ਫਿਲੌਰ/ਜਲੰਧਰ (ਨਿਰਮਲ/
ਸ਼ੈਲੀ ਐਲਬਰਟ, ਸੁਰਿੰਦਰ ਕੁਮਾਰ)
ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਦੇ ਜਲੰਧਰ ਤੋਂ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਸ਼ਨੀਵਾਰ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਉਹ 76 ਸਾਲਾਂ ਦੇ ਸਨ | ਪਿੰਡ ਭੱਟੀਆਂ ਨੇੜੇ ਜਦੋਂ ਉਨ੍ਹਾ ਨੂੰ ਦਿਲ ਦੌਰਾ ਪਿਆ ਤਾਂ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਫਗਵਾੜਾ ਦੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾ ਨੂੰ ਮਿ੍ਤਕ ਐਲਾਨ ਦਿੱਤਾ | ਇਹ ਯਾਤਰਾ ਸ਼ਨੀਵਾਰ ਸਵੇਰੇ ਲਾਡੂਵਾਲ ਟੋਲ ਪਲਾਜ਼ੇ ਤੋਂ ਜਲੰਧਰ ਜ਼ਿਲ੍ਹੇ ‘ਚ ਦਾਖਲ ਹੋਈ ਸੀ, ਜਿਸ ਹਲਕੇ ਤੋਂ ਸੰਤੋਖ ਸਿੰਘ ਸੰਸਦ ਮੈਂਬਰ ਸਨ | ਹਾਲ ਦੀ ਘੜੀ ਯਾਤਰਾ ਰੋਕ ਦਿੱਤੀ ਗਈ ਹੈ | ਰਾਹੁਲ ਗਾਂਧੀ ਯਾਤਰਾ ਛੱਡ ਕੇ ਇੱਥੋਂ ਰਵਾਨਾ ਹੋ ਗਏ ਹਨ | ਕਰੀਬ 8.45 ਵਜੇ ਉਨ੍ਹਾ ਦੀ ਸਿਹਤ ਵਿਗੜ ਗਈ | ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਚੌਧਰੀ ਸੰਤੋਖ ਸਿੰਘ ਦੇ ਘਰ ਜਾ ਕੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ | ਉਹ ਕਰੀਬ 40 ਮਿੰਟਾਂ ਤੱਕ ਪਰਵਾਰ ਨਾਲ ਰਹੇ | ਉਨ੍ਹਾ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨਾਲ ਗੱਲਬਾਤ ਕੀਤੀ | ਜਾਣਕਾਰੀ ਮੁਤਾਬਕ ਚੌਧਰੀ ਸੰਤੋਖ ਸਿੰਘ ਦਾ ਅੰਤਮ ਸੰਸਕਾਰ 15 ਜਨਵਰੀ ਨੂੰ ਉਨ੍ਹਾ ਦੇ ਜਲੰਧਰ ਜ਼ਿਲ੍ਹੇ ‘ਚ ਸਥਿਤ ਪਿੰਡ ਧਾਲੀਵਾਲ ਕਾਦੀਆਂ ‘ਚ ਸਵੇਰੇ 11 ਵਜੇ ਕੀਤਾ ਜਾਵੇਗਾ |
ਚੌਧਰੀ ਸੰਤੋਖ ਸਿੰਘ ਦੇ ਅਚਾਨਕ ਦੇਹਾਂਤ ਤੋਂ ਬਾਅਦ ਪਾਰਟੀ ਨੇ ਭਾਰਤ ਜੋੜੋ ਯਾਤਰਾ ਨੂੰ 24 ਘੰਟਿਆਂ ਲਈ ਮੁਲਤਵੀ ਕਰ ਦਿੱਤਾ | ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦੱਸਿਆ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਅਚਾਨਕ ਦਿਹਾਂਤ ਕਾਰਨ ਭਾਰਤ ਜੋੜੋ ਯਾਤਰਾ ਅਗਲੇ 24 ਘੰਟਿਆਂ ਲਈ ਮੁਲਤਵੀ ਕਰ ਦਿੱਤੀ ਗਈ ਹੈ | ਇਹ ਯਾਤਰਾ ਅੱਜ ਬਾਅਦ ਦੁਪਹਿਰ ਖਾਲਸਾ ਕਾਲਜ ਗਰਾਊਾਡ, ਜਲੰਧਰ ਤੋਂ ਮੁੜ ਸ਼ੁਰੂ ਹੋਵੇਗੀ | ਐਤਵਾਰ ਨੂੰ ਜਲੰਧਰ ‘ਚ ਰਾਹੁਲ ਗਾਂਧੀ ਦੀ ਪ੍ਰੈੱਸ ਕਾਨਫਰੰਸ ਨੂੰ ਵੀ ਰੱਦ ਕਰ ਦਿੱਤਾ ਹੈ | ਹੁਣ ਇਹ ਪ੍ਰੈੱਸ ਕਾਨਫਰੰਸ 17 ਜਨਵਰੀ ਨੂੰ ਹੁਸ਼ਿਆਰਪੁਰ ‘ਚ ਹੋਵੇਗੀ |
ਚੌਧਰੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਨ | ਉਹਨਾ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ | ਉਹ ਪੰਜਾਬ ਕਾਂਗਰਸ ਦੇ ਦਿੱਗਜ਼ ਆਗੂਆਂ ‘ਚੋਂ ਇੱਕ ਸਨ | 2004 ਤੋਂ 2010 ਤੱਕ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਹੇ | 2002 ‘ਚ ਉਹ ਕਾਂਗਰਸ ਦੀ ਟਿਕਟ ‘ਤੇ ਫਿਲੌਰ ਵਿਧਾਨ ਸਭਾ ਸੀਟ ਤੋਂ ਜਿੱਤ ਕੇ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਚੁਣੇ ਗਏ | ਉਹ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਵੀ ਰਹੇ |
