ਭਗਤਾ ਭਾਈ : ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਤੇ ਹੋਰ ਸਿੱਖ ਜਥੇਬੰਦੀਆਂ ਨੇ ਐਤਵਾਰ ਡੇਰਾ ਸਿਰਸਾ ਦੇ ਮੁਖੀ ਵੱਲੋਂ ਬਠਿੰਡਾ ਵਿਚਲੇ ਮੁੱਖ ਹੈੱਡਕੁਆਰਟਰ ਡੇਰਾ ਸਲਾਬਤਪੁਰਾ ਵਿਖੇ ਕੀਤੇ ਜਾ ਰਹੇ ਵਰਚੁਅਲ ਸਤਿਸੰਗ ਖਿਲਾਫ ਰੋਸ ਪ੍ਰਗਟ ਕਰਦਿਆਂ ਬਾਜਾਖਾਨਾ-ਬਰਨਾਲਾ ਸੜਕ ‘ਤੇ ਪੈਂਦੇ ਪਿੰਡ ਜਲਾਲ ਦੇ ਬੱਸ ਅੱਡੇ ‘ਤੇ ਜਾਮ ਲਗਾਇਆ, ਜਿਸ ਨੂੰ ਪੁਲਸ ਨੇ ਮਗਰੋਂ ਖੁੱਲ੍ਹਵਾ ਦਿੱਤਾ | ਪੁਲਸ ਆਗੂਆਂ ਅਤੇ ਵਰਕਰਾਂ ਨੂੰ ਗਿ੍ਫਤਾਰ ਕਰਕੇ ਕਿਸੇ ਅਣਦੱਸੀ ਥਾਂ ਵੱਲ ਲੈ ਗਈ | ਗਿ੍ਫਤਾਰੀ ਮੌਕੇ ਆਗੂਆਂ ਤੇ ਵਰਕਰਾਂ ਨੇ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਵੀ ਕੀਤੀ |
ਇਸ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਾਇਆ ਕਿ ਡੇਰਾ ਸਿਰਸਾ ਮੁਖੀ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਿਹਾ ਹੈ | ਉਨ੍ਹਾਂ ਡੇਰਾ ਸਿਰਸਾ ਮੁਖੀ ਨੂੰ ਮੁੜ-ਮੁੜ ਪੈਰੋਲ ਦੇਣ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਉਸ ਦੀ ਪੈਰੋਲ ਤੁਰੰਤ ਰੱਦ ਕਰੇ |




