ਨੰਗਲ ਸ਼ਹੀਦਾਂ, ਮਾਨਗੜ੍ਹ ਤੇ ਮਜਾਰੀ ਟੋਲ ਪਲਾਜ਼ੇ ਵੀ ਬੰਦ

0
210

ਹੁਸ਼ਿਆਰਪੁਰ. (ਬਲਵੀਰ ਸਿੰਘ ਸੈਣੀ)-ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਸੂਬੇ ਦੇ ਤਿੰਨ ਹੋਰ ਟੋਲ ਪਲਾਜ਼ੇ ਬੰਦ ਕਰਵਾਉਣ ਮੌਕੇ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਪਾਰਟੀਆਂ ਦੀਆਂ ਸਰਕਾਰਾਂ ਦੀ ਟੋਲ ਕੰਪਨੀਆਂ ਨਾਲ ਮਿਲੀਭੁਗਤ ਦਾ ਪਰਦਾਫਾਸ਼ ਕੀਤਾ |
ਇੱਥੇ ਮਜਾਰੀ (ਨਵਾਂਸ਼ਹਿਰ), ਨੰਗਲ ਸ਼ਹੀਦਾਂ ਤੇ ਮਾਨਗੜ੍ਹ (ਹੁਸ਼ਿਆਰਪੁਰ) ਟੋਲ ਪਲਾਜ਼ੇ ਬੰਦ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿੰਨੋਂ ਟੋਲ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ 10.52 ਲੱਖ ਰੁਪਏ ਬਚਣਗੇ | ਮੁੱਖ ਮੰਤਰੀ ਨੇ ਕਿਹਾ ਕਿ ਸਮਝੌਤੇ ਮੁਤਾਬਕ ਇਹ ਟੋਲ 10 ਸਾਲ ਪਹਿਲਾਂ ਬੰਦ ਹੋਣ ਚਾਹੀਦੇ ਸਨ, ਪਰ ਮੌਕੇ ਦੀਆਂ ਸਰਕਾਰਾਂ ਨੇ ਟੋਲ ਕੰਪਨੀ ਉਤੇ ਮਿਹਰਬਾਨ ਹੁੰਦਿਆਂ ਉਲਟਾ ਕੰਪਨੀ ਦੇ ਖਜ਼ਾਨੇ ਭਰਨ ਵਿਚ ਪੂਰੀ ਮਦਦ ਕੀਤੀ |
ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਸਾਡੇ ਸਿਆਸਤਦਾਨਾਂ ਨੇ ਆਪਣੇ ਹੀ ਲੋਕਾਂ ਨਾਲ ਵਫਾ ਨਹੀਂ ਕਮਾਈ | ਪਿਛਲੇ ਸਮੇਂ ਵਿਚ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਦੀਆਂ ਸਰਕਾਰਾਂ ਨੇ ਆਪਣੇ ਲੋਕਾਂ ਦੇ ਹਿੱਤ ਸੋਚਣ ਦੀ ਬਜਾਏ ਸੂਬੇ ਦੇ ਖਜ਼ਾਨੇ ਦੋਵੇਂ ਹੱਥੀਂ ਲੁਟਾਏ | ਇਸ ਦੀ ਸਪੱਸ਼ਟ ਮਿਸਾਲ ਇਸ ਪ੍ਰਾਜੈਕਟ ਤੋਂ ਮਿਲਦੀ ਹੈ ਕਿ ਕਿਵੇਂ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਜੋ ਸਮਝੌਤੇ ਕਰਨ ਮੌਕੇ ਕਾਂਗਰਸ ਸਰਕਾਰ ਵਿਚ ਲੋਕ ਨਿਰਮਾਣ ਮੰਤਰੀ ਸਨ ਅਤੇ ਅਕਾਲੀ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅੰਦਰਖਾਤੇ ਕੰਪਨੀ ਨਾਲ ਮਿਲੀਭੁਗਤ ਕਰਕੇ ਲੋਕਾਂ ਦੀਆਂ ਜੇਬਾਂ ਉਤੇ ਡਾਕਾ ਮਰਵਾਉਂਦੇ ਰਹੇ | ‘ਰਾਜ ਨਹੀਂ ਸੇਵਾ’ ਦਾ ਢੰਡੋਰਾ ਪਿੱਟਣ ਵਾਲੇ ਕੰਪਨੀ ਦੀ ਸੇਵਾ ਵਿਚ ਲੱਗੇ ਰਹੇ | ਇਨ੍ਹਾਂ ਨੇਤਾਵਾਂ ਨੂੰ ਲੋਕਾਂ ਸਾਹਮਣੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਨਾਲ ਧ੍ਰੋਹ ਕਿਉਂ ਕਮਾਇਆ |

LEAVE A REPLY

Please enter your comment!
Please enter your name here