ਅਕਾਲੀ ਤੇ ਕਾਂਗਰਸੀ ਆਗੂਆਂ ਹਮੇਸ਼ਾ ਆਪਣੇ ਅਧਿਕਾਰਾਂ ਦੀ ਕੀਤੀ ਦੁਰਵਰਤੋਂ : ਕੰਗ

0
247

ਚੰਡੀਗੜ੍ਹ (ਗੁਰਜੀਤ ਬਿੱਲਾ)
ਵਿਧਾਨ ਸਭਾ ਦੇ ਸਟਿੱਕਰਾਂ ਅਤੇ ਇਸ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ‘ਤੇ ਵਰ੍ਹਦਿਆਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ ਅਤੇ ਹੁਣ ਤਾਂ ਉਨ੍ਹਾਂ ਨੂੰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਬੰਦ ਕਰ ਦੇਣੀ ਚਾਹੀਦੀ ਹੈ | ਸ਼ਨੀਵਾਰ ਨੂੰ ਪਾਰਟੀ ਮੁੱਖ ਦਫਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾਈ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅਫਸੋਸ ਜ਼ਾਹਰ ਕੀਤਾ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ 80 ਸਾਬਕਾ ਵਿਧਾਇਕਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਨਮੋਸ਼ੀ ਭਰੀ ਹਾਰ ਝੱਲਣ ਤੋਂ ਬਾਅਦ ਵੀ ਆਪਣੇ ਵਿਧਾਨ ਸਭਾ ਸਟਿੱਕਰ ਵਾਪਸ ਨਹੀਂ ਕੀਤੇ | ਉਨ੍ਹਾ ਕਿਹਾ ਕਿ ਵਿਧਾਨ ਸਭਾ ਨੇ ਹੁਣ ਸਾਰੇ ਸਾਬਕਾ ਵਿਧਾਇਕਾਂ ਨੂੰ ਸਦਨ ਦੇ ਪਿਛਲੇ ਕਾਰਜਕਾਲ ਦੌਰਾਨ ਜਾਰੀ ਕੀਤੇ ‘ਐੱਮ ਐੱਲ ਏ ਸਟਿੱਕਰ’ ਵਾਪਸ ਕਰਨ ਲਈ ਨੋਟਿਸ ਭੇਜੇ ਹਨ, ਜੋ ਕਿ ਕਾਨੂੰਨ ਅਨੁਸਾਰ ਉਨ੍ਹਾਂ ਨੂੰ ਚੋਣਾਂ ਹਾਰਨ ਤੋਂ ਬਾਅਦ ਆਪ ਹੀ ਵਾਪਸ ਕਰਨੇ ਚਾਹੀਦੇ ਸਨ | ਪਹਿਲਾਂ ਵੀ ਉਹ ਸੱਤਾ ਦੇ ਨਸ਼ੇ ਵਿੱਚ ਸਰਕਾਰੀ ਸ਼ਕਤੀਆਂ ਦੀ ਦੁਰਵਰਤੋਂ ਕਰਦੇ ਰਹੇ ਹਨ | ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਰਾਜਨੀਤੀ ਦੇ ਨਵੇਂ ਦੌਰ ਦੀ ਸ਼ੁਰੂਆਤ ਕਰ ਰਹੀ ਹੈ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ‘ਤੇ ਇੱਕ-ਇੱਕ ਕਰਕੇ ਰੋਕ ਲਗਾਈ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ |
ਮੁਹੱਲਾ ਕਲੀਨਿਕਾਂ ‘ਤੇ ਸਵਾਲ ਉਠਾਉਣ ‘ਤੇ ਅਕਾਲੀ ਆਗੂਆਂ ਨੂੰ ਕਰਾਰਾ ਜਵਾਬ ਦਿੰਦਿਆਂ ਉਹਨਾ ਕਿਹਾ ਕਿ ਮਾਨ ਸਰਕਾਰ ਪੰਜਾਬ ‘ਚ ਸਿਹਤ ਕ੍ਰਾਂਤੀ ਲਿਆ ਰਹੀ ਹੈ ਅਤੇ ਉਹ ਸਰਕਾਰੀ ਇਮਾਰਤਾਂ ਅਤੇ ਬੁਨਿਆਦੀ ਢਾਂਚੇ, ਜੋ ਪਿਛਲੀਆਂ ਸਰਕਾਰਾਂ ਦੌਰਾਨ ਖਸਤਾ ਹਾਲਤ ‘ਚ ਸਨ, ਨੂੰ ਪੰਜਾਬ ਦੇ ਲੋਕਾਂ ਨੂੰ ਮੁਫਤ ਤੇ ਉੱਚ ਪੱਧਰੀ ਸਿਹਤ ਸਹੂਲਤਾਂ ਦੇਣ ਲਈ ਵਰਤ ਰਹੇ ਹਨ | ਉਨ੍ਹਾ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਆਗੂਆਂ ਨੇ ਆਪਣੇ ਸ਼ਾਸਨ ਦੌਰਾਨ ਸਰਕਾਰੀ ਫੰਡਾਂ ਦੀ ਲੁੱਟ ਕੀਤੀ ਅਤੇ ਸਰਕਾਰੀ ਸ਼ਕਤੀਆਂ ਦੀ ਦੁਰਵਰਤੋਂ ਕੀਤੀ, ਪਰ ਹੁਣ ‘ਆਪ’ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ | ਪੰਜਾਬ ਦੇ ਲੋਕਾਂ ਬਦਲਾਅ ਲਿਆਉਣ ਲਈ ‘ਆਪ’ ਨੂੰ ਭਾਰੀ ਬਹੁਮਤ ਦਿੱਤਾ ਅਤੇ ਹੁਣ ਮਾਨ ਸਰਕਾਰ ਉਨ੍ਹਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ |

LEAVE A REPLY

Please enter your comment!
Please enter your name here