ਵਾਅਦੇ ਨਹੀਂ, ਗਾਰੰਟੀਆਂ ਦਿੱਤੀਆਂ ਸਨ, ਜੋ ਪੂਰੀਆਂ ਕਰ ਰਹੇ ਹਾਂ : ਮਾਨ

0
160

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬੇ ਨੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ 26074 ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ | ਇੱਥੇ ਮਿਊਾਸਪਲ ਭਵਨ ਵਿਖੇ ਲੋਕ ਨਿਰਮਾਣ ਵਿਭਾਗ ਦੇ 188 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਕ ਨਵੀਂ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ, ਜਿੱਥੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਰਾਹੀਂ ਆਰਥਕ ਪੱਖੋਂ ਮਜ਼ਬੂਤ ਬਣਾਇਆ ਜਾ ਰਿਹਾ ਹੈ | ਉਨ੍ਹਾ ਕਿਹਾ ਕਿ ਸਿਰਫ਼ 10 ਮਹੀਨਿਆਂ ਦੇ ਕਾਰਜਕਾਲ ਦੌਰਾਨ 26074 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | ਮਾਨ ਨੇ ਕਿਹਾ ਕਿ ਹੋਰ ਨੌਕਰੀਆਂ ਦੇਣ ਦੀ ਕਾਰਵਾਈ ਵੀ ਚੱਲ ਰਹੀ ਹੈ ਅਤੇ ਇਹ ਪ੍ਰਕਿਰਿਆ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ |
ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਕਾਰਜਕਾਲ ਦੇ ਦਸ ਮਹੀਨਿਆਂ ਦੌਰਾਨ ਸੂਬਾ ਸਰਕਾਰ ਨੇ ਕਈ ਮਿਸਾਲੀ ਫੈਸਲੇ ਲਏ ਹਨ, ਜਦੋਂ ਕਿ ਦੂਜੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ਦੌਰਾਨ ਲੋਕਾਂ ਨਾਲ ਵਾਅਦੇ ਕਰਦੀਆਂ ਸਨ ਪਰ ਉਨ੍ਹਾਂ ਨੇ ਵਾਅਦੇ ਨਹੀਂ, ਲੋਕਾਂ ਨੂੰ ਗਰੰਟੀਆਂ ਦਿੱਤੀਆਂ | ਭਗਵੰਤ ਮਾਨ ਨੇ ਕਿਹਾ ਕਿ ਇਕ-ਇਕ ਕਰਕੇ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ |
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਜੁਲਾਈ ਤੋਂ ਹਰੇਕ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ ਅਤੇ ਇਹ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਨਵੰਬਰ-ਦਸੰਬਰ 2022 ਮਹੀਨਿਆਂ ਵਿੱਚ ਸੂਬੇ ਦੇ 87 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਹੋਰ ਗਰੰਟੀ ਪੂਰੀ ਕਰਦਿਆਂ ਪੰਜਾਬ ਭਰ ਵਿੱਚ 500 ਆਮ ਆਦਮੀ ਕਲੀਨਿਕ ਖੋਲ੍ਹ ਦਿੱਤੇ ਹਨ, ਜਿੱਥੇ ਆਉਣ ਵਾਲੇ ਹਰੇਕ ਮਰੀਜ਼ ਦਾ ਆਨਲਾਈਨ ਡੇਟਾ ਰੱਖਿਆ ਜਾ ਰਿਹਾ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਹੈ | ਇਹ ਸਕੂਲ, ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਗੇ | ਉਹਨਾ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਦੌਲਤ ਨੂੰ ਲੁੱਟਿਆ | ਉਨ੍ਹਾ ਕਿਹਾ ਕਿ ਸਾਡੀ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਇਸ ਘਿਨਾਉਣੇ ਜੁਰਮ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾਵੇ | ਸੂਬੇ ਦੇ ਦੋਖੀਆਂ, ਜਿਨ੍ਹਾਂ ਲੋਕਾਂ ਦੇ ਖ਼ਜ਼ਾਨੇ ਨੂੰ ਲੁੱਟਿਆ, ਨੂੰ ਸਜ਼ਾ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ |
ਉਹਨਾ ਕਿਹਾ ਕਿ ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਉੱਦਮੀਆਂ ਨੇ ਰਾਜ ਵਿੱਚ ਨਿਵੇਸ਼ ਲਈ ਉਤਸ਼ਾਹ ਦਿਖਾਇਆ ਹੈ | ਉਨ੍ਹਾ ਕਿਹਾ ਕਿ ਹੁਣ ਤੱਕ ਪੰਜਾਬ ਵਿੱਚ 27 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਨੌਜਵਾਨਾਂ ਲਈ ਨੌਕਰੀਆਂ ਦੇ ਲੱਖਾਂ ਮੌਕੇ ਪੈਦਾ ਹੋ ਰਹੇ ਹਨ | ਉਹਨਾ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਇਕ ਹੋਰ ਮਿਸਾਲੀ ਫੈਸਲੇ ਤਹਿਤ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਉਨ੍ਹਾਂ ਦੇ ਘਰਾਂ ਵਿੱਚ ਹੀ ਪਹੁੰਚਾਉਣ ਦਾ ਫੈਸਲਾ ਕੀਤਾ ਹੈ | ਇਸ ਤੋਂ ਪਹਿਲਾਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਮੁੱਖ ਮੰਤਰੀ ਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ |

LEAVE A REPLY

Please enter your comment!
Please enter your name here