9.8 C
Jalandhar
Sunday, December 22, 2024
spot_img

ਸਕਾਲਰਸ਼ਿਪ ਸਕੀਮ ਦੇ ਦੋਖੀ ਛੇਤੀ ਹੋਣਗੇ ਸਲਾਖਾਂ ਪਿੱਛੇ : ਮਾਨ

ਜਲੰਧਰ (ਸੁਰਿੰਦਰ ਕੁਮਾਰ, ਰਾਜੇਸ਼ ਥਾਪਾ, ਸ਼ੈਲੀ ਐਲਬਰਟ, ਇਕਬਾਲ ਉਭੀ)
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦਿਆਂ ਸਮਾਜ ‘ਚ ਫੈਲੀਆਂ ਵੱਖ-ਵੱਖ ਸਮਾਜਕ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ਦਾ ਸੱਦਾ ਦਿੱਤਾ | ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ | ਉਨ੍ਹਾ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਵਿਸ਼ਵ ਨੂੰ ਮਨੁੱਖਤਾ ਦਾ ਮਾਰਗ ਦਿਖਾਇਆ | ਮਾਨ ਨੇ ਕਿਹਾ ਕਿ ਇਹ ਬਾਣੀ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਤੋਂ ਮੁਕਤੀ ਦਿਵਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਦਿਖਾਏ ਰਸਤੇ ‘ਤੇ ਚੱਲਦਿਆਂ ਸੂਬਾ ਸਰਕਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਣਥੱਕ ਯਤਨ ਕਰ ਰਹੀ ਹੈ | ਉਨ੍ਹਾ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਅਤੇ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਵੱਲੋਂ ਦਰਸਾਏ ਬਰਾਬਰੀ ਦੇ ਮਾਰਗ ਅਨੁਸਾਰ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ | ਮਾਨ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਨਾਲ ਲੈਸ ਕੀਤਾ ਜਾ ਰਿਹਾ ਹੈ, ਤਾਂ ਜੋ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਸਕੇ | ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਗਰੀਬੀ ਨੂੰ ਦੂਰ ਕੀਤਾ ਜਾ ਸਕਦਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ | ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਇਹ ਸਮੇਂ ਦੀ ਲੋੜ ਹੈ | ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਬਦਕਿਸਮਤੀ ਨਾਲ ਸੂਬੇ ਦੀ ਸੱਤਾ ‘ਤੇ ਕਾਬਜ਼ ਲੋਕਾਂ ਨੇ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ | ਉਨ੍ਹਾ ਕਿਹਾ ਕਿ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਰੱਖੇ ਫੰਡਾਂ ਦੀ ਵੀ ਲੁੱਟ ਕੀਤੀ ਗਈ | ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਲੁੱਟਿਆ ਗਿਆ ਇੱਕ-ਇੱਕ ਪੈਸਾ ਉਨ੍ਹਾਂ ਕੋਲੋਂ ਵਸੂਲ ਕੀਤਾ ਜਾਵੇਗਾ |
ਮੁੱਖ ਮੰਤਰੀ ਨੇ ਇਸ ਪਵਿੱਤਰ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ | ਉਨ੍ਹਾ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰਤਾ ਵਾਲੇ ਸਮਾਜ ਵੱਲ ਸੇਧ ਦਿੰਦੀਆਂ ਹਨ | ਮੁੱਖ ਮੰਤਰੀ ਨੇ ਕਿਹਾ ਕਿ ਇਹ ‘ਪ੍ਰਕਾਸ਼ ਉਤਸਵ’ ਅਜਿਹੇ ਸਮਾਜ ਦੀ ਸਿਰਜਣਾ ਦੇ ਕਾਰਜ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ, ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਅਤੇ ਗੌਰਵ ਨਾਲ ਜੀਵਨ ਬਤੀਤ ਕਰਦਾ ਹੈ | ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਕ ਤੌਰ ‘ਤੇ ਗੁਰੂ ਜੀ ਦਾ ਪ੍ਰਕਾਸ ਉਤਸਵ ਮਨਾਉਣ | ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਸੰਦੇਸ਼ ਸਦੀਆਂ ਤੋਂ ਸਮੁੱਚੇ ਸਮਾਜ ਲਈ ਗਿਆਨ ਦਾ ਸਰੋਤ ਰਿਹਾ ਹੈ | ਉਨ੍ਹਾ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹੇ ਮਾਨਵਤਾ ਭਰਪੂਰ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ, ਜਿੱਥੇ ਹਰੇਕ ਵਿਅਕਤੀ ਨੂੰ ਉਸ ਦੀ ਜਾਤ, ਨਸਲ, ਧਰਮ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ | ਇਸ ਤੋਂ ਪਹਿਲਾਂ ਵਿਧਾਇਕ ਸੀਤਲ ਅੰਗੂਰਾਲ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ | ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ ਤੇ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸਨਰ ਜਸਪ੍ਰੀਤ ਸਿੰਘ, ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੇ ਹੋਰ ਵੀ ਹਾਜ਼ਰ ਸਨ |

Related Articles

LEAVE A REPLY

Please enter your comment!
Please enter your name here

Latest Articles