ਪੁਰਾਣੇ ਹੁਕਮਰਾਨ ਆਪਣੇ ਮਹਿਲ ਸ਼ਿੰਗਾਰਨ ‘ਚ ਲੱਗੇ ਰਹੇ : ਮਾਨ

0
329

ਪਟਿਆਲਾ (ਇਕਬਾਲ ਸਿੰਘ ਬੱਲ, ਗੁਰਪਿਆਰ ਸਿੰਘ ਬੱਲ)
ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਦੇ ਸੱਤਾ ਦਾ ਕੇਂਦਰ ਹੋਣ ਦੇ ਬਾਵਜੂਦ ਵਿਕਾਸ ਪੱਖੋਂ ਪਛੜਨ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਨ੍ਹਾਂ ਸ਼ਾਸਕਾਂ ਨੇ ਸ਼ਹਿਰ ਦੀ ਮਾੜੀ ਹਾਲਤ ਨੂੰ ਸੁਧਾਰਨ ਦੀ ਥਾਂ ਆਪਣੇ ਨਿੱਜੀ ਮਹਿਲਾਂ ਨੂੰ ਸ਼ਿੰਗਾਰਨ ਉਤੇ ਵੱਧ ਧਿਆਨ ਦਿੱਤਾ | ਸ਼ਹਿਰ ਦੇ ਵਿਕਾਸ ਲਈ 167 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਸੱਤਾ ਦੇ ‘ਮਹਾਰਾਜਿਆਂ’ ਨੇ ਸ਼ਹਿਰ ਨਾਲੋਂ ਆਪਣੇ ਵਿਕਾਸ ਵੱਲ ਵੱਧ ਧਿਆਨ ਦਿੱਤਾ | ਉਨ੍ਹਾ ਕਿਹਾ ਕਿ ਭਾਵੇਂ ਪਟਿਆਲਾ ਨੂੰ ‘ਬਾਗਾਂ ਦੇ ਸ਼ਹਿਰ’ ਵਜੋਂ ਜਾਣਿਆ ਜਾਂਦਾ ਹੈ, ਪਰ ਸੱਤਾਧਾਰੀਆਂ ਦੇ ਉਦਾਸੀਨ ਰਵੱਈਏ ਕਾਰਨ ਪਿਛਲੇ ਕੁੱਝ ਸਾਲਾਂ ਵਿੱਚ ਸ਼ਹਿਰ ਨੇ ਆਪਣੀ ਦਿੱਖ ਗਵਾ ਦਿੱਤੀ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਨਵੇਂ ਬੱਸ ਅੱਡੇ ਤੇ ਸੜਕਾਂ ਦਾ ਨਿਰਮਾਣ, ਮਾਡਲ ਟਾਊਨ ਡਰੇਨ ਦੇ ਚੈਨਲਾਈਜੇਸ਼ਨ ਤੇ ਸੁੰਦਰੀਕਰਨ ਦੇ ਪ੍ਰਾਜੈਕਟ, ਮੁਸਾਫਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਡਿਜੀਟਲ ਲਾਇਬ੍ਰੇਰੀ ਦੇ ਨਿਰਮਾਣ ਤੇ ਹੋਰ ਪ੍ਰਾਜੈਕਟ ਕਾਫ਼ੀ ਲੰਮੇ ਸਮੇਂ ਤੋਂ ਲਟਕ ਰਹੇ ਸਨ | ਅਤਿ-ਆਧੁਨਿਕ ਬੱਸ ਅੱਡੇ ਦਾ ਕੰਮ ਪਹਿਲੀ ਅਪਰੈਲ ਤੱਕ ਮੁਕੰਮਲ ਕੀਤਾ ਜਾਵੇਗਾ | ਮੌਜੂਦਾ ਬੱਸ ਅੱਡੇ ਨੂੰ ਸ਼ਹਿਰ ਦੀ ਸ਼ਟਲ ਬੱਸ ਸੇਵਾ ਲਈ ਵਰਤਿਆ ਜਾਵੇਗਾ, ਜਿਸ ਤੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਨੂੰ ਬੱਸ ਸੇਵਾ ਚਲਾਈ ਜਾਵੇਗੀ |
ਉਨ੍ਹਾਂ ਮਾਡਲ ਟਾਊਨ ਡਰੇਨ ਦੇ ਚੈਨਲਾਈਜੇਸ਼ਨ ਤੇ ਸੁੰਦਰੀਕਰਨ ਦਾ ਪ੍ਰਾਜੈਕਟ 31 ਮਾਰਚ ਤੱਕ ਮੁਕੰਮਲ ਕਰਨ ਲਈ ਕਿਹਾ | ਉਨ੍ਹਾ ਕਿਹਾ ਕਿ ਰਾਜਿੰਦਰਾ ਝੀਲ ਨੂੰ ਵਿਸ਼ਵ ਭਰ ਦੇ ਲੋਕਾਂ ਲਈ ਸੈਰਸਪਾਟੇ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ | ਮਾਨ ਨੇ ਕਿਹਾ ਕਿ ਮੁਸਾਫਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਦੇ ਡਿਜੀਟਲਾਈਜੇਸ਼ਨ ਉਤੇ 8.26 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ | ਮਾਨ ਨੇ ਕਿਹਾ ਕਿ ਜੇ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਨਾ ਹੋਏ ਤਾਂ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ |
ਇਸ ਮੌਕੇ ਮੁੱਖ ਮੰਤਰੀ ਦੇ ਨਾਲ ਬੱਸ ਸਟੈਂਡ ਦਾ ਜਾਇਜ਼ਾ ਲੈਣ ਮੌਕੇ ਭਾਦਸੋਂ ਰੋਡ ‘ਤੇ ਟਿਵਾਣਾ ਚੌਂਕ ਵਿਖੇ ਮਾਡਲ ਟਾਊਨ ਡਰੇਨ ਦੇ ਨਵੀਨੀਕਰਨ ਦੇ ਨੀਂਹ ਪੱਥਰ ਰੱਖਣ ਮੌਕੇ ਅਤੇ ਸਰਕਟ ਹਾਊਸ ਵਿਖੇ ਲੋਕ ਮਿਲਣੀ ਦੌਰਾਨ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸਮੇਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਗੁਰਲਾਲ ਘਨੌਰ ਤੇ ਨੀਨਾ ਮਿੱਤਲ ਵੀ ਮੌਜੂਦ ਸਨ | ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਮੈਡੀਕਲ ਕਿੱਤੇ ਸਮੇਤ ਹੋਰ ਵਰਗਾਂ ਅਤੇ ਵਪਾਰੀਆਂ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ‘ਚ ਪੁੱਜੇ ਹੋਏ ਸਨ |

LEAVE A REPLY

Please enter your comment!
Please enter your name here