ਅੰਮਿ੍ਤਸਰ (ਜਸਬੀਰ ਪੱਟੀ,
ਨਰਿੰਦਰਜੀਤ ਸਿੰਘ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਹਰੇਕ ਖੇਤਰ ਦਾ ਵਿਆਪਕ ਵਿਕਾਸ ਕਰਕੇ ‘ਸਿਹਤਮੰਦ ਤੇ ਰੰਗਲਾ ਪੰਜਾਬ’ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ |
ਸ਼ੁੱਕਰਵਾਰ ਇੱਥੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ 500ਵਾਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਜਿਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਸਨ, ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਨੇਕ ਕਾਰਜ ਲਈ ਪੁਖਤਾ ਵਿਵਸਥਾ ਕਰਨੀ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਤੇ ਰੋਜ਼ਗਾਰ ਦੇ ਖੇਤਰ ਵਿਚ ਵੱਡੇ ਪੱਧਰ ਉਤੇ ਕੰਮ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਛੇਤੀ ਹੀ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ | ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 100 ਆਮ ਆਦਮੀ ਕਲੀਨਿਕ 75ਵੇਂ ਆਜ਼ਾਦੀ ਦਿਹਾੜੀ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਸਨ |
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਲੱਗਭੱਗ 100 ਕਲੀਨਿਕਲ ਟੈਸਟਾਂ ਦੇ ਨਾਲ 41 ਸਿਹਤ ਪੈਕੇਜ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਤੋਂ ਸੂਬੇ ਵਿੱਚ ਚੱਲ ਰਹੇ 100 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 10.26 ਲੱਖ ਲੋਕਾਂ ਨੇ ਮੁਫਤ ਇਲਾਜ ਕਰਵਾਇਆ | ਇਸੇ ਤਰ੍ਹਾਂ ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ 1.24 ਲੱਖ ਮਰੀਜ਼ਾਂ ਦੇ ਮੁਫਤ ਟੈਸਟ ਕੀਤੇ ਗਏ |
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਦੀ ਬੁਨਿਆਦ ਵਜੋਂ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਵੀ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਹੁਣ 400 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਪੰਜਾਬ ਇਨ੍ਹਾਂ 500 ਕਲੀਨਿਕਾਂ ਰਾਹੀਂ ਸਿਹਤ ਸੰਭਾਲ ਖੇਤਰ ਵਿੱਚ ਸਫਲਤਾ ਦੀ ਨਵੀਂ ਕਹਾਣੀ ਲਿਖੇਗਾ |
