16.8 C
Jalandhar
Sunday, December 22, 2024
spot_img

ਕਮਜ਼ੋਰਾਂ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਨਹੀਂ ਛੱਡਾਂਗੇ : ਮਾਨ

ਜਲੰਧਰ (ਸੁਰਿੰਦਰ, ਸ਼ੈਲੀ, ਉਭੀ, ਥਾਪਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਉਤੇ ਚਲਦੇ ਹੋਏ ਸਮਾਜ ਦੇ ਕਮਜ਼ੋਰ ਤੇ ਪੱਛੜੇ ਵਰਗਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਦਾ ਅਹਿਦ ਲਿਆ |
ਇੱਥੇ ਰੇਲਵੇ ਸਟੇਸ਼ਨ ਤੋਂ ਗੁਰੂ ਰਵਿਦਾਸ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾ ਰਹੇ ਸ਼ਰਧਾਲੂਆਂ ਦੀ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਤੋਂ ਆਸ਼ੀਰਵਾਦ ਲਿਆ ਅਤੇ ਇਸ ਉਪਰੰਤ ਕਿਹਾ ਕਿ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਗਰੀਬ ਤੋਂ ਗਰੀਬ ਦੀ ਭਲਾਈ ਨੂੰ ਯਕੀਨੀ ਬਣਾਵੇ | ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾ ਦੀ ਸਰਕਾਰ ਵੱਡੇ ਬਹੁਮਤ ਨਾਲ ਸੱਤਾ ਵਿਚ ਆਈ ਹੈ | ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ |
ਮੁੱਖ ਮੰਤਰੀ ਨੇ ਕਿਹਾ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ ਉਤੇ ਅਧਾਰਤ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ ਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ | ਉਨ੍ਹਾ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਦੁੱਖ ਨਾ ਝੱਲਣਾ ਪਵੇ | ਮੁੱਖ ਮੰਤਰੀ ਨੇ ਡੇਰਾ ਬੱਲਾਂ ਵੱਲੋਂ ਲੋਕਾਂ ਦੀ ਸਮਾਜਕ ਅਤੇ ਆਰਥਕ ਭਲਾਈ ‘ਚ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ਅਤੇ ਫਲਸਫੇ ਨਾਲ ਲੋਕਾਂ ਨੂੰ ਜੋੜਨ ਦੇ ਨਾਲ-ਨਾਲ ਡੇਰੇ ਨੇ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ‘ਚ ਹਮੇਸ਼ਾ ਅਹਿਮ ਭੂਮਿਕਾ ਨਿਭਾਈ ਹੈ | ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ, ਸ਼ੀਤਲ ਅੰਗੂਰਾਲ ਅਤੇ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ, ਮੁੱਖ ਮੰਤਰੀ ਦੇ ਐਡੀਸ਼ਨਲ ਪਿ੍ੰਸੀਪਲ ਸੈਕਟਰੀ ਹਿਮਾਂਸ਼ੂ ਜੈਨ ਅਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ |

Related Articles

LEAVE A REPLY

Please enter your comment!
Please enter your name here

Latest Articles