ਚੰਡੀਗੜ੍ਹ (ਗੁਰਜੀਤ ਬਿੱਲਾ)- ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋੜਵਾਂ ਜਵਾਬ ਦਿੱਤਾ | ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਜਵਾਬ ਦਿੰਦਿਆਂ ਕਿਹਾ ਕਿ ਉਹ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਅਤੇ ਉਨ੍ਹਾ ਦੀ ਪਾਰਟੀ ਨੂੰ ਬਦਨਾਮ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ | ਉਨ੍ਹਾ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਸੂਬਾ ਸਰਕਾਰ ਵਿਰੁੱਧ ਕੋਈ ਮੁੱਦਾ ਨਾ ਹੋਣ ਕਰਕੇ ਇਹ ਸਿਆਸੀ ਪਾਰਟੀਆਂ ਨੀਵੇਂ ਪੱਧਰ ਉੱਤੇ ਆ ਕੇ ਘਟੀਆ ਹੱਥਕੰਡੇ ਅਪਣਾ ਰਹੀਆਂ ਹਨ | ਮਾਨ ਨੇ ਕਿਹਾ ਕਿ ਸਿਆਸੀ ਲਾਹਾ ਖੱਟਣ ਲਈ ਵਿਰੋਧੀ ਧਿਰਾਂ ਫਿਰਕਾਪ੍ਰਸਤੀ ਨੂੰ ਤੂਲ ਦੇ ਕੇ ਅੱਗ ਨਾਲ ਖੇਡ ਰਹੀਆਂ ਹਨ | ਉਨ੍ਹਾਂ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਉਨ੍ਹਾਂ ਦਾ ਇਹ ਸੁਪਨਾ ਕਦੇ ਵੀ ਸਫਲ ਨਹੀਂ ਹੋਵੇਗਾ |
ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਪੰਜਾਬ ਦੀ ਮੇਰੇ ਕੋਲ ਪਲ-ਪਲ ਦੀ ਜਾਣਕਾਰੀ ਹੈ | ਵਿਰੋਧੀਆਂ ਦਾ ਪੰਜਾਬ ਨੂੰ ਫਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ | ਪੰਜਾਬ ਦੇ 3 ਕਰੋੜ ਸ਼ਾਂਤੀਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ | ਉਨ੍ਹਾ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ, ਜਿਨ੍ਹਾਂ ਸਾਨੂੰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦਾ ਮਾਰਗ ਦਿਖਾਇਆ ਹੈ | ਉਹਨਾ ਕਿਹਾ ਕਿ ਪੰਜਾਬੀਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹਮੇਸ਼ਾ ਹੀ ਸਮਾਜ ‘ਚ ਸ਼ਾਂਤੀ ਅਤੇ ਭਾਈਚਾਰਕ ਸਾਂਝ ‘ਚ ਵਿਸ਼ਵਾਸ ਪ੍ਰਗਟਾਇਆ ਹੈ |
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵਾਰਿਸ ਪੰਜਾਬ ਦੇ ਮੁਖੀ ਅੰਮਿ੍ਤਪਾਲ ਸਿੰਘ ਵੱਲੋਂ ਆਪਣੇ ਸਾਥੀ ਦੀ ਰਿਹਾਈ ਲਈ ਅਜਨਾਲਾ ਵਿਖੇ ਹੋਈ ਘਟਨਾਕ੍ਰਮ ਤੋਂ ਬਾਅਦ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ | ਵਿਰੋਧੀ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਚੁੱਕ ਰਹੇ ਹਨ, ਜਿਸ ਤੋਂ ਬਾਅਦ ਸ਼ਨੀਵਾਰ ਮੱੁਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ | ਐਂਟੀ ਟੈਰੇਰਿਸਟ ਫਰੰਟ ਆਫ ਇੰਡੀਆ ਦੇ ਪ੍ਰਧਾਨ ਵੀਰੇਸ਼ ਸ਼ਾਂਡਲਿਆ ਨੇ ਡੀ ਜੀ ਪੀ ਪੰਜਾਬ ਨੂੰ ਅੰਮਿ੍ਤਪਾਲ ਸਿੰਘ ਖਿਲਾਫ ਦੋ ਦਿਨਾਂ ‘ਚ ਐੱਫ ਆਈ ਆਰ ਦਰਜ ਕਰਨ ਨੂੰ ਕਿਹਾ ਹੈ |





