ਭਿ੍ਸ਼ਟਾਚਾਰ ਦੇ ਮਾਮਲੇ ‘ਚ ਕਾਂਗਰਸ ਦੇ ਸਾਬਕਾ ਮੰਤਰੀ ਦੀ ਗਿ੍ਫ਼ਤਾਰੀ ਪ੍ਰਸੰਸਾਯੋਗ : ਕੰਗ

0
392

ਜਲੰਧਰ/ਚੰਡੀਗੜ੍ਹ
(ਸ਼ੈਲੀ ਐਲਬਰਟ)
‘ਆਮ ਆਦਮੀ ਪਾਰਟੀ’ ਦੀ ਪੰਜਾਬ ਸਰਕਾਰ ਸੂਬੇ ‘ਚ ਭਿ੍ਸ਼ਟਾਚਾਰ ਨੂੰ ਸਹਿਣ ਨਹੀਂ ਕਰੇਗੀ ਤੇ ਕਿਸੇ ਵੀ ਭਿ੍ਸ਼ਟ ਆਗੂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਕਰਦਿਆਂ ‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਵਿੱਖ ‘ਚ ਵੀ ਕਾਨੂੰਨ ਅਨੁਸਾਰ ਭਿ੍ਸ਼ਟ ਆਗੂਆਂ ਨੂੰ ਗਿ੍ਫ਼ਤਾਰ ਕੀਤਾ ਜਾਵੇਗਾ | ਉਹ ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭਿ੍ਸ਼ਟਾਚਾਰ ਦੇ ਦੋਸ਼ ‘ਚ ਗਿ੍ਫ਼ਤਾਰ ਕੀਤੇ ਜਾਣ ‘ਤੇ ਪ੍ਰਤੀਕਿਰਿਆ ਪ੍ਰਗਟ ਕਰ ਰਹੇ ਸਨ | ਪਾਰਟੀ ਮੁੱਖ ਦਫ਼ਤਰ ਵਿੱਚ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਿ੍ਸ਼ਟ ਆਗੂਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦਾ ਸਵਾਗਤ ਕੀਤਾ | ਉਨ੍ਹਾਂ ਦੱਸਿਆ ਕਿ ਕਾਂਗਰਸ ਦੇ ਇੱਕ ਸਾਬਕਾ ਮੰਤਰੀ ਨੂੰ ਅਮਲੋਹ ਤੋਂ ਵਿਜੀਲੈਂਸ ਬਿਊਰੋ ਵੱਲੋਂ ਗਿ੍ਫ਼ਤਾਰ ਕੀਤਾ ਗਿਆ ਹੈ, ਜਿਹੜਾ ਪਹਿਲਾਂ ਹੀ ਗਿ੍ਫ਼ਤਾਰ ਕੀਤੇ ਗਏ ਡੀ.ਐਫ਼.ਓ ਗੁਰਮਨਪ੍ਰੀਤ ਸਿੰਘ ਵੱਲੋਂ ਰਿਸ਼ਵਤ ਲੈਣ ਦੇ ਮਾਮਲੇ ‘ਚ ਸ਼ਾਮਲ ਪਾਇਆ ਗਿਆ ਹੈ | ਵਿਰੋਧੀ ਪਾਰਟੀਆਂ ਦੀ ਤਿੱਖੀ ਅਲੋਚਨਾ ਕਰਦਿਆਂ ਉਨ੍ਹਾਂ ਕਿਹਾ, ”ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਨੇ ਪੰਜਾਬ ਨੂੰ ਲੁੱਟਣ ਲਈ ਆਪਸੀ ਗੱਠਜੋੜ ਕੀਤਾ ਹੋਇਆ ਸੀ ਤੇ ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਭਿ੍ਸ਼ਟ ਅਤੇ ਧੋਖੇਬਾਜ਼ ਆਗੂਆਂ ਨੂੰ ਕਦੇ ਗਿ੍ਫ਼ਤਾਰ ਨਹੀਂ ਕੀਤਾ ਪਰ ਹੁਣ ਪੰਜਾਬ ਦੇ ਲੋਕਾਂ ਨੇ ਪੁਰਾਣੀ ਵਿਵਸਥਾ ਬਦਲਣ ਲਈ ‘ਆਪ’ ਦੀ ਸਰਕਾਰ ਬਣਾਈ ਹੈ ਅਤੇ ਪੰਜਾਬ ਸਰਕਾਰ ਭਿ੍ਸ਼ਟਾਚਾਰ ਖ਼ਿਲਾਫ਼ ਜ਼ੋਰ ਸ਼ੋਰ ਨਾਲ ਕੰਮ ਕਰ ਰਹੀ ਹੈ | ”ਇੱਕ ਪ੍ਰਸ਼ਨ ਦੇ ਜਵਾਬ ‘ਚ ਕੰਗ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਬਾਦਲ ਤੇ ਭਾਜਪਾ ਪੰਜਾਬ ‘ਚ ਤਬਾਹੀ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ, ਕਿਉਂਕਿ ਇਹ ਪਾਰਟੀਆਂ ਆਪਣੇ ਰਾਜ ਦੌਰਾਨ ਡਰੱਗ ਮਾਫ਼ੀਆ ਅਤੇ ਗੈਂਗਸਟਰ ਨੂੰ ਪਨਾਹ ਦਿੰਦੀਆਂ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ ਤੇ ਮੁੱਖ ਮੰਤਰੀ ਮਾਨ ਦੀ ਸਰਕਾਰ ਨੇ ਦੋ ਮਹੀਨਿਆਂ ਦੇ ਅੰਦਰ ਹੀ ਮਾਫ਼ੀਆ ਦੇ ਗੱਠਜੋੜ ਨੂੰ ਤੋੜ ਦਿੱਤਾ ਹੈ | ਕਾਂਗਰਸੀ ਆਗੂਆਂ ਦੇ ਭਾਜਪਾ ‘ਚ ਜਾਣ ‘ਤੇ ਟਿੱਪਣੀ ਕਰਦਿਆਂ ਕੰਗ ਨੇ ਕਿਹਾ ਕਿ ਉਹ ਭਿ੍ਸ਼ਟ ਆਗੂਆਂ ਨੂੰ ਬਚਾਉਣਾ ਚਾਹੁੰਦੇ ਹਨ, ਲੇਕਿਨ ਜਦੋਂ ਮਾਨ ਸਰਕਾਰ ਨੂੰ ਅਜਿਹੇ ਕਿਸੇ ਆਗੂ ਖ਼ਿਲਾਫ਼ ਭਿ੍ਸ਼ਟਾਚਾਰ ਜਾਂ ਗ਼ਲਤ ਕੰਮ ਕੀਤੇ ਜਾਣ ਦਾ ਕੋਈ ਸਬੂਤ ਮਿਲਿਆ ਤਾਂ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ |

LEAVE A REPLY

Please enter your comment!
Please enter your name here