ਚੰਡੀਗੜ੍ਹ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਉਦ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ 9, 10 ਤੇ 11 ਫਰਵਰੀ ਨੂੰ ਪੰਜਾਬ ਭਰ ‘ਚ ਮੰਤਰੀਆਂ/ਵਿਧਾਇਕਾਂ ਦੇ ਘਰਾਂ ਵੱਲ ਰੋਸ ਮਾਰਚ ਕਰਕੇ Tਮੁੱਖ ਮੰਤਰੀ ਹਾਜ਼ਰ ਹੋ” ਦੇ ਐਲਾਨੇ ਪ੍ਰੋਗਰਾਮ ਨੂੰ ਬਦਲ ਕੇ ਇਨ੍ਹਾਂ ਹੀ ਤਰੀਕਾਂ ਵਿੱਚ ਉਹਨਾਂ ਹੀ ਸ਼ਹਿਰਾਂ ‘ਚ ਚਿਤਾਵਨੀ ਰੈਲੀਆਂ ਕਰਕੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਣ ਦਾ ਐਲਾਨ ਕੀਤਾ ਗਿਆ | ਇਹ ਜਾਣਕਾਰੀ ਮੀਟਿੰਗ ਵਿੱਚ ਹਾਜ਼ਰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਪੰਜਾਬ ਖੇਤ ਮਜ਼ਦੂਰ ਸਭਾ ਦੇ ਕੁਲ ਹਿੰਦ ਸਕੱਤਰ ਗੁਲਜ਼ਾਰ ਗੋਰੀਆ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕੁਲਵੰਤ ਸੇਲਬਰ੍ਹਾ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰਪਾਲ ਸਿੰਘ, ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਆਗੂ ਮੱਖਣ ਸਿੰਘ ਰਾਮਗੜ੍ਹ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਗੁਰਵਿੰਦਰ ਸਿੰਘ ਵੱਲੋਂ ਜਾਰੀ ਕੀਤੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਦਿੱਤੀ ਗਈ | ਮੀਟਿੰਗ ਵਿੱਚ ਉਕਤ ਆਗੂਆਂ ਤੋਂ ਇਲਾਵਾ ਸਾਥੀ ਹਰਮੇਸ਼ ਮਾਲੜੀ, ਦੇਵੀ ਕੁਮਾਰੀ, ਕਸ਼ਮੀਰ ਘੁਗਸ਼ੋਰ, ਸੰਦੀਪ ਸਿੰਘ ਤੇ ਬਲਵੀਰ ਸਿੰਘ ਵੀ ਹਾਜ਼ਰ ਸਨ |
ਮਜ਼ਦੂਰ ਆਗੂ ਨੇ ਦੱਸਿਆ ਕਿ ਇਹ ਤਬਦੀਲੀ 15 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਾਂਝੇ ਮਜ਼ਦੂਰ ਮੋਰਚੇ ਦੀ ਮੀਟਿੰਗ ਲਿਖਤੀ ਰੂਪ ਵਿੱਚ ਤਹਿ ਹੋਣ ਕਰਕੇ ਕੀਤੀ ਗਈ ਹੈ | ਉਨ੍ਹਾ ਕਿਹਾ ਕਿ ਬੇਸ਼ੱਕ ਮੁੱਖ ਮੰਤਰੀ ਵੱਲੋਂ ਮੀਟਿੰਗ ਦੇ ਦਿੱਤੀ ਗਈ ਹੈ, ਪਰ ਸਰਕਾਰੀ ਅਧਿਕਾਰੀਆਂ ਅਤੇ ਸਰਕਾਰ ਦਾ ਮਜ਼ਦੂਰ ਮੰਗਾਂ ਪ੍ਰਤੀ ਰਵੱਈਆ ਅਣਗੌਲਿਆ ਰਿਹਾ ਹੈ, ਇਸ ਲਈ ਮਜ਼ਦੂਰ ਪੂਰੀ ਤਿਆਰੀ ਨਾਲ ਤਿੰਨ ਦਿਨ ਚੇਤਾਵਨੀ ਰੈਲੀਆਂ ਕਰਕੇ ਸਰਕਾਰ ਨੂੰ ਚੇਤਾਵਨੀ ਦੇਣਗੇ ਕਿ ਜੇਕਰ ਹੁਣ ਵੀ ਸਰਕਾਰ ਨੇ ਮਜ਼ਦੂਰਾਂ ਨੂੰ ਅਣਗੌਲੇ ਕੀਤਾ ਤਾਂ ਮਜ਼ਦੂਰ ਤਿੱਖੇ ਸੰਘਰਸ਼ ਲਈ ਮਜਬੂਰ ਹੋਣਗੇ | ਉਨ੍ਹਾਂ ਸਾਂਝੇ ਮਜ਼ਦੂਰ ਮੋਰਚੇ ਦੇ ਫੈਸਲੇ ਦੱਸਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਵੱਲੋਂ ਮੀਟਿੰਗ ਦੌਰਾਨ ਮਜ਼ਦੂਰ ਮੰਗਾਂ ਦਾ ਨਿਬੇੜਾ ਨਾ ਕੀਤਾ ਗਿਆ ਤਾਂ ਮਾਰਚ ਦੇ ਪਹਿਲੇ ਹਫਤੇ ਤੋਂ ਮਜ਼ਦੂਰ ਜਥੇਬੰਦੀਆਂ ਪੱਕਾ ਮੋਰਚਾ ਲਾਉਣਗੀਆਂ | ਜ਼ਿਕਰਯੋਗ ਹੈ ਕਿ ਮਜ਼ਦੂਰਾਂ ਦਾ ਸਾਂਝਾ ਮੋਰਚਾ ਪਿਛਲੇ ਲੰਮੇ ਸਮੇਂ ਤੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦਾ ਆ ਰਿਹਾ ਹੈ, ਪਰ ਸਰਕਾਰਾਂ ਵੱਲੋਂ ਮਜ਼ਦੂਰਾਂ ਦੇ ਸੰਘਰਸ਼ ਨੂੰ ਹਮੇਸ਼ਾ ਅਣਗੌਲਿਆ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੀ ਮਜ਼ਦੂਰਾਂ ਦੇ ਸੰਘਰਸ਼ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾ ਕਿਹਾ ਕਿ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਮੁੱਖ ਮੰਤਰੀ ਹਾਜ਼ਰ ਨਹੀਂ ਹੋਏ, ਜਿਸ ਕਾਰਨ ਮਜ਼ਦੂਰਾਂ ਵਿੱਚ ਸਰਕਾਰ ਪ੍ਰਤੀ ਅੰਤਾਂ ਦੀ ਨਰਾਜ਼ਗੀ ਹੈ | ਮਜ਼ਦੂਰ ਆਗੂ ਨੇ ਸਾਂਝੇ ਮੋਰਚੇ ਦੀ ਤਰਫੋਂ ਬੇਜ਼ਮੀਨੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਉਕਤ ਐਕਸ਼ਨਾਂ ਵਿੱਚ ਵਧ-ਚੜ੍ਹ ਕੇ ਪਰਵਾਰਾਂ ਸਮੇਤ ਹਾਜ਼ਰ ਹੋਣ |