ਮੁਹਾਲੀ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕੇ ਮੋਰਚੇ ਵਿਚ ਸੋਮਵਾਰ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਪੁੱਜੇ ਕਿਸਾਨਾਂ ਦਾ ਕੌਮੀ ਇਨਸਾਫ ਮੋਰਚੇ ਦੇ ਪ੍ਰਬੰਧਕਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ |
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਜਸਵੀਰ ਸਿੰਘ ਝੱਜ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨਾਂ ਨੇ ਸ਼ਮੂਲੀਅਤ ਕਰਕੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਕਿਸਾਨ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਬਾਅਦ ਦੁਪਹਿਰ 1 ਵਜੇ ਰੋਸ ਮਾਰਚ ਕਰਦੇ ਹੋਏ ਪੱਕੇ ਮੋਰਚੇ ‘ਚ ਪਹੁੰਚੇ | ਕਿਸਾਨ ਆਗੂਆਂ ਨੇ ਕਿਹਾ ਕਿ ਸਜ਼ਾ ਪੂਰੀ ਹੋਣ ‘ਤੇ ਵੀ ਕਿਸੇ ਕੈਦੀ ਨੂੰ ਜੇਲ੍ਹ ‘ਚ ਨਜ਼ਰਬੰਦ ਕਰਕੇ ਰੱਖਣਾ ਗੈਰਕਾਨੂੰਨੀ ਅਤੇ ਮਨੁੱਖੀ ਅਧਿਕਾਰਾਂ ‘ਤੇ ਡਾਕਾ ਅਤੇ ਕੁਦਰਤੀ ਇਨਸਾਫ ਦੇ ਖਿਲਾਫ ਹੈ |