ਚੰਡੀਗੜ੍ਹ (ਗੁਰਜੀਤ ਬਿੱਲਾ)
ਸੂਬੇ ਦੀ ਪੁਰਾਤਨ ਸ਼ਾਨ ਬਹਾਲੀ ਲਈ ਆਪਣੀ ਸਰਕਾਰ ਦੀ ਦਿ੍ੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾ ਦੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ ਹੈ | ਮੰਗਲਵਾਰ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬੇ ਦੀ ਸੱਤਾ ਉਨ੍ਹਾਂ ਲੋਕ ਆਗੂਆਂ ਨੂੰ ਸੌਂਪੀ ਗਈ ਹੈ, ਜੋ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ | ਉਨ੍ਹਾ ਅਫਸੋਸ ਪ੍ਰਗਟਾਇਆ ਕਿ ਪਹਿਲਾਂ ਇਹ ਵਾਗਡੋਰ ਅਜਿਹੇ ਲੋਕਾਂ ਦੇ ਹੱਥਾਂ ਵਿੱਚ ਸੀ, ਜੋ ਸੂਬੇ ਨੂੰ ਲੁੱਟਣ ਵਿੱਚ ਅੰਗਰੇਜ਼ਾਂ ਤੋਂ ਵੀ ਅੱਗੇ ਨਿਕਲ ਗਏ | ਉਹਨਾ ਕਿਹਾ ਕਿ ਸਾਡੀ ਸਰਕਾਰ ਹਰ ਪੰਜਾਬੀ ਅਤੇ ਸੂਬੇ ਦੇ ਸਾਰੇ ਨਾਗਰਿਕਾਂ ਦੀ ਸਰਕਾਰ ਹੈ ਅਤੇ ਸੂਬੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ |
ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਦਾ ਇਸ ਸਾਲ ਦਾ ਭਾਸ਼ਣ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਹੋਣ ਵਾਲੇ ਵੱਡੇ ਵਿਕਾਸ ਦਾ ਮਹਿਜ਼ ਇੱਕ ਝਲਕਾਰਾ ਹੈ | ਪੰਜਾਬ ਹਰ ਖੇਤਰ ਵਿੱਚ ਸਰਬਪੱਖੀ ਤਰੱਕੀ ਤੇ ਖੁਸ਼ਹਾਲੀ ਦਾ ਗਵਾਹ ਬਣ ਰਿਹਾ ਹੈ | ਆਪਣੀ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬਿਜਲੀ ਦੇ ਲੰਮੇ ਕੱਟ ਲੱਗਣੇ ਪੁਰਾਣੇ ਸਮੇਂ ਦੀ ਗੱਲ ਹੋ ਗਈ ਹੈ, ਕਿਉਂਕਿ ਪੰਜਾਬ ਹੁਣ ਬਿਜਲੀ ਸਰਪਲੱਸ ਸੂਬਾ ਬਣ ਗਿਆ ਹੈ | ਉਹਨਾ ਕਿਹਾ ਕਿ ਸੂਬਾ ਸਰਕਾਰ ਨੇ 1 ਜੁਲਾਈ ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕਰ ਦਿੱਤੀ ਹੈ | ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਰਿਆ ਹੈ | ਉਨ੍ਹਾ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦਾ ਵੱਕਾਰ ਮੁੜ ਬਹਾਲ ਹੋਵੇਗਾ |





