ਚੰਡੀਗੜ੍ਹ (ਗੁਰਜੀਤ ਬਿੱਲਾ)
ਸੂਬੇ ਦੇ ਨੌਜਵਾਨਾਂ ਨੂੰ ਸੇਧਹੀਣ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਕਿਹਾ ਕਿ ਉਨ੍ਹਾ ਦੀ ਸਰਕਾਰ ਨੇ 26,797 ਤੋਂ ਵੱਧ ਨਿਯੁਕਤੀ ਪੱਤਰ ਦੇ ਕੇ ਨੌਜਵਾਨਾਂ ਨੂੰ ਕਮਾਊ ਬਣਾਇਆ ਹੈ, ਤਾਂ ਕਿ ਉਨ੍ਹਾਂ ਨੂੰ ਸੂਬੇ ਦੀ ਸਮਾਜਕ-ਆਰਥਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇ | ਨਵੇਂ ਭਰਤੀ ਹੋਏ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੀ ਭਰਤੀ ਪ੍ਰਕਿਰਿਆ ਨਿਰੋਲ ਮੈਰਿਟ ਦੇ ਆਧਾਰ ਉਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚੜ੍ਹੀ ਹੈ | ਹੁਣ ਇਹ ਨੌਜਵਾਨ ਸਰਕਾਰ ਦੇ ਅਨਿੱਖੜ ਅੰਗ ਬਣ ਗਏ ਹਨ ਅਤੇ ਹੁਣ ਤੋਂ ਉਨ੍ਹਾਂ ਨੂੰ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ | ਮਾਨ ਨੇ ਕਿਹਾ ਕਿ ਸਿਰਫ਼ 11 ਮਹੀਨਿਆਂ ਦੌਰਾਨ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਦੇਣ ਤੋਂ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪਤਾ ਚੱਲਦਾ ਹੈ ਕਿ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਖੋਲ੍ਹਣ ਲਈ ਸਰਕਾਰ ਕਿੰਨੀ ਸੰਜੀਦਾ ਹੈ | ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੈਰਾਸ਼ੂਟਰ ਦੀ ਥਾਂ ਜ਼ਮੀਨ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ |
ਉਨ੍ਹਾ ਕਿਹਾ ਕਿ ਜ਼ਮੀਨ ਨਾਲ ਜੁੜਿਆ ਵਿਅਕਤੀ ਜ਼ਮੀਨ ਤੋਂ ਉੱਠ ਕੇ ਅਰਸ਼ ਫਤਿਹ ਕਰ ਸਕਦਾ ਹੈ ਅਤੇ ਇਨ੍ਹਾਂ ਮਿਹਨਤੀ ਲੋਕਾਂ ਦੀ ਹੱਦ ਅਸਮਾਨ ਹੀ ਹੁੰਦਾ ਹੈ | ਇਸ ਦੇ ਉਲਟ ਪੈਰਾਸ਼ੂਟਰ ਅਸਮਾਨ ਤੋਂ ਆਉਂਦੇ ਹਨ ਅਤੇ ਉਨ੍ਹਾਂ ਕਦੇ ਨਾ ਕਦੇ ਜ਼ਮੀਨ ਉਤੇ ਡਿੱਗਣਾ ਹੁੰਦਾ ਹੈ | ਉਹਨਾ ਕਿਹਾ ਕਿ ਉਨ੍ਹਾ ਦੀ ਸਰਕਾਰ ਦਾ ਇਕੋ-ਇਕ ਮੰਤਵ ਨੌਜਵਾਨਾਂ ਦੀ ਅਥਾਹ ਸ਼ਕਤੀ ਨੂੰ ਉਸਾਰੂ ਪਾਸੇ ਲਾਉਣਾ ਹੈ | ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੇ ਟੀਚੇ ਦੀ ਪੂਰਤੀ ਲਈ ਇਹ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਭਵਿੱਖਮੁਖੀ ਯੋਜਨਾ ਬਣਾ ਰਹੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਉਤੇ ਵਿਚਾਰ ਕਰ ਰਹੀ ਹੈ, ਜਿਸ ਤਹਿਤ ਪੰਜਾਬ ਵਾਸੀਆਂ ਨੂੰ 40 ਨਾਗਰਿਕ ਕੇਂਦਰਤ ਸੇਵਾਵਾਂ ਉਨ੍ਹਾਂ ਦੇ ਦਰ ਉਤੇ ਜਾ ਕੇ ਮੁਹੱਈਆ ਕਰਵਾਈਆਂ ਜਾਣਗੀਆਂ | ਇਹ ਸਕੀਮ ਐਪ ਜ਼ਰੀਏ ਆਨਲਾਈਨ ਮੁਹੱਈਆ ਹੋਵੇਗੀ ਅਤੇ ਨਾਗਰਿਕਾਂ ਨੂੰ ਸਿਰਫ ਇਕ ਫੋਨ ਕਾਲ ਨਾਲ ਇਸ ਸਕੀਮ ਦਾ ਲਾਭ ਮਿਲੇਗਾ | ਉਹਨਾ ਕਿਹਾ ਕਿ ਇਸ ਨਾਲ ਨਾਗਰਿਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸੇਵਾਵਾਂ ਹਾਸਲ ਹੋਣਗੀਆਂ | ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਖਾਸ ਕਰਕੇ ਮੀਡੀਆ ਨੂੰ ਸੱਦਾ ਦਿੱਤਾ ਕਿ ਨੌਜਵਾਨਾਂ ਨੂੰ ਭੜਕਾ ਕੇ ਸੂਬੇ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਲੋਕਾਂ ਨੂੰ ਮੂੰਹ ਨਾ ਲਾਉਣ | ਉਨ੍ਹਾ ਕਿਹਾ ਕਿ ਸੂਬਾ ਸਰਕਾਰ ਦਾ ਇਕਮਾਤਰ ਉਦੇਸ਼ ਅਮਨ-ਸ਼ਾਂਤੀ, ਵਿਕਾਸ ਤੇ ਖੁਸ਼ਹਾਲੀ ਲਿਆਉਣਾ ਹੈ ਅਤੇ ਇਸ ਮਨੋਰਥ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਪੂਰਾ ਕੀਤਾ ਜਾ ਸਕਦਾ ਹੈ | ਉਹਨਾ ਕਿਹਾ ਕਿ ਸੂਬੇ ਵਿਚ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ |ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ |