ਅਲਫਾ ਇੰਟਰਨੈਸ਼ਨਲ ਸਿਟੀ ਕਾਲੋਨੀ ਦੇ ਕਲੋਨਾਈਜ਼ਰ ਨਾਲ ਮਿਲ ਕੇ ਤਿ੍ਪਤ ਬਾਜਵਾ ਨੇ ਕੀਤਾ 28 ਕਰੋੜ ਦਾ ਘਪਲਾ : ਧਾਲੀਵਾਲ

0
318

ਅੰਮਿ੍ਤਸਰ : ‘ਪਿੰਡ ਭਗਤੂਪੁਰਾ ਜ਼ਿਲ੍ਹਾ ਅੰਮਿ੍ਤਸਰ ‘ਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਦੀ ਪ੍ਰਵਾਨਗੀ ਮੌਜੂਦਾ ਸਰਕਾਰ ਵੱਲੋਂ ਨਹੀਂ, ਬਲਕਿ ਸਾਰੀ ਨੈਤਿਕਤਾ ਨੂੰ ਖ਼ਤਮ ਕਰਦੇ ਹੋਏ ਪੁਰਾਣੀ ਸਰਕਾਰ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ 11 ਮਾਰਚ 2022 ਨੂੰ ਦਿੱਤੀ ਸੀ, ਜਦਕਿ ਉਸ ਸਮੇਂ ਕੋਡ ਆਫ਼ ਕੰਡਕਟ ਲੱਗਾ ਹੋਇਆ ਸੀ ਅਤੇ 10 ਮਾਰਚ ਦੇ ਚੋਣ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਬੁਰੀ ਤਰ੍ਹਾਂ ਹਾਰ ਚੁੱਕੀ ਸੀ | ਉਸ ਸਮੇਂ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਮਿਸਲ ‘ਤੇ ਪ੍ਰਵਾਨਗੀ ਦੇਣ ਦਾ ਕੋਈ ਅਧਿਕਾਰ ਨਹੀਂ ਸੀ |’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਧਾਲੀਵਾਲ ਨੇ ਦੱਸਿਆ ਕਿ ਅਲਫਾ ਵਨ ਸਿਟੀ, ਜੋ ਕਿ ਮਾਨਾਂਵਾਲਾ ਵਿਖੇ ਬਣਾਈ ਗਈ ਹੈ, ‘ਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਸੰਬੰਧੀ 2015 ਵਿੱਚ ਅਕਾਲੀ ਦਲ ਦੇ ਸਰਪੰਚ ਵੱਲੋਂ ਮਤਾ ਪਾਇਆ ਗਿਆ ਸੀ | ਉਨ੍ਹਾ ਦੱਸਿਆ ਕਿ ਅਲਫਾ ਇੰਟਰਨੈਸ਼ਨਲ ਸਿਟੀ ਕਲੋਨੀ ਦਾ ਕੁੱਲ ਰਕਬਾ ਲੱਗਭੱਗ 150 ਏਕੜ ਹੈ ਅਤੇ ਇਸ ਜ਼ਮੀਨ ‘ਚ ਪੰਚਾਇਤੀ ਰਸਤੇ ਅਤੇ ਖਾਲ ਪੈਂਦੇ ਸਨ, ਜੋ ਕਿ ਉਸ ਪ੍ਰੋਜੈਕਟ ਵਿਚ ਅੜਚਨ ਸਨ | ਉਸ ਸਮੇਂ ਦੇ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਸਰੇਆਮ ਕਲੋਨਾਈਜ਼ਰ ਨਾਲ ਮਿਲੀਭੁਗਤ ਕਰਕੇ ਪੰਚਾਇਤੀ ਰਸਤਿਆਂ ਅਤੇ ਖਾਲਾਂ ਦੀ ਪ੍ਰਵਾਨਗੀ ਕੇਵਲ 43 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇ ਦਿੱਤੀ, ਜਦਕਿ ਇਸ ਦਾ ਮਾਰਕੀਟ ਰੇਟ 7.5 ਕਰੋੜ ਰੁਪਏ ਪ੍ਰਤੀ ਏਕੜ ਸੀ | ਉਨ੍ਹਾ ਦੱਸਿਆ ਕਿ ਰਸਤਿਆਂ ਅਤੇ ਖਾਲਿਆਂ ਦਾ ਕੁੱਲ ਰਕਬਾ 32 ਕਨਾਲ 16 ਮਰਲੇ ਬਣਦਾ ਸੀ ਅਤੇ ਇਸ ਤਰ੍ਹਾਂ ਕਰਨ ਨਾਲ ਸਰਕਾਰ ਨੂੰ 28 ਕਰੋੜ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ |
