ਕੋਟਕਪੂਰਾ ਗੋਲੀ ਕਾਂਡ ‘ਚ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ
ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ‘ਚ ਪੁਲਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ‘ਤੇ ਬੈਠੀਆਂ ਸਿੱਖ ਸੰਗਤਾਂ ਵਿਰੁੱਧ ਦਰਜ ਮੁਕੱਦਮੇ ਨੂੰ ਸਾਜ਼ਿਸ਼ ਦੱਸਦਿਆਂ ਜਾਂਚ ਟੀਮ ਨੇ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਨਾਲ ਹੀ ਇਸ ਕੇਸ ‘ਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਵਿਰੁੱਧ ਝੂਠੇ ਗਵਾਹ, ਸਬੂਤ ਅਤੇ ਕੇਸ ਬਣਾਉਣ ਦੇ ਦੋਸ਼ਾਂ ਤਹਿਤ ਪੰਜਾਬ ਦੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ, ਆਈ ਜੀ ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਤੱਤਕਾਲੀ ਐੱਸ ਐੱਸ ਪੀ ਸੁਖਮਿੰਦਰ ਸਿੰਘ ਮਾਨ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ ਐੱਚ ਓ ਗੁਰਦੀਪ ਸਿੰਘ ਪੰਧੇਰ ਨੂੰ ਮੁਕੱਦਮਾ ਨੰ: 192 ਮਿਤੀ 14-10-2015 ‘ਚ ਮੁਲਜ਼ਮ ਨਾਮਜ਼ਦ ਕਰ ਦਿੱਤਾ ਹੈ | ਜਾਂਚ ਟੀਮ ਨੇ ਇਨ੍ਹਾਂ ਪੁਲਸ ਅਧਿਕਾਰੀਆਂ ਵਿਰੁੱਧ ਵੱਖਰਾ ਚਲਾਨ ਇਲਾਕਾ ਮੈਜਿਸਟਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਹੈ | ਇਸ ਚਲਾਨ ਦੇ ਆਧਾਰ ‘ਤੇ ਅਦਾਲਤ ਨੇ ਇਨ੍ਹਾਂ ਪੁਲਸ ਅਧਿਕਾਰੀਆਂ ਨੂੰ ਨੋਟਿਸ ਭੇਜ ਕੇ 23 ਮਾਰਚ ਨੂੰ ਅਦਾਲਤ ‘ਚ ਪੇਸ਼ ਹੋਣ ਦੀ ਹਦਾਇਤ ਦਿੱਤੀ ਹੈ |