ਨਵੀਂ ਦਿੱਲੀ. ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਬੁੱਧਵਾਰ ਵੱਡੀ ਰਾਹਤ ਮਿਲੀ ਹੈ | ਲਖੀਮਪੁਰ ਹਿੰਸਾ ਮਾਮਲੇ ‘ਚ ਸੁਪਰੀਮ ਕੋਰਟ ਨੇ ਆਸ਼ੀਸ਼ ਨੂੰ ਸ਼ਰਤਾਂ ਦੇ ਨਾਲ ਅੰਤਿ੍ਮ ਜ਼ਮਾਨਤ ਦੇ ਦਿੱਤੀ ਹੈ | ਜਸਟਿਸ ਸੂਰਿਆਕਾਂਤ ਮਿਸ਼ਰਾ ਅਤੇ ਜਸਟਿਸ ਜੇ ਕੇ ਮਹੇਸ਼ਵਰੀ ਦੇ ਬੈਂਚ ਨੇ ਉਸ ਦੀ ਜ਼ਮਾਨਤ ‘ਤੇ ਫੈਸਲਾ ਸੁਣਾਇਆ ਹੈ | ਸੁਪਰੀਮ ਕੋਰਟ ਨੇ ਆਸ਼ੀਸ਼ ਨੂੰ ਸ਼ਰਤਾਂ ਦੇ ਨਾਲ 8 ਹਫਤਿਆਂ ਲਈ ਜ਼ਮਾਨਤ ਦੇ ਦਿੱਤੀ ਹੈ | ਅਦਾਲਤ ਨੇ ਕਿਹਾ ਕਿ ਮਿਸ਼ਰਾ ਨੂੰ ਆਪਣੇ ਟਿਕਾਣੇ ਬਾਰੇ ਅਦਾਲਤ ਨੂੰ ਜਾਣਕਾਰੀ ਦੇਣੀ ਹੋਵੇਗੀ | ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਆਸ਼ੀਸ਼ ਜਾਂ ਉਨ੍ਹਾਂ ਦੇ ਪਰਵਾਰ ਵੱਲੋਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਅਤੇ ਮੁਕੱਦਮੇ ਦੀ ਸੁਣਵਾਈ ਵਿੱਚ ਦੇਰੀ ਕਰਨ ਦੀ ਕੋਸ਼ਿਸ਼ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਸਕਦੀ ਹੈ | ਸੁਪਰੀਮ ਕੋਰਟ ਨੇ ਇਸ ਸ਼ਰਤ ‘ਤੇ ਅੰਤਿ੍ਮ ਜ਼ਮਾਨਤ ਦੇ ਦਿੱਤੀ ਹੈ ਕਿ ਉਹ ਦਿੱਲੀ ਅਤੇ ਉੱਤਰ ਪ੍ਰਦੇਸ਼ ‘ਚ ਨਹੀਂ ਰਹੇਗਾ | ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਇਕ ਹਫਤੇ ਬਾਅਦ ਉਹ ਉੱਤਰ ਪ੍ਰਦੇਸ਼ ਛੱਡ ਜਾਵੇਗਾ |