16.2 C
Jalandhar
Monday, December 23, 2024
spot_img

ਮਸਤੂਆਣਾ ਮੈਡੀਕਲ ਕਾਲਜ ਦੀ ਸਥਾਪਨਾ ਲਈ ਬਣੀ ਆਮ ਸਹਿਮਤੀ

ਸੰਗਰੂਰ : ਮਸਤੂਆਣਾ ਸਾਹਿਬ ‘ਚ ਬਣਨ ਵਾਲੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਲਈ ਰਾਹ ਪੱਧਰਾ ਹੋ ਗਿਆ ਹੈ | ਇਸ ਮੈਡੀਕਲ ਕਾਲਜ ਦੀ ਜ਼ਮੀਨ ਨੂੰ ਲੈ ਕੇ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਚੱਲ ਰਿਹਾ ਵਿਵਾਦ ਆਪਸੀ ਸਹਿਮਤੀ ਨਾਲ ਨਿਬੜ ਗਿਆ ਹੈ |
ਮੰਗਲਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਸਾਗਰ ਟਰੱਸਟ ਮਸਤੂਆਣਾ ਸਾਹਿਬ ਅਤੇ ਗੁਰਦੁਆਰਾ ਅੰਗੀਠਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਇਸ ਬਾਰੇ ਡਿਪਟੀ ਕਮਿਸ਼ਨਰ ਨੂੰ ਪੱਤਰ ਸੌਂਪ ਦਿੱਤਾ ਗਿਆ | ਇਨ੍ਹਾਂ ਤਿੰਨੋਂ ਧਿਰਾਂ ਵਿਚਕਾਰ ਸਮਝੌਤਾ ਕਰਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਟੀਮ ਨੇ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨੇ ਸਾਰੀਆਂ ਧਿਰਾਂ ਨਾਲ ਮੀਟਿੰਗਾਂ ਕਰਕੇ ਆਪਸੀ ਸਹਿਮਤੀ ਦਾ ਮੁੱਢ ਬੰਨਿ੍ਹਆ |
ਡਿਪਟੀ ਕਮਿਸ਼ਨਰ ਨੂੰ ਆਪਸੀ ਸਹਿਮਤੀ ਦਾ ਪੱਤਰ ਸੌਂਪਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਐਡਵੋਕੇਟ ਕਿਰਨਜੀਤ ਸਿੰਘ ਸੇਖੋਂ, ਐੱਸ ਜੀ ਪੀ ਸੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਜਥੇਦਾਰ ਤੇਜਾ ਸਿੰਘ ਕਮਾਲਪੁਰ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਗੁਰਸਾਗਰ ਟਰੱਸਟ ਮਸਤੂਆਣਾ ਸਾਹਿਬ ਵਲੋਂ ਜਸਵੰਤ ਸਿੰਘ ਖਹਿਰਾ ਅਤੇ ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ ਵਲੋਂ ਬਾਬਾ ਦਰਸ਼ਨ ਸਿੰਘ ਨੇ ਦੱਸਿਆ ਕਿ ਆਪਸੀ ਸਹਿਮਤੀ ਨਾਲ ਫੈਸਲਾ ਹੋਇਆ ਹੈ ਕਿ ਜਿਸ 25 ਏਕੜ ਜ਼ਮੀਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5 ਅਗਸਤ 2022 ਨੂੰ ਮੈਡੀਕਲ ਕਾਲਜ ਬਣਾਉਣ ਲਈ ਨੀਂਹ ਪੱਥਰ ਰੱਖਿਆ ਗਿਆ ਸੀ, ਉਸੇ ਜ਼ਮੀਨ ਵਿਚ ਮੈਡੀਕਲ ਕਾਲਜ ਬਣਾਇਆ ਜਾਵੇ | ਇਸ ਜ਼ਮੀਨ ਬਾਰੇ ਜੋ ਕੇਸ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਚੱਲ ਰਿਹਾ ਹੈ, ਉਸ ਕੇਸ ਵਿਚੋਂ 25 ਏਕੜ ਜ਼ਮੀਨ ਨੂੰ ਬਾਹਰ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਸਾਗਰ ਟਰੱਸਟ ਮਸਤੂਆਣਾ ਸਾਹਿਬ ਨੇ ਸਹਿਮਤੀ ਦੇ ਦਿੱਤੀ ਹੈ | ਇਸ ਸੰਬੰਧੀ ਧਿਰਾਂ ਵੱਲੋਂ 25 ਏਕੜ ਜ਼ਮੀਨ ਨੂੰ ਕੇਸ ਤੋਂ ਮੁਕਤ ਕਰਨ ਲਈ ਕਾਨੂੰਨੀ ਪੱਖ ਤੋਂ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਜਾਵੇਗੀ | ਇਹ ਫੈਸਲਾ ਹੋਇਆ ਹੈ ਕਿ ਇਸ 25 ਏਕੜ ਜ਼ਮੀਨ ਨੂੰ ਛੱਡ ਕੇ ਬਾਕੀ ਜ਼ਮੀਨ ਦੀ ਬਾਬਤ ਕੇਸ ਅਦਾਲਤ ਵਿਚ ਪਹਿਲਾਂ ਦੀ ਤਰ੍ਹਾਂ ਚਲਦਾ ਰਹੇਗਾ | ਮਸਤੂਆਣਾ ਸਾਹਿਬ ਦੀ ਪਵਿੱਤਰ ਧਰਤੀ ‘ਤੇ ਸੰਤ ਬਾਬਾ ਅਤਰ ਸਿੰਘ ਦੀ ਯਾਦ ‘ਚ ਮੈਡੀਕਲ ਕਾਲਜ ਨੂੰ ਲੈ ਕੇ ਸਮੁੱਚੇ ਇਲਾਕੇ ਅਤੇ ਜ਼ਿਲ੍ਹੇ ਦੇ ਲੋਕਾਂ ਦੀ ਵੱਡੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਧਿਰਾਂ ਸਹਿਮਤ ਹੋਈਆਂ ਹਨ | ਇਹ ਵੀ ਸਹਿਮਤੀ ਬਣੀ ਹੈ ਕਿ ਅਪਰੈਲ-2023 ਤੋਂ ਮੈਡੀਕਲ ਕਾਲਜ ਦੀਆਂ ਕਲਾਸਾਂ ਸ਼ੁਰੂ ਕਰਨ ਵਾਸਤੇ ਲੋੜੀਂਦੀ ਬਿਲਡਿੰਗ ਅਤੇ ਹੋਰ ਸਹੂਲਤਾਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਵੱਲੋਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਮਾਮਲੇ ਨੂੰ ਲੈ ਕੇ ਗੁਰਦੁਆਰਾ ਅੰਗੀਠਾ ਸਾਹਿਬ ਦੀ ਅਗਵਾਈ ਹੇਠ ਐੱਸ ਜੀ ਪੀ ਸੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਦੀ ਰਿਹਾਇਸ਼ ਅੱਗੇ ਲੌਂਗੋਵਾਲ ਵਿਖੇ ਚੱਲ ਰਿਹਾ ਪੱਕਾ ਰੋਸ ਧਰਨਾ ਮੁਲਤਵੀ ਕਰਨ ਦਾ ਫੈਸਲਾ ਵੀ ਹੋਇਆ ਹੈ | ਸਾਰੀਆਂ ਧਿਰਾਂ ਨੇ ਪੰਜਾਬ ਸਰਕਾਰ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਸੌਂਪੇ ਲਿਖਤੀ ਪੱਤਰ ਵਿਚ ਮੰਗ ਕੀਤੀ ਹੈ ਕਿ ਅਪਰੈਲ-2023 ਤੋਂ ਮੈਡੀਕਲ ਦੀ ਪੜ੍ਹਾਈ ਲਈ ਕਲਾਸਾਂ ਸ਼ੁਰੂ ਕੀਤੀਆਂ ਜਾਣ, ਮੈਡੀਕਲ ਕਾਲਜ ਦੀ ਉਸਾਰੀ ਲਈ ਲੋੜੀਂਦੇ ਕਦਮ ਚੁੱਕੇ ਜਾਣ | ਇਸ ਮੌਕੇ ਕਿਸਾਨ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਗੁਰਸਾਗਰ ਟਰੱਸਟ ਤੋਂ ਗੁਰਜੰਟ ਸਿੰਘ ਦੁੱਗਾਂ, ਮਨਜੀਤ ਸਿੰਘ ਬਾਲੀਆਂ ਮੌਜੂਦ ਸਨ |

Related Articles

LEAVE A REPLY

Please enter your comment!
Please enter your name here

Latest Articles