ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਚੋਣ ਕਮਿਸ਼ਨ ਦੇ ਉਨ੍ਹਾਂ ਹੁਕਮਾਂ ‘ਤੇ ਸਟੇਅ ਲਾਉਣ ਤੋਂ ਇਨਕਾਰ ਕਰ ਦਿੱਤਾ, ਜਿਨ੍ਹਾਂ ‘ਚ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਧੜੇ ਨੂੰ ਅਸਲੀ ਸ਼ਿਵ ਸੈਨਾ ਵਜੋਂ ਮਾਨਤਾ ਦਿੱਤੀ ਗਈ ਹੈ, ਪਰ ਮੁੱਖ ਮੰਤਰੀ ਸ਼ਿੰਦੇ ਦੀ ਅਗਵਾਈ ਵਾਲੇ ਧੜੇ ਨੂੰ ਨੋਟਿਸ ਜਾਰੀ ਕਰਕੇ ਇਸ ਕੇਸ ਬਾਰੇ ਪੱਖ ਸਪੱਸ਼ਟ ਕਰਨ ਲਈ ਕਿਹਾ | ਊਧਵ ਠਾਕਰੇ ਧੜੇ ਨੇ ਚੋਣ ਕਮਿਸ਼ਨ ਦੇ ਹੁਕਮਾਂ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ | ਚੀਫ ਜਸਟਿਸ ਡੀ ਵਾਈ ਚੰਦਰਚੂੜ ‘ਤੇ ਆਧਾਰਤ ਬੈਂਚ ਨੇ ਸੀਨੀਅਰ ਐਡਵੋਕੇਟ ਕਪਿਲ ਸਿੱਬਲ ਵੱਲੋਂ ਦਿੱਤੀਆਂ ਦਲੀਲਾਂ ‘ਤੇ ਗੌਰ ਕਰਦਿਆਂ ਸ਼ਿੰਦੇ ਧੜੇ ਨੂੰ ਪੱਖ ਰੱਖਣ ਲਈ ਕਿਹਾ ਹੈ | ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਸਟੇਅ ਲਾਉਣ ਤੋਂ ਇਨਕਾਰ ਕਰਦਿਆਂ ਦਲੀਲ ਦਿੱਤੀ ਕਿ ਦੂਜੇ ਧੜੇ (ਸ਼ਿੰਦੇ ਗਰੁੱਪ) ਦਾ ਪੱਖ ਸੁਣੇ ਬਗੈਰ ਕੋਈ ਵੀ ਫੈਸਲਾ ਨਹੀਂ ਸੁਣਾਇਆ ਜਾ ਸਕਦਾ |