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟ ਕਰਦਿਆਂ ਟਵੀਟ ਕਰਕੇ ਲਿਖਿਆ—ਸੰਸਦ ਮੈਂਬਰ ਸ੍ਰੀ ਸੰਤੋਖ ਸਿੰਘ ਚੌਧਰੀ ਜੀ ਦੇ ਦੇਹਾਂਤ ‘ਤੇ ਦੁਖੀ ਹਾਂ | ਉਨ੍ਹਾ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਉਨ੍ਹਾ ਦੇ ਯਤਨਾਂ ਲਈ ਯਾਦ ਕੀਤਾ ਜਾਵੇਗਾ | ਉਨ੍ਹਾ ਦੇ ਪਰਵਾਰ ਅਤੇ ਸਮਰਥਕਾਂ ਨਾਲ ਹਮਦਰਦੀ |
ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਂਗਰਸ ਦੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਜੀ ਦੀ ਬੇਵਕਤੀ ਮੌਤ ਦਾ ਬੇਹੱਦ ਦੁੱਖ ਹੋਇਆ | ਪ੍ਰਮਾਤਮਾ ਵਿੱਛੜੀ ਰੂਹ ਨੂੰ ਸਕੂਨ ਬਖਸ਼ੇ |
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਮੈਂਬਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਉਨ੍ਹਾ ਕਿਹਾ ਕਿ ਅੱਜ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਜੀ ਦਾ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦੇਹਾਂਤ ਹੋਣ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ | ਇਸ ਦੁੱਖ ਦੀ ਘੜੀ ਵਿੱਚ ਮੈਂ ਉਨ੍ਹਾ ਦੇ ਪੂਰੇ ਪਰਵਾਰ ਨਾਲ ਹਾਂ | ਵਾਹਿਗੁਰੂ ਜੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਬਖਸ਼ਣ | ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ |
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸੰਧਵਾਂ ਨੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਨੇ ਆਪਣੇ ਸਮੁੱਚੇ ਜੀਵਨ ਦੌਰਾਨ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦੀ ਬੇਹਤਰੀ ਲਈ ਅਣਥੱਕ ਕੰਮ ਕੀਤਾ ਅਤੇ ਸੰਸਦੀ ਜਮਹੂਰੀਅਤ ਵਿੱਚ ਆਪਣੀ ਪ੍ਰਭਾਵੀ ਭੂਮਿਕਾ ਨਿਭਾਈ | ਉਹਨਾ ਦੁਖੀ ਪਰਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ |
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦੇ ਅਕਾਲ ਚਲਾਣੇ ‘ਤੇ ਪਰਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਢੀਂਡਸਾ ਨੇ ਕਿਹਾ ਕਿ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ‘ਤੇ ਬੇਹੱਦ ਦੁੱਖ ਹੋਇਆ ਹੈ |
ਚੌਧਰੀ ਜ਼ਮੀਨ ਨਾਲ ਜੁੜੇ ਹੋਏ ਸਿਆਸੀ ਆਗੂ ਸਨ, ਜੋ ਪਿਛਲੇ ਲੰਮੇ ਸਮੇਂ ਤੋਂ ਰਾਜਨੀਤੀ ‘ਚ ਸਰਗਰਮ ਰਹਿੰਦਿਆਂ ਸਮਾਜ ਸੇਵਾ ਕਰ ਰਹੇ ਸਨ | ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਅਤੇ ਪਰਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ |
ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੀਨੀਅਰ ਆਗੂਆਂ ਅਵਤਾਰ ਹੈਨਰੀ, ਪ੍ਰਤਾਪ ਸਿੰਘ ਬਾਜਵਾ, ਹਰੀਸ਼ ਚੌਧਰੀ, ਗੁਰਜੀਤ ਸਿੰਘ ਔਜਲਾ, ਰਾਣਾ ਗੁਰਜੀਤ ਸਿੰਘ, ਤੇਜਿੰਦਰ ਬਿੱਟੂ, ਸੁਸ਼ੀਲ ਰਿੰਕੂ, ਬਾਵਾ ਹੈਨਰੀ, ਪ੍ਰਗਟ ਸਿੰਘ, ਦੀਪਕ ਸ਼ਰਮਾ, ਗੁਰਪ੍ਰੀਤ ਸਿੰਘ ਬੱਬੂ ਸਿਡਾਨਾ, ਜੋਗਿੰਦਰ ਪਾਲ ਸ਼ਰਮਾ ਆਦਿ ਨੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |





