ਅੰਗਰੇਜ਼ਾਂ ਭਾਰਤ ਨੂੰ ਲਗਾਤਾਰ ਤੇ ਕਾਂਗਰਸ-ਭਾਜਪਾ ਨੇ ਵਾਰੋ-ਵਾਰੀ ਲੁੱਟਿਆ : ਮਾਨ

0
259

ਹਮੀਰਪੁਰ : ਦੇਸ਼ ਨੂੰ ਲੁੱਟਣ ਲਈ ਕਾਂਗਰਸ ਅਤੇ ਭਾਜਪਾ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਕਿਹਾ ਕਿ ਅੰਗਰੇਜ਼ਾਂ ਨੇ ਭਾਰਤ ਨੂੰ 200 ਸਾਲ ਗੁਲਾਮ ਬਣਾਇਆ, ਪਰ ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਨੇ ਸਾਨੂੰ ਵਾਰੋ-ਵਾਰੀ ਪੰਜ-ਪੰਜ ਸਾਲ ਲਈ ਗੁਲਾਮੀ ਵਿਚ ਰੱਖਿਆ | ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਨੇ ਲੋਕਾਂ ਦਾ ਪੈਸਾ ਲੁੱਟਣ ਲਈ ਇਕ-ਦੂਜੇ ਨਾਲ ਦੋਸਤਾਨਾ ਮੈਚ ਖੇਡਿਆ | ਉਨ੍ਹਾਂ ਕਿਹਾ ਕਿ ਅੰਗਰੇਜਾਂ ਵਾਂਗ ਇਨ੍ਹਾਂ ਪਾਰਟੀਆਂ ਨੇ ਵੀ ਲੋਕਾਂ ਦੇ ਹੱਕਾਂ ‘ਤੇ ਡਾਕਾ ਮਾਰਿਆ, ਪਰ ਲੋਕਾਂ ਕੋਲ ਉਨ੍ਹਾਂ ਨੂੰ ਵਾਰ-ਵਾਰ ਚੁਣਨ ਤੋਂ ਇਲਾਵਾ ਹੋਰ ਕੋਈ ਚਾਰਾ ਵੀ ਨਹੀਂ ਸੀ | ਭਗਵੰਤ ਮਾਨ ਨੇ ਕਿਹਾ ਕਿ ਹੁਣ ‘ਆਪ’ ਦੇ ਰੂਪ ‘ਚ ਲੋਕਾਂ ਨੂੰ ਦੇਸ਼ ‘ਚ ਬਦਲਾਅ ਲਿਆਉਣ ਲਈ ਬਦਲ ਮਿਲਿਆ ਹੈ ਅਤੇ ਲੋਕ ‘ਆਪ’ ਨੂੰ ਚੁਣ ਕੇ ਭਾਜਪਾ ਅਤੇ ਕਾਂਗਰਸ ਨੂੰ ਨਾਕਾਰ ਰਹੇ ਹਨ |
ਉਹਨਾ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਤੋਂ ਸ਼ੁਰੂ ਹੋਈ ਬਦਲਾਅ ਦੀ ਹਨੇਰੀ ਨੇ ਪੰਜਾਬ ‘ਚ ਆਪਣਾ ਪੂਰਾ ਅਸਰ ਦਿਖਾਇਆ ਅਤੇ ਹੁਣ ਇਹ ਸਮੁੱਚੇ ਦੇਸ਼ ਵਿੱਚ ਹੂੰਝਾ ਫੇਰਨ ਲਈ ਤਿਆਰ ਹੈ | ‘ਆਪ’ ਹਿਮਾਚਲ ਪ੍ਰਦੇਸ਼ ‘ਚ ਵੀ ਸਿਆਸੀ ਝੱਖੜ ਝੁਲਾਉਣ ਲਈ ਤਿਆਰ ਹੈ ਅਤੇ ਕਾਂਗਰਸ ਤੇ ਭਾਜਪਾ ਨੂੰ ਪਹਾੜੀ ਸੂਬੇ ‘ਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਜਾਵੇਗਾ | ਭਗਵੰਤ ਮਾਨ ਨੇ ਲੋਕਾਂ ਨੂੰ ਇੱਕ ਨਵਾਂ ਅਤੇ ਖੁਸ਼ਹਾਲ ਹਿਮਾਚਲ ਸਿਰਜਣ ਲਈ ਕਾਂਗਰਸ ਅਤੇ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਅਪੀਲ ਕੀਤੀ |
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿੱਥੇ ਸਕੂਲਾਂ ਨੂੰ ਮਿਡ-ਡੇ-ਮੀਲ ਦੀਆਂ ਇਮਾਰਤਾਂ ਵਿੱਚ ਤਬਦੀਲ ਕਰ ਦਿੱਤਾ, ਉੱਥੇ ਦਿੱਲੀ ਅਤੇ ਪੰਜਾਬ ਦੀਆਂ ‘ਆਪ’ ਸਰਕਾਰਾਂ ਨੇ ਉਨ੍ਹਾਂ ਨੂੰ ‘ਸਿੱਖਿਆ ਦੇ ਮੰਦਰ’ ਵਿੱਚ ਬਦਲ ਦਿੱਤਾ, ਜਿੱਥੋਂ ਨੌਕਰੀਆਂ ਦੇਣ ਵਾਲੇ ਪੈਦਾ ਕੀਤੇ ਜਾ ਰਹੇ ਹਨ, ਨਾ ਕਿ ਨੌਕਰੀਆਂ ਮੰਗਣ ਵਾਲੇ | ਮੁੱਖ ਮੰਤਰੀ ਨੇ ਕਿਹਾ ਕਿ ਸਿਰਫ ਲੀਡਰਾਂ ਦੇ ਬੋਲਣ ਨਾਲ ਗਰੀਬੀ ਦੂਰ ਨਹੀਂ ਹੋਵੇਗੀ | ਸਿੱਖਿਆ ਉਹ ਰਸਤਾ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਗੁਰਬਤ ਤੋਂ ਬਾਹਰ ਕੱਢ ਸਕਦਾ ਹੈ |
ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਭਾਵੁਕ ਸਾਂਝ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਦਿਨਾਂ ਨੂੰ ਯਾਦ ਕੀਤਾ, ਜਦੋਂ ਉਹ ਸੂਬੇ ਦੇ ਦੌਰੇ ਉਤੇ ਆਉਂਦੇ ਸਨ | ਉਨ੍ਹਾ ਕਿਹਾ ਕਿ ਦੇਵ ਭੂਮੀ ਹਿਮਾਚਲ ਪ੍ਰਦੇਸ਼ ਭਾਗਾਂ ਵਾਲੀ ਧਰਤੀ ਹੈ ਅਤੇ ਇੱਥੇ ਆ ਕੇ ਆਪਣੇ ਆਪ ਨੂੰ ਸੁਭਾਗਾ ਸਮਝਦੇ ਹਨ | ਹਿਮਾਚਲ ਦੇ ਨੌਜਵਾਨ ਬਹੁਤ ਪ੍ਰਤਿਭਾਸ਼ਾਲੀ ਅਤੇ ਕਾਬਲ ਹਨ ਅਤੇ ਹੁਣ ਸਮਾਂ ਆ ਗਿਆ ਹੈ, ਜਦੋਂ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਉਨ੍ਹਾਂ ਦੀ ਅਥਾਹ ਸਮਰੱਥਾ ਨੂੰ ਤਲਾਸ਼ਿਆ ਜਾਵੇ |

LEAVE A REPLY

Please enter your comment!
Please enter your name here