13.8 C
Jalandhar
Monday, December 23, 2024
spot_img

ਪੰਜਾਬ ਛੇਤੀ ਹੀ ਦੇਸ਼ ਭਰ ‘ਚੋਂ ਮੋਹਰੀ ਸਨਅਤੀ ਸੂਬਾ ਬਣ ਕੇ ਉਭਰੇਗਾ : ਮਾਨ

ਅੰਮਿ੍ਤਸਰ (ਜਸਬੀਰ ਸਿੰਘ ਪੱਟੀ,
ਨਰਿੰਦਰਜੀਤ ਸਿੰਘ)
ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਕਿਹਾ ਕਿ ਮੌਜੂਦਾ ਸਿਆਸੀ ਸਥਿਰਤਾ ਦੇ ਦੌਰ ਅਤੇ ਤੇਜ਼ ਗਤੀ ਨਾਲ ਫੈਸਲੇ ਲੈਣ ਦੇ ਢਾਂਚੇ ਦੇ ਨਾਲ-ਨਾਲ ਲੀਕ ਤੋਂ ਹਟਵੇਂ ਵਿਚਾਰਾਂ ਨਾਲ ਪੰਜਾਬ ਛੇਤੀ ਹੀ ਦੇਸ਼ ਭਰ ਵਿੱਚੋਂ ਮੋਹਰੀ ਸਨਅਤੀ ਸੂਬਾ ਬਣ ਕੇ ਉੱਭਰੇਗਾ |
ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਦੌਰਾਨ ਇੱਥੇ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਜਨਮ ਹੀ ਨੰਬਰ ਇਕ ਉਤੇ ਪੁੱਜਣ ਲਈ ਹੋਇਆ ਹੈ, ਕਿਉਂਕਿ ਮਿਹਨਤ ਤੇ ਸਮਰਪਣ ਦੀ ਭਾਵਨਾ ਪੰਜਾਬੀਆਂ ਦੇ ਖ਼ੂਨ ਵਿੱਚ ਹੀ ਸਮਾਈ ਹੋਈ ਹੈ | ਉਨ੍ਹਾ ਕਿਹਾ ਕਿ ਇਸੇ ਜਜ਼ਬੇ ਨਾਲ ਪੰਜਾਬੀਆਂ ਨੇ ਹਮੇਸ਼ਾ ਹਰੇਕ ਖੇਤਰ ਵਿੱਚ ਮੱਲਾਂ ਮਾਰੀਆਂ ਅਤੇ ਸੂਬੇ ਦੇ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਵੱਖਰਾ ਮੁਕਾਮ ਹਾਸਲ ਕੀਤਾ ਹੈ | ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਨਅਤੀ ਤਰੱਕੀ ਦੀ ਤੇਜ਼ ਰਫ਼ਤਾਰ ਦਾ ਪਾਂਧੀ ਬਣੇਗਾ |
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਸ ਗੱਲੋਂ ਖ਼ੁਸ਼ਕਿਸਮਤ ਹੈ ਕਿ ਇੱਥੇ ਬਹੁਤ ਸਾਰੇ ਕੁਦਰਤੀ ਸਰੋਤ ਹਨ, ਜਿਨ੍ਹਾਂ ਨੂੰ ਕੌਮਾਂਤਰੀ ਸੈਲਾਨੀਆਂ ਲਈ ਸੈਰਗਾਹਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ | ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਚੋਹਾਲ ਡੈਮ, ਨੂਰਪੁਰ ਬੇਦੀ ਤੇ ਹੋਰ ਥਾਵਾਂ ਨੂੰ ਆਧੁਨਿਕ ਸੈਰਗਾਹਾਂ ਵਜੋਂ ਵਿਕਸਤ ਕਰਨ ਲਈ ਪੁਖ਼ਤਾ ਤਜਵੀਜ਼ ਲਿਆ ਰਹੀ ਹੈ | ਇਨ੍ਹਾਂ ਸੈਰ-ਸਪਾਟਾ ਕੇਂਦਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ, ਜਿਹੜੀਆਂ ਸੂਬੇ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਲਿਆ ਸਕਦੀਆਂ ਹਨ | ਉਹਨਾ ਕਿਹਾ ਕਿ ਪਵਿੱਤਰ ਨਗਰੀ ਅੰਮਿ੍ਤਸਰ ਨੂੰ ਸੈਰ-ਸਪਾਟੇ ਪੱਖੋਂ ਇਸ ਤਰ੍ਹਾਂ ਵਿਕਸਤ ਕੀਤਾ ਜਾਵੇਗਾ, ਜਿਸ ਤੋਂ ਧਾਰਮਕ ਤੇ ਦੇਸ਼ ਭਗਤੀ ਦੇ ਜਜ਼ਬੇ ਦਾ ਝਲਕਾਰਾ ਮਿਲੇ |
