24 C
Jalandhar
Thursday, September 19, 2024
spot_img

ਸ਼੍ਰੋਮਣੀ ਕਮੇਟੀ ਦਾ ਬਜਟ ਅਜਲਾਸ 28 ਨੂੰ

ਅੰਮਿ੍ਤਸਰ, (ਜਸਬੀਰ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਸਿੱਖ ਨੌਜੁਆਨ ਵਿਦਿਆਰਥੀਆਂ ਨੂੰ ਆਈ ਏ ਐੱਸ, ਆਈ ਪੀ ਐੱਸ ਅਤੇ ਪੀ ਸੀ ਐੱਸ ਦੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਚੰਡੀਗੜ੍ਹ ਦੇ ਨਿਸ਼ਚੈ ਇੰਸਟੀਚਿਊਟ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ | ਇਸ ਤਹਿਤ ਹਰ ਸਾਲ 25 ਗੁਰਸਿੱਖ ਬੱਚਿਆਂ ਦਾ ਖਰਚਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਇਆ ਕਰੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਥੇ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਕੀਤਾ | ਉਨ੍ਹਾ ਦੱਸਿਆ ਕਿ ਅੰਤਿ੍ੰਗ ਕਮੇਟੀ ਨੇ 25 ਗੁਰਸਿੱਖ ਬੱਚਿਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਉਕਤ ਅਕੈਡਮੀ ਅੰਦਰ ਮੈਰਿਟ ਅਨੁਸਾਰ ਤਿਆਰੀ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਹੈ | ਉਨ੍ਹਾ ਦੱਸਿਆ ਕਿ ਇਸ ਵਾਰ 25 ਬੱਚਿਆਂ ਤੋਂ ਇਲਾਵਾ 10 ਹੋਰ ਬੱਚਿਆਂ ਦਾ ਯੂਨਾਈਟਡ ਸਿੰਘ ਸਭਾ ਫਾਊਾਡੇਸ਼ਨ ਦੇ ਆਗੂ ਭਾਈ ਰਾਮ ਸਿੰਘ ਵੱਲੋਂ ਖਰਚਾ ਚੁੱਕਣ ਦੀ ਸਹਿਮਤੀ ਦਿੱਤੀ ਗਈ ਹੈ |
ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਦਾ ਬਜਟ ਅਜਲਾਸ 28 ਮਾਰਚ ਨੂੰ ਸੱਦਣ ਦਾ ਫੈਸਲਾ ਹੋਇਆ ਹੈ | ਬਜਟ ਅਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਹੋਵੇਗਾ | ਇਸ ਦੌਰਾਨ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟ, ਟਰੱਸਟ, ਜਨਰਲ ਬੋਰਡ ਫੰਡ, ਗੁਰਦੁਆਰਾ ਸਾਹਿਬਾਨ, ਪ੍ਰੈੱਸਾਂ ਅਤੇ ਵਿਦਿਅਕ ਅਦਾਰਿਆਂ ਆਦਿ ਦਾ ਬਜਟ ਪੇਸ਼ ਕੀਤਾ ਜਾਵੇਗਾ |
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੰਤਿ੍ੰਗ ਕਮੇਟੀ ਨੇ ਸਰਕਾਰਾਂ ਵੱਲੋਂ ਸਿੱਖ ਮਸਲਿਆਂ ਵਿਚ ਸਿੱਧੀ-ਅਸਿੱਧੀ ਦਖ਼ਲਅੰਦਾਜ਼ੀ ਦਾ ਵੀ ਗੰਭੀਰ ਨੋਟਿਸ ਲਿਆ ਹੈ | ਉਨ੍ਹਾ ਕਿਹਾ ਕਿ ਸਰਕਾਰ ਦੇ ਮੰਤਰੀ ਸਿੱਖ ਮਾਮਲਿਆਂ ਨੂੰ ਗਲਤ ਰੰਗਤ ਦੇ ਰਹੇ ਹਨ | ਹਾਲ ਹੀ ਵਿਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਿੱਕਮ ਦੇ ਇਤਿਹਾਸ ਨੂੰ ਰੱਦ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ | ਐਡਵੋਕੇਟ ਧਾਮੀ ਨੇ ਕਿਹਾ ਕਿ ਏਨਾ ਹੀ ਨਹੀਂ ਸਰਕਾਰਾਂ ਸਿੱਖ ਮਾਮਲਿਆਂ ਨੂੰ ਜਾਣਬੁਝ ਕੇ ਉਲਝਾ ਰਹੀਆਂ ਹਨ | ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ, ਦਿੱਲੀ ਕਮੇਟੀ ਅਤੇ ਹੁਣ ਹਰਿਆਣਾ ਕਮੇਟੀ ਮਾਮਲੇ ਵਿਚ ਸਰਕਾਰਾਂ ਨੇ ਜਾਣਬੁਝ ਕੇ ਦਖ਼ਲ ਦਿੱਤਾ ਹੈ | ਉਨ੍ਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਅਜਿਹੀ ਸਰਕਾਰੀ ਦਖ਼ਲਅੰਦਾਜ਼ੀ ਵਿਰੁੱਧ ਚੁੱਪ ਨਹੀਂ ਬੈਠੇਗੀ ਅਤੇ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ | ਇਸ ਸੰਜੀਦਾ ਮਾਮਲੇ ‘ਤੇ ਪੂਰੇ ਭਾਰਤ ਅੰਦਰ ਘੱਟ ਗਿਣਤੀਆਂ ਨਾਲ ਸੰਬੰਧਤ ਅਤੇ ਮਨੁੱਖੀ ਹੱਕਾਂ ਦੀ ਤਰਜਮਾਨੀ ਕਰਨ ਵਾਲੀਆਂ ਪਾਰਟੀਆਂ ਨਾਲ ਰਾਬਤਾ ਕਰਕੇ ਇਕ ਲਹਿਰ ਸਿਰਜੀ ਜਾਵੇਗੀ |

Related Articles

LEAVE A REPLY

Please enter your comment!
Please enter your name here

Latest Articles