17 ਹੋਰ ਰੇਤ ਖੱਡਾਂ ਲੋਕ ਅਰਪਿਤ

0
190

ਜਲੰਧਰ/ਮਾਓ ਸਾਹਿਬ (ਸੁਰਿੰਦਰ ਕੁਮਾਰ, ਸ਼ੈਲੀ ਐਲਬਰਟ, ਨਿਰਮਲ, ਵਿਜੇ ਕੁਮਾਰ)
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤ ਦੀ ਸਪਲਾਈ ਯਕੀਨੀ ਬਣਾਉਣ ਲਈ ਜਲਦੀ ਹੀ 150 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ | ਇੱਥੇ 17 ਹੋਰ ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 14 ਜ਼ਿਲਿ੍ਹਆਂ ਵਿੱਚ 33 ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਜਲਦੀ 150 ਜਨਤਕ ਰੇਤ ਖੱਡਾਂ ਚਾਲੂ ਕਰੇਗੀ | ਉਨ੍ਹਾ ਕਿਹਾ ਕਿ ਕੁਝ ਦਿਨ ਪਹਿਲਾਂ ਛੇ ਜ਼ਿਲਿ੍ਹਆਂ ਦੀਆਂ 16 ਜਨਤਕ ਰੇਤ ਖੱਡਾਂ ਚਲਾਈਆਂ ਗਈਆਂ ਸਨ ਅਤੇ ਅੱਜ ਅੱਠ ਜ਼ਿਲਿ੍ਹਆਂ ਦੀਆਂ 17 ਹੋਰ ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾ ਰਹੀਆਂ ਹਨ | ਮਾਨ ਨੇ ਕਿਹਾ ਕਿ ਹੁਣ ਤੱਕ ਇਨ੍ਹਾਂ ਜਨਤਕ ਖੱਡਾਂ ਤੋਂ 61,580 ਮੀਟਰਿਕ ਟਨ ਰੇਤਾ ਲੋਕਾਂ ਨੇ ਵਰਤ ਲਿਆ ਹੈ | ਉਨ੍ਹਾ ਕਿਹਾ ਕਿ ਇਸ ਨਾਲ ਬਹੁਤ ਸਾਰੇ ਨੌਜਵਾਨਾਂ ਨੂੰ ਸਿੱਧੇ ਤੇ ਅਸਿੱਧੇ ਤੌਰ ਉਤੇ ਰੁਜ਼ਗਾਰ ਮਿਲਿਆ ਹੈ |
ਮਾਨ ਨੇ ਕਿਹਾ ਕਿ ਹੁਣ ਇਨ੍ਹਾਂ ਜਨਤਕ ਖੱਡਾਂ ਤੋਂ ਸਿਰਫ਼ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾ ਮਿਲੇਗਾ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਇਨ੍ਹਾਂ ਜਨਤਕ ਖੱਡਾਂ ਤੋਂ ਕਿਸੇ ਵੀ ਮਾਈਨਿੰਗ ਠੇਕੇਦਾਰ ਨੂੰ ਆਪਣਾ ਕੰਮ ਚਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ |
ਸੂਬੇ ਵਿੱਚ ਰੇਤ ਮਾਫੀਆ ਨੂੰ ਜਨਮ ਦੇਣ ਅਤੇ ਉਸ ਦੀ ਸਰਪ੍ਰਸਤੀ ਕਰਨ ਲਈ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਇਸ ਮੁੱਦੇ ਉਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ | ਉਨ੍ਹਾ ਕਿਹਾ ਕਿ ਸਭ ਜਾਣਦੇ ਹਨ ਕਿ ਅਕਾਲੀਆਂ ਦੀ ਆਪਣੇ ਲੰਮੇ ਕੁਸ਼ਾਸਨ ਦੌਰਾਨ ਸੂਬੇ ਨੂੰ ਲੁੱਟਣ ਵਾਲੇ ਹਰ ਮਾਫੀਆ ਨਾਲ ਗੰਢਤੁੱਪ ਸੀ | ਮਜੀਠੀਆ ਦੇ ਸੱਜੇ-ਖੱਬੇ ਬੈਠੇ ਦਿਖਾਈ ਦੇਣ ਵਾਲਿਆਂ ਦੇ ਹੱਥ ਪੰਜਾਬੀਆਂ ‘ਤੇ ਜ਼ੁਲਮ ਨਾਲ ਰੰਗੇ ਹੋਏ ਹਨ |
ਉਹਨਾ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਉਹ ਮਜੀਠੀਆ, ਜਿਸ ਦੀ ਪਾਰਟੀ ਨੇ ਇਹ ਸਾਰੀ ਗੜਬੜ ਕੀਤੀ, ਜਿਸ ਤੋਂ ਅੱਜ ਪੂਰਾ ਪੰਜਾਬ ਦੁਖੀ ਹੈ, ਸਿਰਫ ਮੀਡੀਆ ਦੀਆਂ ਸੁਰਖੀਆਂ ਬਟੋਰਨ ਲਈ ਅਜਿਹੇ ਸਵਾਲ ਪੁੱਛ ਰਿਹਾ ਹੈ |
ਮੁੱਖ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਲੰਮੇ ਸਮੇਂ ਤੋਂ ਲਟਕ ਰਹੀਆਂ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਅਤੇ ਕਮਿਸ਼ਨਾਂ ਦੀਆਂ ਸਾਰੀਆਂ ਰਿਪੋਰਟਾਂ ਜਲਦੀ ਹੀ ਜਨਤਕ ਕੀਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਲੁੱਟਣ ਵਾਲੇ ਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ |
ਉਨ੍ਹਾ ਕਿਹਾ ਕਿ ਲੋਕਾਂ ਨੂੰ ਲੁੱਟਣ ਵਾਲੇ ਹਰ ਵਿਅਕਤੀ ਨੂੰ ਬੇਨਕਾਬ ਕਰਕੇ ਕਾਨੂੰਨ ਦੇ ਕਟਹਿਰੇ ‘ਚ ਖੜ੍ਹਾ ਕੀਤਾ ਜਾਵੇਗਾ | ਇਸ ਮੌਕੇ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ |

LEAVE A REPLY

Please enter your comment!
Please enter your name here