ਮਾਨ ਵੱਲੋਂ ਸਿੱਖ ਸੰਗਤ ਨੂੰ ਬਹਿਬਲ ਕਲਾਂ ‘ਚ ਜਾਮ ਖੋਲ੍ਹਣ ਦੀ ਅਪੀਲ

0
234

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਤੇ ਕੋਟਕਪੂਰਾ ਦੀਆਂ ਘਟਨਾਵਾਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸੰਗਤ ਨੂੰ ਰਾਹਗੀਰਾਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਬਹਿਬਲ ਕਲਾਂ ਵਿੱਚ ਸੜਕ ਤੋਂ ਜਾਮ ਹਟਾਉਣ ਦੀ ਅਪੀਲ ਕੀਤੀ |
ਮੁੱਖ ਮੰਤਰੀ ਨੇ ਕਿਹਾ ਕਿ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਅਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਹਰੇਕ ਮਨੁੱਖ ਦੀ ਮਾਨਸਿਕਤਾ ਉਤੇ ਡੂੰਘੇ ਜ਼ਖ਼ਮ ਦਿੱਤੇ ਹਨ | ਉਨ੍ਹਾ ਕਿਹਾ ਕਿ ਦੋਵਾਂ ਘਟਨਾਵਾਂ ਦਾ ਇਨਸਾਫ਼ ਮਿਲੇਗਾ ਅਤੇ ਇਨ੍ਹਾਂ ਘਿਨਾਉਣੇ ਜੁਰਮਾਂ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਉਤੇ ਬਖ਼ਸ਼ਿਆ ਨਹੀਂ ਜਾਵੇਗਾ | ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਨਸਾਫ਼ ਦਿਵਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ ਅਤੇ ਇਨ੍ਹਾਂ ਜੁਰਮਾਂ ਵਿੱਚ ਜਿਹੜੇ ਵੀ ਲੋਕ ਸ਼ਾਮਲ ਹਨ, ਉਹ ਜਲਦੀ ਹੀ ਸਲਾਖ਼ਾਂ ਪਿੱਛੇ ਹੋਣਗੇ | ਉਹਨਾ ਕਿਹਾ ਕਿ ਬਹਿਬਲ ਕਲਾਂ ਵਿੱਚ ਨੈਸ਼ਨਲ ਹਾਈਵੇ ਉਤੇ ਜਾਮ ਕਾਰਨ ਆਮ ਲੋਕਾਂ ਨੂੰ ਮੁਸ਼ਕਲ ਹੋ ਰਹੀ ਹੈ | ਲੋਕਾਂ ਨੂੰ ਇਸ ਪ੍ਰੇਸ਼ਾਨੀ ਤੋਂ ਬਚਾਇਆ ਜਾਣਾ ਚਾਹੀਦਾ ਹੈ ਅਤੇ ਇਸ ਲਈ ਉਹ ਸੰਗਤ ਨੂੰ ਵਡੇਰੇ ਲੋਕ ਹਿੱਤ ਵਿੱਚ ਸੜਕ ਤੋਂ ਧਰਨਾ ਹਟਾਉਣ ਦੀ ਅਪੀਲ ਕਰਦੇ ਹਨ | ਅਕਾਲੀਆਂ ਤੇ ਕਾਂਗਰਸੀਆਂ ਉਤੇ ਵਰ੍ਹਦਿਆਂ ਉਹਨਾ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਬਚਾਉਣ ਲਈ ਗੰਢਤੁੱਪ ਕੀਤੀ ਹੋਈ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬੇਦੋਸ਼ੇ ਧਰਨਾਕਾਰੀਆਂ ਉਤੇ ਗੋਲੀਬਾਰੀ ਦੀਆਂ ਘਟਨਾਵਾਂ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ, ਪਰ ਕਾਂਗਰਸ ਨੇ ਬਰਗਾੜੀ ਬੇਅਦਬੀ ਤੇ ਹੋਰ ਸੰਬੰਧਤ ਘਟਨਾਵਾਂ ਦੀ ਬਾਰੀਕੀ ਨਾਲ ਪੜਤਾਲ ਨਾ ਕਰਵਾ ਕੇ ਦੋਸ਼ੀਆਂ ਨੂੰ ਬਚਾਉਣ ਲਈ ਸਰਗਰਮ ਭੂਮਿਕਾ ਨਿਭਾਈ | ਦੋਸ਼ੀਆਂ ਨੂੰ ਬਚਾਉਣ ਵਾਲਾ ਅਕਾਲੀ-ਕਾਂਗਰਸ ਗਠਜੋੜ ਆਪ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਟੁੱਟਿਆ ਹੈ | ਉਨ੍ਹਾ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਪੰਜਾਬ ਸਰਕਾਰ ਸ਼ਿੱਦਤ ਨਾਲ ਕੋਸ਼ਿਸ਼ਾਂ ਕਰ ਰਹੀ ਹੈ | ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸ਼ਾਂਤ ਕਰਨ ਲਈ ਇਨ੍ਹਾਂ ਦੋਵਾਂ ਘਟਨਾਵਾਂ ਵਿੱਚ ਇਨਸਾਫ਼ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ |

LEAVE A REPLY

Please enter your comment!
Please enter your name here