ਉਨ੍ਹਾ ਦੱਸਿਆ ਕਿ 10 ਮਾਰਚ 2022 ਨੂੰ ਵਿਧਾਨ ਸਭਾ ਦੇ ਨਤੀਜੇ ਆ ਚੁੱਕੇ ਸਨ ਅਤੇ ਪੁਰਾਣੀ ਸਰਕਾਰ ਵੱਲੋਂ ਆਪਣਾ ਅਸਤੀਫ਼ਾ ਮਾਣਯੋਗ ਰਾਜਪਾਲ ਨੂੰ ਸੌਂਪ ਦਿੱਤਾ ਗਿਆ ਸੀ | ਉਨ੍ਹਾ ਕਿਹਾ ਕਿ ਸਾਡੀ ਸਰਕਾਰ ਨੇ ਇਸ ਸਾਰੇ ਸਕੈਂਡਲ ਦੀ ਘੋਖ ਕਰਕੇ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ, ਜੋ ਇਕ ਹਫ਼ਤੇ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ ਅਤੇ ਉਸ ਰਿਪੋਰਟ ਦੇ ਆਧਾਰ ‘ਤੇ ਜੋ ਵੀ ਦੋਸ਼ੀ ਹੋਇਆ, ਚਾਹੇ ਉਹ ਅਧਿਕਾਰੀ ਹੋਵੇ ਜਾਂ ਨੇਤਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਉਨ੍ਹਾ ਦੱਸਿਆ ਕਿ ਇਸ ਤਿੰਨ ਮੈਂਬਰੀ ਕਮੇਟੀ ਵਿੱਚ ਅਮਿਤ ਕੁਮਾਰ ਆਈ ਏ ਐੱਸ ਸੰਯੁਕਤ ਵਿਕਾਸ ਕਮਿਸ਼ਨਰ, ਸਰਬਜੀਤ ਸਿੰਘ ਸੰਯੁਕਤ ਡਾਇਰੈਕਟਰ ਪੇਂਡੂ ਵਿਕਾਸ ਅਤੇ ਜੌਹਰਇੰਦਰ ਸਿੰਘ ਆਹਲੂਵਾਲੀਆ ਸੀਨੀਅਰ ਕਾਨੂੰਨ ਅਫ਼ਸਰ ਸ਼ਾਮਲ ਕੀਤੇ ਗਏ ਹਨ, ਜੋ ਸਾਰੇ ਮਾਮਲੇ ਦੀ ਜਾਂਚ ਕਰਨਗੇ | ਧਾਲੀਵਾਲ ਨੇ ਕਿਹਾ ਕਿ ਪਿਛਲੇ 15 ਸਾਲਾਂ ਦੌਰਾਨ ਜਿੰਨੀਆਂ ਵੀ ਕਾਲੋਨੀਆਂ ਕੱਟੀਆਂ ਗਈਆਂ ਹਨ, ਉਨ੍ਹਾਂ ਦੀ ਮੁਕੰਮਲ ਜਾਂਚ ਕਰਵਾਈ ਜਾਵੇਗੀ ਅਤੇ ਸਰਕਾਰੀ ਰਸਤਿਆਂ ਤੋਂ ਕਬਜ਼ਾ ਛੁਡਵਾਇਆ ਜਾਵੇਗਾ | ਉਨ੍ਹਾ ਦੱਸਿਆ ਕਿ ਸਾਡੀ ਸਰਕਾਰ ਵੱਲੋਂ ਹੁਣ ਤੱਕ ਕਰੀਬ 5500 ਏਕੜ ਪੰਚਾਇਤੀ ਜ਼ਮੀਨਾਂ ਨੂੰ ਕਬਜ਼ੇ ਹੇਠੋਂ ਛੁਡਵਾਇਆ ਗਿਆ ਹੈ | ਉਹਨਾ ਸਪੱਸ਼ਟ ਕੀਤਾ ਕਿ ਸਾਡੀ ਸਰਕਾਰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ | ਇਸ ਮੌਕੇ ਪ੍ਰਭਜੀਤ ਸਿੰਘ ਬਰਾੜ ਜ਼ਿਲ੍ਹਾ ਸਕੱਤਰ ਆਪ, ਬਲਦੇਵ ਸਿੰਘ ਬੱਬੂ ਤੇ ਗੁਰਜੰਟ ਸਿੰਘ ਵੀ ਹਾਜ਼ਰ ਸਨ |

LEAVE A REPLY

Please enter your comment!
Please enter your name here