ਮੋਹਾਲੀ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ‘ਚੋਂ ਸੂਬੇ ਦਾ ਬਣਦਾ ਹਿੱਸਾ ਅਤੇ ਪੇਂਡੂ ਵਿਕਾਸ ਫੰਡਾਂ (ਆਰ ਡੀ ਐੱਫ) ਦੇ ਬਕਾਏ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ | ਮੁੱਖ ਮੰਤਰੀ ਨੇ ਝੋਨੇ ਦੀ ਪਰਾਲੀ ਦੇ ਪ੍ਰਭਾਵੀ ਪ੍ਰਬੰਧਨ ਲਈ ਕਰਵਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਦੇਸ਼ ਦੇ ਸਮਾਜਕ-ਆਰਥਕ ਵਿਕਾਸ ‘ਚ ਯੋਗਦਾਨ ਪਾਉਣ ਲਈ ਸੂਬਿਆਂ ਦੀ ਵਿੱਤੀ ਸਥਿਰਤਾ ਦੀ ਲੋੜ ‘ਤੇ ਜ਼ੋਰ ਦਿੱਤਾ | ਉਨ੍ਹਾ ਕਿਹਾ ਕਿ ਸੂਬਿਆਂ ਨੂੰ ਦੇਸ਼ ਦੇ ਵਿਕਾਸ ‘ਚ ਵਿਆਪਕ ਅਤੇ ਅਸਰਦਾਰ ਭੂਮਿਕਾ ਨਿਭਾਉਣ ਲਈ ਤਾਕਤਾਂ ਦੇਣੀਆਂ ਚਾਹੀਦੀਆਂ ਹਨ | ਇਸ ਲਈ ਕੇਂਦਰ ਸਰਕਾਰ ਨੂੰ ਟੈਕਸਾਂ ਅਤੇ ਪੇਂਡੂ ਵਿਕਾਸ ਫੰਡ (ਆਰ ਡੀ ਐੱਫ) ਦਾ ਬਕਾਇਆ ਹਿੱਸਾ ਜਾਰੀ ਕਰਨਾ ਚਾਹੀਦਾ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਪਹਿਲਾਂ ਪਰਾਲੀ ਨੂੰ ਅੱਗ ਨਹੀਂ ਲਾਉਣਾ ਚਾਹੁੰਦੇ, ਕਿਉਂ ਜੋ ਇਸ ਦਾ ਖਮਿਆਜ਼ਾ ਕਿਸਾਨਾਂ ਦੇ ਪਰਵਾਰਾਂ ਨੂੰ ਵੀ ਭੁਗਤਣਾ ਪੈਂਦਾ ਹੈ | ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਪਰਾਲੀ ਦੀ ਖਰੀਦ ਨੂੰ ਯਕੀਨੀ ਬਣਾ ਕੇ ਇਸ ਖਤਰੇ ਨਾਲ ਨਜਿੱਠਣ ਲਈ ਸਾਂਝੀ ਕਾਰਜ ਯੋਜਨਾ ਤਿਆਰ ਕਰਕੇ ਆਪਸੀ ਸਹਿਯੋਗ ਕਰਨ ਦੀ ਲੋੜ ਹੈ | ਸੂਬਾ ਸਰਕਾਰ ਨੇ ਖੇਤੀ ਵਿਭਿੰਨਤਾ ਨੂੰ ਪ੍ਰੇਰਿਤ ਕਰਨ ਵਾਸਤੇ ਸਾਰੀਆਂ ਫਸਲਾਂ ਦੇ ਨਿਸਚਿਤ ਭਾਅ ਦੀ ਵੱਡੀ ਜ਼ਿੰਮੇਵਾਰੀ ਪਹਿਲਾਂ ਹੀ ਚੁੱਕੀ ਹੋਈ ਹੈ | ਉਹਨਾ ਕਿਹਾ ਕਿ ਇਸ ਲਈ ਸੂਬਾ ਸਰਕਾਰ ਨੇ ਪਹਿਲੀ ਵਾਰ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਲੱਭਣ ਲਈ ਉਨ੍ਹਾਂ ਨਾਲ ਰਾਬਤਾ ਕਾਇਮ ਕੀਤਾ ਹੈ |
ਫਸਲੀ ਚੱਕਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਝੋਨੇ ਦੀਆਂ ਅਜਿਹੀਆਂ ਕਿਸਮਾਂ ਨੂੰ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ, ਜੋ ਪੱਕਣ ਲਈ ਘੱਟ ਤੋਂ ਘੱਟ ਸਮਾਂ ਲੈਂਦੀਆਂ ਹਨ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪਹਿਲਕਦਮੀਆਂ ਕੀਤੀਆਂ ਹਨ | ਉਹਨਾ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਨਿਵੇਸ਼ ਕਰਨ ਲਈ ਕਈ ਕੰਪਨੀਆਂ ਨਾਲ ਗੱਲਬਾਤ ਕਰ ਰਹੀ ਹੈ |
ਇਸ ਤੋਂ ਪਹਿਲਾਂ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਨਫਰੰਸ ਵਿੱਚ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਭੁਪਿੰਦਰ ਯਾਦਵ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਫੁਲਕਾਰੀ, ਬੂਟਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨਾਲ ਸਨਮਾਨਤ ਕੀਤਾ |