ਮੁੱਖ ਮੰਤਰੀ ਦੇਵੀ ਤਲਾਬ ਮੰਦਰ ਹੋਏ ਨਤਮਸਤਕ

0
257

ਜਲੰਧਰ, (ਸ਼ੈਲੀ ਐਲਬਰਟ, ਸੁਰਿੰਦਰ ਕੁਮਾਰ)-ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾਂ ਲਕਸ਼ਮੀ ਮੰਦਰ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ | ਬਾਅਦ ਦੁਪਹਿਰ ਮੰਦਰਾਂ ਵਿੱਚ ਮੱਥਾ ਟੇਕਣ ਪੁੱਜੇ ਮੁੱਖ ਮੰਤਰੀ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ‘ਤੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾ ਕਿਹਾ ਕਿ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਲੋਕਾਂ ਨੂੰ ਸੱਚ ਦੀ ਪ੍ਰਾਪਤੀ ਲਈ ਯਤਨਸ਼ੀਲ ਹੋਣ ਲਈ ਪ੍ਰੇਰਿਤ ਕਰਦਾ ਹੈ, ਜੋ ਭਗਵਾਨ ਸ਼ਿਵ ਦੁਆਰਾ ਦਰਸਾਈ ਗਈ ਪਰਮ ਚੇਤਨਾ ਵੱਲ ਲੈ ਜਾਂਦਾ ਹੈ | ਇਹ ਤਿਉਹਾਰ ਸ਼ਰਧਾ, ਆਪਸੀ ਪਿਆਰ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ‘ਤੇ ਜ਼ੋਰ ਦਿੰਦਾ ਹੈ, ਜਿਸ ਨੂੰ ਮਹਾਨ ਭਾਰਤੀ ਸਭਿਅਤਾ ਦੇ ਆਧਾਰ ਵਜੋਂ ਜਾਣਿਆ ਜਾਂਦਾ ਹੈ | ਮੁੱਖ ਮੰਤਰੀ, ਜਿਨ੍ਹਾ ਸ੍ਰੀ ਮਹਾਂ ਲਕਸ਼ਮੀ ਮੰਦਰ ‘ਚ ਸ਼ਿਵਾਲਾ ਵਿਖੇ ਪੂਜਾ ਅਰਚਨਾ ਕੀਤੀ ਤੇ ਆਸ ਪ੍ਰਗਟਾਈ ਕਿ ਇਹ ਤਿਉਹਾਰ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ | ਉਨ੍ਹਾ ਕਿਹਾ ਕਿ ਇਹ ਤਿਉਹਾਰ ਸਮਾਜ ਦੇ ਸਾਰੇ ਵਰਗਾਂ ਵਿੱਚ ਸ਼ਾਂਤੀ ਅਤੇ ਸਦਭਾਵਨਾ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ | ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਪਰਮਾਤਮਾ ਅੱਗੇ ਬਲ ਬਖਸ਼ਣ ਲਈ ਅਰਦਾਸ ਕੀਤੀ ਕਿ ਬਿਨਾਂ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਵਾਲਾ ਸਮਾਜ ਸਿਰਜਿਆ ਜਾ ਸਕੇ | ਉਹਨਾ ਕਿਹਾ ਕਿ ਸਮਾਜ ਵਿਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਭਾਵਨਾਵਾਂ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ ਅਤੇ ਇਹ ਹਮੇਸ਼ਾ ਹੀ ਉਨ੍ਹਾ ਦੀ ਪਹਿਲੀ ਤਰਜੀਹ ਰਹੇਗੀ | ਉਹਨਾ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ | ਉਨ੍ਹਾ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਅਤੇ ਸਰਕਾਰ ਵੱਲੋਂ ਲੋਕ-ਪੱਖੀ ਅਤੇ ਵਿਕਾਸ-ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ | ਇਸ ਮੌਕੇ ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੇ ਹੋਰ ਵੀ ਹਾਜ਼ਰ ਸਨ |

LEAVE A REPLY

Please enter your comment!
Please enter your name here