ਮੁੱਖ ਮੰਤਰੀ ਨੇ ਸਥਾਨਕ ਕਾਰੋਬਾਰੀਆਂ ਨੂੰ ਭਰੋਸਾ ਦਿੱਤਾ ਕਿ ਸੈਰਗਾਹਾਂ ਨੂੰ ਵਿਕਸਤ ਕਰਨ ਲਈ ਦੇਸ਼ ਭਰ ਤੋਂ ਜਾਂ ਵਿਦੇਸ਼ਾਂ ਤੋਂ ਵੱਡੀਆਂ ਕੰਪਨੀਆਂ ਨੂੰ ਸੱਦਣ ਦੀ ਥਾਂ ਸਥਾਨਕ ਸਨਅਤਕਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ | ਉਨ੍ਹਾ ਕਿਹਾ ਕਿ ਦੇਸ਼ ਵਿੱਚ ਪੈਦਾ ਹੋਣ ਵਾਲੀ ਕੁੱਲ ਬਾਸਮਤੀ ਦੀ 80 ਫੀਸਦੀ ਪੈਦਾਵਾਰ ਪੰਜਾਬ ਵਿੱਚ ਹੁੰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਉਤਪਾਦਨ ਵਿੱਚ ਹੋਰ ਵਾਧਾ ਕੀਤਾ ਜਾਵੇਗਾ | ਇਸ ਨਾਲ ਇੱਕ ਪਾਸੇ ਉਦਯੋਗਿਕ ਖੇਤਰ ਵਿੱਚ ਕ੍ਰਾਂਤੀ ਆਵੇਗੀ, ਉੱਥੇ ਕਿਸਾਨਾਂ ਦੀ ਆਮਦਨ ਵਧਣ ਦੇ ਨਾਲ-ਨਾਲ ਪਾਣੀ ਦੇ ਰੂਪ ਵਿੱਚ ਬਹੁਮੁੱਲੇ ਕੁਦਰਤੀ ਸਰੋਤ ਦੀ ਬੱਚਤ ਹੋਵੇਗੀ | ਉਹਨਾ ਉੱਦਮੀਆਂ ਨਾਲ ਭਾਵੁਕ ਸਾਂਝ ਪਾਉਂਦਿਆਂ ਆਖਿਆ ਕਿ ਉਹ ਕਿਧਰੇ ਹੋਰ ਨਾ ਜਾਣ ਅਤੇ ਆਪਣੀ ਮਾਤ ਭੂਮੀ ਦੀ ਸੇਵਾ ਲਈ ਇੱਥੇ ਆਪਣਾ ਕਾਰੋਬਾਰ ਵਧਾਉਣ ਵੱਲ ਧਿਆਨ ਦੇਣ | ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਉਦਯੋਗਾਂ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰ ਰਹੀ ਹੈ | ਪੰਜਾਬੀ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੂੰ ਸੂਬੇ ਵਿੱਚ ਆਪਣੇ ਪਸਾਰ ਵੱਲ ਧਿਆਨ ਦੇਣਾ ਚਾਹੀਦਾ ਹੈ | ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਉਦਯੋਗਪਤੀਆਂ ਨੂੰ ਆਪਣੇ ਪ੍ਰਾਜੈਕਟਾਂ ਲਈ ਸੱਤਾਧਾਰੀ ਪਰਵਾਰਾਂ ਨਾਲ ਸਮਝੌਤਿਆਂ ‘ਤੇ ਦਸਤਖ਼ਤ ਕਰਨੇ ਪੈਂਦੇ ਸਨ, ਪਰ ਜਦੋਂ ਤੋਂ ਉਨ੍ਹਾ ਸੂਬੇ ਦੀ ਵਾਗਡੋਰ ਸੰਭਾਲੀ ਹੈ, ਹੁਣ ਪੰਜਾਬ ਵਾਸੀਆਂ ਦੇ ਹਿੱਤ ਵਿੱਚ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਜਾਂਦੇ ਹਨ | ਪਹਿਲਾਂ ਰਸੂਖਦਾਰ ਪਰਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਹਾ ਮਿਲਦਾ ਸੀ, ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ | ਮਾਨ ਨੇ ਕਿਹਾ ਕਿ ਨਵੀਂ ਸਨਅਤੀ ਨੀਤੀ ਦੇ ਸੰਬੰਧ ਵਿੱਚ ਜੇਕਰ ਕੋਈ ਹੋਰ ਸੁਝਾਅ ਹੈ ਤਾਂ ਅਸੀਂ ਉਸ ਦਾ ਸਵਾਗਤ ਕਰਾਂਗੇ | ਉਹਨਾ ਵਿਅੰਗ ਕੱਸਦਿਆਂ ਆਖਿਆ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾ ਨਾਲ ਈਰਖਾ ਕਰਦੀਆਂ ਹਨ, ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਵਿਅਕਤੀ ਦਾ ਪੁੱਤ ਨੇਕ ਨੀਅਤ ਨਾਲ ਸੂਬੇ ਦੀ ਸੇਵਾ ਕਰ ਰਿਹਾ ਹੈ | ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਇੰਦਰਬੀਰ ਸਿੰਘ ਨਿੱਝਰ, ਅਨਮੋਲ ਗਗਨ ਮਾਨ, ਹਰਭਜਨ ਸਿੰਘ ਈ ਟੀ ਓ, ਲਾਲਜੀਤ ਸਿੰਘ ਭੁੱਲਰ ਤੇ ਹੋਰ ਵੀ ਹਾਜ਼ਰ ਸਨ |

Related Articles

LEAVE A REPLY

Please enter your comment!
Please enter your name here

Latest Articles