚੱਕ ਨੇ ਕਿਹਾ ਕਿ ਮਾਨ ਸਰਕਾਰ ਭਿ੍ਸ਼ਟਾਚਾਰ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿੱਚ ਕਾਨੂੰਨ ਮੁਤਾਬਕ ਸਖਤ ਕਾਰਵਾਈ ਕੀਤੀ ਜਾ ਰਹੀ ਹੈੈ ਤਾਂ ਕਿ ਇਸ ਨਾਲ ਬਾਕੀਆਂ ਨੂੰ ਵੀ ਸਬਕ ਮਿਲ ਸਕੇ | ਨਵੇਂ ਭਰਤੀ ਹੋਣ ਵਾਲੇ ਕਲਰਕਾਂ ਨੂੰ ਉਨ੍ਹਾਂ ਦੇ ਆਉਣ ਵਾਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾ ਮੁਲਾਜ਼ਮਾਂ ਨੂੰ ਇਮਾਨਦਾਰੀ ਦੀ ਬੇਹਤਰ ਮਿਸਾਲ ਬਣਨ ਲਈ ਵੀ ਪ੍ਰੇਰਿਤ ਕੀਤਾ |





