ਚੰਡੀਗੜ੍ਹ (ਗੁਰਜੀਤ ਬਿੱਲਾ) -ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਦਾ ਗਵਾਹ ਬਣੇਗਾ, ਜਿਸ ਨਾਲ ਵਿਦਿਆਰਥੀ ਆਪਣੇ ਉੱਜਵਲ ਭਵਿੱਖ ਦੀ ਸਿਰਜਣਾ ਕਰ ਸਕਣਗੇ |
ਇੱਥੇ ਮਗਸੀਪਾ ਵਿਖੇ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਸਿਖਲਾਈ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਦੌਰਾਨ ਇਨ੍ਹਾਂ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਪ੍ਰਚੱਲਤ ਆਧੁਨਿਕ ਅਧਿਆਪਨ ਅਭਿਆਸਾਂ ਦੀ ਸਿਖਲਾਈ ਦਿੱਤੀ ਜਾਵੇਗੀ | ਵਾਪਸੀ ਤੋਂ ਬਾਅਦ ਇਹ ਅਧਿਆਪਕ ਵਿਦਿਆਰਥੀਆਂ ਅਤੇ ਆਪਣੇ ਸਾਥੀ ਅਧਿਆਪਕਾਂ ਨਾਲ ਇਨ੍ਹਾਂ ਅਭਿਆਸਾਂ ਨੂੰ ਸਾਂਝਾ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਵਿਦਿਆਰਥੀ ਵਿਦੇਸ਼ਾਂ ਵਿੱਚ ਪੜ੍ਹਾਈ ਦੇ ਪੈਟਰਨ ਤੋਂ ਜਾਣੂ ਹੋ ਸਕਣ | ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਸ ਨਾਲ ਸੂਬੇ ਦੇ ਵਿਦਿਆਰਥੀ ਵਿਦੇਸ਼ਾਂ ਵਿੱਚ ਪੜ੍ਹੇ-ਲਿਖੇ ਆਪਣੇ ਸਾਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਣਗੇ |ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਅਧਿਆਪਕ ਰਾਜ ਜਾਂ ਕੌਮੀ ਪੁਰਸਕਾਰ ਐਵਾਰਡੀ ਹਨ ਅਤੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਵੱਖਰਾ ਸਥਾਨ ਬਣਾ ਚੁੱਕੇ ਹਨ | ਉਹਨਾ ਕਿਹਾ ਕਿ ਇਨ੍ਹਾਂ ਸਾਰੇ ਯਤਨਾਂ ਦਾ ਇੱਕੋ ਇੱਕ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਉਲਟਾਉਣਾ ਹੈ |
ਉਹਨਾ ਕਿਹਾ ਕਿ ਸਿੰਗਾਪੁਰ ਦਾ ਦੌਰਾ ਸਿੱਖਿਆ ਦੇ ਖੇਤਰ ਵਿੱਚ ਅਧਿਆਪਕਾਂ ਦੇ ਪੇਸ਼ੇਵਰ ਗਿਆਨ ਅਤੇ ਮੁਹਾਰਤ ਵਿੱਚ ਵਾਧਾ ਕਰੇਗਾ | ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਅਧਿਆਪਕਾਂ ਦੀ ਵਿਦੇਸ਼ ਜਾ ਕੇ ਸਿਖਲਾਈ ਲਈ ਰਾਜ ਯੋਜਨਾ ਦਾ ਹਿੱਸਾ ਹੈ, ਜਿਸ ਨੂੰ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ |
ਉਨ੍ਹਾ ਕਲਪਨਾ ਕੀਤੀ ਕਿ ਇਹ ਪਹਿਲਕਦਮੀ ਰਾਜ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ |
ਉਹਨਾ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਯਤਨਾਂ ਸਦਕਾ ਪੰਜਾਬ ਜਲਦ ਹੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਕੇ ਉੱਭਰੇਗਾ |