ਮੁੱਖ ਮੰਤਰੀ ਨੇ ਕਿਹਾ ਕਿ ਇਹ ਕ੍ਰਾਂਤੀਕਾਰੀ ਪਹਿਲਕਦਮੀ ਸੂਬੇ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਮੁੜ ਪੈਰਾਂ-ਸਿਰ ਕਰੇਗੀ | ਉਨ੍ਹਾ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਕਰਕੇ ਸੂਬਾ ਸਰਕਾਰ ਨੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਪੰਜਾਬ ਨੂੰ ਸਿਹਤਮੰਦ ਅਤੇ ਰੋਗ ਮੁਕਤ ਬਣਾਉਣ ਲਈ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ | ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਵਾਸੀਆਂ ਨੂੰ ਹੁਣ ਇਲਾਜ ਤੇ ਜਾਂਚ ਲਈ ਹਸਪਤਾਲਾਂ ਵਿੱਚ ਪੈਸਾ ਨਹੀਂ ਖਰਚਣਾ ਪਵੇਗਾ | ਉਨ੍ਹਾ ਕਿਹਾ ਕਿ ਮਰੀਜ਼ ਕਲੀਨਿਕਾਂ ਵਿੱਚ ਜਾ ਕੇ ਡਾਕਟਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ ਜਾਂ ਆਨਲਾਈਨ ਸਮਾਂ ਲੈਣ ਦੀ ਸਹੂਲਤ ਵੀ ਪ੍ਰਾਪਤ ਕਰ ਸਕਦੇ ਹਨ |
ਅਰਵਿੰਦ ਕੇਜਰੀਵਾਲ ਦਾ ਪਾਵਨ ਧਰਤੀ ‘ਤੇ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਨੇ ਇਹ ਲੋਕ ਪੱਖੀ ਉਪਰਾਲਾ ਕੀਤਾ ਹੈ | ਉਨ੍ਹਾ ਕਿਹਾ ਕਿ ਦਿੱਲੀ ਸਰਕਾਰ ਨੇ ਇਸ ਲੋਕ-ਪੱਖੀ ਪਹਿਲਕਦਮੀ ਲਈ ਦਿਸ਼ਾ ਪ੍ਰਦਾਨ ਕੀਤੀ ਸੀ, ਜਿਸ ਨਾਲ ਕੌਮੀ ਰਾਜਧਾਨੀ ਦੇ ਲੋਕਾਂ ਨੂੰ ਬਹੁਤ ਲਾਭ ਹੋਇਆ ਸੀ | ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਸੁਧਾਰ ਲਈ ਹੁਣ ਹੋਰ ਸੂਬੇ ਵੀ ਇਸ ਮਾਡਲ ਨੂੰ ਅਪਣਾ ਰਹੇ ਹਨ |
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਕਲੀਨਿਕ ਸਿਹਤ ਸੇਵਾਵਾਂ ਦੇਣ ਦੇ ਨਾਲ-ਨਾਲ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਹਰੇਕ ਮਰੀਜ਼ ਦਾ ਆਨਲਾਈਨ ਡਾਟਾ ਵੀ ਰੱਖਣਗੇ | ਉਨ੍ਹਾ ਕਿਹਾ ਕਿ ਇਸ ਨਾਲ ਸੂਬੇ ਵਿੱਚ ਗੰਭੀਰ ਬਿਮਾਰੀਆਂ ਨਾਲ ਨਜਿੱਠਣ ਲਈ ਰਣਨੀਤੀ ਘੜਨ ਵਾਸਤੇ ਅੰਕੜੇ ਇਕੱਠੇ ਕਰਨ ਵਿੱਚ ਮਦਦ ਮਿਲੇਗੀ | ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਸੂਬੇ ਦੇ ਵਸਨੀਕਾਂ ਦੇ ਖੋਜ ਅਧਾਰਤ ਇਲਾਜ ਨੂੰ ਨਿਰਵਿਘਨ ਤਰੀਕੇ ਨਾਲ ਯਕੀਨੀ ਬਣਾਏਗਾ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਟੈਕਸ ਭਰਨ ਵਾਲੇ ਲੋਕਾਂ ਦੇ ਪੈਸੇ ਦਾ ਇਕ-ਇਕ ਪੈਸਾ ਉਨ੍ਹਾਂ ਦੀ ਭਲਾਈ ਲਈ ਖਰਚ ਕਰ ਰਹੀ ਹੈ | ਉਨ੍ਹਾ ਕਿਹਾ ਕਿ ਇਨ੍ਹਾਂ ਲੋਕ ਪੱਖੀ ਉਪਰਾਲਿਆਂ ਨੂੰ ਮੁਫਤਖੋਰੀ ਨਹੀਂ ਕਿਹਾ ਜਾ ਸਕਦਾ, ਸਗੋਂ ਇਹ ਵਿਕਾਸ ਕਾਰਜਾਂ ਉਤੇ ਕੀਤਾ ਗਿਆ ਖਰਚਾ ਹੈ, ਜਿਸ ਦਾ ਉਦੇਸ਼ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਯਕੀਨੀ ਬਣਾਉਣਾ ਹੈ | ਭਗਵੰਤ ਮਾਨ ਨੇ ਕਿਹਾ ਕਿ ਇਹ ਵਿਰੋਧੀਭਾਸ ਵਾਲੀ ਸਥਿਤੀ ਹੈ ਕਿ ਆਮ ਆਦਮੀ ਪਾਰਟੀ ਵਿਕਾਸ ਦੀ ਗੱਲ ਕਰ ਰਹੀ ਹੈ, ਜਦਕਿ ਬਾਕੀ ਪਾਰਟੀਆਂ ਫੁੱਟ-ਪਾਊ ਏਜੰਡੇ ‘ਤੇ ਚੱਲ ਰਹੀਆਂ ਹਨ | ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਇਤਿਹਾਸਕ ਲੋਕ ਪੱਖੀ ਫੈਸਲੇ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕੀਤੀ | ਉਨ੍ਹਾ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੱਡਾ ਫਤਵਾ ਦੇ ਕੇ ਪੰਜਾਬ ਦੇ ਲੋਕਾਂ ਨੇ ਇਤਿਹਾਸ ਸਿਰਜਿਆ | ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੇ ਇਨ੍ਹਾਂ ਚੋਣਾਂ ਵਿਚ ਰਵਾਇਤੀ ਪਾਰਟੀਆਂ ਦੇ ਘਾਗ ਸਿਆਸਤਦਾਨਾਂ ਦਾ ਸਫਾਇਆ ਕਰਕੇ ਨਵੇਂ ਚਿਹਰਿਆਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ | ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਮਹਿਜ਼ 10 ਮਹੀਨਿਆਂ ਦੇ ਸਮੇਂ ਵਿਚ ਭਗਵੰਤ ਮਾਨ ਸਰਕਾਰ ਨੇ ਲੋਕਾਂ ਦੀ ਭਲਾਈ ਤੇ ਸੂਬੇ ਦੀ ਤਕਦੀਰ ਬਦਲਣ ਲਈ ਇਨਕਲਾਬੀ ਕਦਮ ਚੁੱਕੇ ਹਨ | ਉਨ੍ਹਾ ਕਿਹਾ ਕਿ ਪੰਜਾਬ ਵਿਚ 500 ਆਮ ਆਦਮੀ ਕਲੀਨਿਕ ਸ਼ੁਰੂ ਵੀ ਹੋ ਗਏ ਹਨ, ਜਦਕਿ ਦਿੱਲੀ ਜਿਸ ਨੇ ਮੁਲਕ ਨੂੰ ਇਹ ਮਾਡਲ ਦਿੱਤਾ, ਨੂੰ ਇਹ ਟੀਚਾ ਪੂਰਾ ਕਰਨ ਲਈ ਲੰਮਾ ਸਮਾਂ ਲੱਗਾ ਸੀ | ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਯਤਨਾਂ ਸਦਕਾ ਪੰਜਾਬ ਅੱਜ ਮੁਲਕ ਵਿਚ ਦੂਜਾ ਸਭ ਤੋਂ ਸ਼ਾਂਤਮਈ ਸੂਬਾ ਹੈ | ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਧਾਰਨ ਪਰਵਾਰ ਨਾਲ ਸੰਬੰਧ ਰੱਖਦੇ ਹਨ, ਜਿਸ ਕਰਕੇ ਉਹ ਸੂਬੇ ਦੇ ਲੋਕਾਂ ਦੀਆਂ ਦੁੱਖ-ਤਕਲੀਫਾਂ ਨੂੰ ਭਲੀ-ਭਾਂਤ ਸਮਝਦੇ ਹਨ | ਉਨ੍ਹਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਜ਼ਮੀਨ ਨਾਲ ਜੁੜੇ ਹੋਏ ਨੇਤਾ ਹਨ, ਜਿਨ੍ਹਾਂ ਨੂੰ ਪੰਜਾਬ ਤੇ ਇੱਥੋਂ ਦੇ ਲੋਕਾਂ ਨਾਲ ਸਰੋਕਾਰ ਹੈ | ਕੇਜਰੀਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਰਸੂਖਵਾਨ ਪਰਵਾਰਾਂ ‘ਚੋਂ ਬਣਦੇ ਸਨ, ਪਰ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਇਸ ਅਹੁਦੇ ਲਈ ਆਮ ਵਿਅਕਤੀ ਚੁਣਿਆ ਗਿਆ ਹੈ | ਇਸ ਮੌਕੇ ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਦਾ ਸਨਮਾਨ ਕੀਤਾ | ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਧੰਨਵਾਦ ਕੀਤਾ | ਸਮਾਗਮ ਵਿਚ ਸਿਹਤ ਤੇ ਪਰਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ, ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ, ਡੀ.ਜੀ.ਪੀ. ਗੌਰਵ ਯਾਦਵ ਤੇ ਹੋਰ ਹਾਜ਼ਰ ਸਨ |





