ਜਗਰਾਓਾ (ਨਛੱਤਰ ਸੰਧੂ)-ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੇੜਲੇ ਪਿੰਡ ਗੋਰਸੀਆਂ ਖਾਨ ਮੁਹੰਮਦ ‘ਚ ਰੇਤ ਦੀ ਸਰਕਾਰੀ ਖੱਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਦੇ ਨਾਲ ਹੀ ਸੂਬੇ ਅੰਦਰ 16 ਜਨਤਕ ਖੱਡਾਂ ਦਾ ਆਗਾਜ਼ ਹੋ ਗਿਆ ਹੈ, ਜਿੱਥੋਂ ਲੋਕ ਟਰੈਕਟਰ-ਟਰਾਲੀ ਲਿਜਾ ਕੇ 5.50 ਰੁਪਏ ਕਿਊਬਿਕ ਫੁੱਟ ਦੇ ਭਾਅ ਰੇਤ ਭਰ ਸਕਣਗੇ | ਲੋਕਾਂ ਨੂੰ ਟਰੈਕਟਰ-ਟਰਾਲੀ ਦੇ ਨਾਲ ਲੇਬਰ ਲਿਜਾਣੀ ਹੋਵੇਗੀ ਅਤੇ ਲੇਬਰ ਨਾ ਹੋਣ ‘ਤੇ ਖੱਡਾਂ ‘ਤੇ ਵੀ ਲੇਬਰ ਮੁਹੱਈਆ ਹੋਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੱਡਾਂ ‘ਚ ਟਿੱਪਰਾਂ ਅਤੇ ਜੇ ਸੀ ਬੀ ਨੂੰ ਲਿਜਾਣ ਦੀ ਆਗਿਆ ਨਹੀਂ ਹੋਵੇਗੀ | ਸਰਕਾਰ ਦਾ ਕੋਈ ਮੰਤਰੀ, ਵਿਧਾਇਕ, ਨੁਮਾਇੰਦਾ ਜਾਂ ਪਾਰਟੀ ਆਗੂ ਇਸ ਕੰਮ ‘ਚ ਦਖ਼ਲ ਨਹੀਂ ਦੇਵੇਗਾ |
ਸੂਬੇ ਦੇ 7 ਜ਼ਿਲਿ੍ਹਆਂ ਵਿਚ ਫੈਲੀਆਂ 16 ਜਨਤਕ ਖੱਡਾਂ ਨੂੰ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰ ਨੇ ਲੋਕਾਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂਰੀ ਕਰ ਦਿੱਤੀ ਹੈ | ਉਨ੍ਹਾ ਕਿਹਾ ਕਿ ਬੀਤੇ ਸਮੇਂ ਵਿਚ ਦਬਦਬਾ ਬਣਾ ਕੇ ਲੋਕਾਂ ਨੂੰ ਡਰਾਉਣ-ਧਮਕਾਉਣ ਵਾਲੇ ਰੇਤ ਮਾਫੀਏ ਨੂੰ ਸੂਬਾ ਸਰਕਾਰ ਨੇ ਜੜ੍ਹੋਂ ਖਤਮ ਕਰ ਦਿੱਤਾ ਹੈ, ਤਾਂ ਕਿ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਈ ਜਾ ਸਕੇ |
ਉਹਨਾ ਕਿਹਾ ਕਿ ਹੁਣ ਜਨਤਕ ਖੱਡਾਂ ਤੋਂ ਰੇਤ ਦੀ ਸਿਰਫ ਹੱਥੀਂ ਖੁਦਾਈ ਕਰਨੀ ਹੋਵੇਗੀ ਅਤੇ ਰੇਤ ਦੀ ਮਸ਼ੀਨੀ ਖੁਦਾਈ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ | ਕਿਸੇ ਵੀ ਰੇਤ ਠੇਕੇਦਾਰ ਨੂੰ ਇਹ ਜਨਤਕ ਖੱਡਾਂ ਚਲਾਉਣ ਦੀ ਆਗਿਆ ਨਹੀਂ ਹੋਵੇਗੀ | ਜਨਤਕ ਖੱਡਾਂ ਵਾਲੀਆਂ ਥਾਵਾਂ ਤੋਂ ਰੇਤ ਸਿਰਫ ਗੈਰ-ਵਪਾਰਕ ਪ੍ਰਾਜੈਕਟਾਂ ਦੀ ਉਸਾਰੀ ਲਈ ਵਰਤਣ ਵਾਸਤੇ ਹੀ ਵੇਚੀ ਜਾਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਰੇਤ ਦੀ ਵਿਕਰੀ ਸੂਰਜ ਡੁੱਬਣ ਤੱਕ ਹੀ ਹੋਵੇਗੀ ਅਤੇ ਹਰੇਕ ਜਨਤਕ ਖੱਡ ਵਾਲੀ ਥਾਂ ‘ਤੇ ਰੇਤ ਕੱਢੇ ਜਾਣ ਨੂੰ ਨਿਯਮਤ ਕਰਨ ਲਈ ਇੱਕ ਸਰਕਾਰੀ ਅਧਿਕਾਰੀ ਹਮੇਸ਼ਾ ਮੌਜੂਦ ਰਹੇਗਾ | ਸੂਬਾ ਸਰਕਾਰ ਨੇ ਇੱਕ ਐਪ ਵੀ ਬਣਾਈ ਹੈ, ਜੋ ਲੋਕਾਂ ਨੂੰ ਜਨਤਕ ਖੱਡਾਂ ਵਾਲੀਆਂ ਥਾਵਾਂ ਬਾਰੇ ਪੂਰੀ ਜਾਣਕਾਰੀ ਦੇਵੇਗੀ ਅਤੇ ਇੱਥੋਂ ਤੱਕ ਕਿ ਆਨਲਾਈਨ ਭੁਗਤਾਨ ਦੀ ਸਹੂਲਤ ਵੀ ਦੇਵੇਗੀ | ਮਾਨ ਨੇ ਕਿਹਾ ਕਿ ਅਗਲੇ ਮਹੀਨੇ ਤੱਕ ਸੂਬੇ ਭਰ ਵਿੱਚ ਅਜਿਹੀਆਂ 50 ਹੋਰ ਖੱਡਾਂ ਚਾਲੂ ਹੋ ਜਾਣਗੀਆਂ | ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਬੰਧ ਵਿਚ ਇੱਕ ਐਪ ਲਾਂਚ ਕੀਤੀ ਗਈ ਹੈ, ਜੋ ਗੂਗਲ ਮੈਪਸ ਨਾਲ ਜੁੜੀ ਹੋਵੇਗੀ ਅਤੇ ਵਿਅਕਤੀ ਨੂੰ ਨੇੜੇ ਦੀ ਜਨਤਕ ਖੱਡ ਬਾਰੇ ਜਾਣੂੰ ਕਰਵਾਏਗੀ | ਉਨ੍ਹਾ ਕਿਹਾ ਕਿ ਇਸ ਨਾਲ ਲੋਕਾਂ ਨੂੰ ਸਸਤੀ ਰੇਤ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਠੇਕੇਦਾਰਾਂ ਅਤੇ ਟਰਾਂਸਪੋਰਟਰਾਂ ਵੱਲੋਂ ਕੀਤੀ ਜਾ ਰਹੀ ਲੁੱਟ ਨੂੰ ਰੋਕਿਆ ਜਾਵੇਗਾ | ਮਾਨ ਨੇ ਦੱਸਿਆ ਕਿ ਇਹ ਖੱਡਾਂ ਇਕ ਅਪ੍ਰੈਲ ਤੋਂ 30 ਸਤੰਬਰ ਤੱਕ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਅਤੇ 1 ਅਕਤੂਬਰ ਤੋਂ 31 ਮਾਰਚ ਤੱਕ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣਗੀਆਂ | ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਰੇਤ ਦੀਆਂ ਖੱਡਾਂ ਰਾਹੀਂ ਗੈਰ-ਕਾਨੂੰਨੀ ਪੈਸਾ ਇਕੱਠਾ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਜਵਾਬਦੇਹ ਬਣਾਇਆ ਜਾਵੇਗਾ | ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਹਰਦੀਪ ਸਿੰਘ ਮੁੰਡੀਆਂ ਅਤੇ ਜੀਵਨ ਸਿੰਘ ਸੰਗੋਵਾਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕੇ ਐੱਨ ਐੱਸ ਕੰਗ, ਚੇਅਰਮੈਨ ਮਾਰਕਫੈੱਡ ਅਮਨਦੀਪ ਸਿੰਘ ਮੋਹੀ, ਚੇਅਰਮੈਨ ਨਵਜੋਤ ਸਿੰਘ ਜਰਗ, ਚੇਅਰਮੈਨ ਸੁਰੇਸ਼ ਗੋਇਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਸਕੱਤਰ ਮਾਈਨਿੰਗ ਗੁਰਕਿਰਤ ਕਿ੍ਪਾਲ ਸਿੰਘ, ਡਾਇਰੈਕਟਰ ਮਾਈਨਿੰਗ ਡੀ ਪੀ ਐੱਸ ਖਰਬੰਦਾ ਅਤੇ ਹੋਰ ਵੀ ਹਾਜ਼ਰ ਸਨ |