ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਵਿਧਾਇਕ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੇ ਵੀਰਵਾਰ ਦਿੱਲੀ ਦੇ ਮੰਤਰੀ ਵਜੋਂ ਸਹੁੰ ਚੁੱਕੀ | ਉਨ੍ਹਾਂ ਨੂੰ ਉਪ ਰਾਜਪਾਲ ਵੀ ਕੇ ਸਕਸੈਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ‘ਚ ਸਹੁੰ ਚੁਕਾਈ | ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੰਗਲਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਮੰਤਰੀ ਸਤੇਂਦਰ ਜੈਨ ਦੇ ਅਸਤੀਫੇ ਸਵੀਕਾਰ ਕਰਨ ਤੋਂ ਬਾਅਦ ਕੇਜਰੀਵਾਲ ਨੇ ਆਤਿਸ਼ੀ ਤੇ ਭਾਰਦਵਾਜ ਦੇ ਨਾਵਾਂ ਦੀ ਮੰਤਰੀ ਵਜੋਂ ਸਿਫਾਰਸ਼ ਕੀਤੀ ਸੀ |
ਇਸੇ ਦੌਰਾਨ ਈ ਡੀ ਨੇ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ‘ਚ ਕਥਿਤ ਬੇਨੇਮੀਆਂ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸੰਬੰਧ ‘ਚ ਵੀਰਵਾਰ ਤਿਹਾੜ ਜੇਲ੍ਹ ‘ਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਫਿਰ ਪੁੱਛਗਿੱਛ ਕੀਤੀ | ਇਸ ਤੋਂ ਪਹਿਲਾਂ 7 ਮਾਰਚ ਨੂੰ ਸਿਸੋਦੀਆ (51) ਤੋਂ ਪੰਜ ਘੰਟੇ ਤੱਕ ਪੁੱਛਗਿੱਛ ਕੀਤੀ ਸੀ ਅਤੇ ਉਨ੍ਹਾ ਦਾ ਬਿਆਨ ਦਰਜ ਕੀਤਾ ਸੀ |


