ਬਾਦਲਾਂ ਦੀ ਪੇਸ਼ਗੀ ਜ਼ਮਾਨਤ ‘ਤੇ ਫੈਸਲਾ ਅੱਜ ਸੰਭਵ

0
171

ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ‘ਚ ਮੁਲਜ਼ਮ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਗਿ੍ਫ਼ਤਾਰੀ ਤੋਂ ਬਚਣ ਲਈ ਅਗਾਊਾ ਜ਼ਮਾਨਤ ਦੀ ਦਿੱਤੀ ਅਰਜ਼ੀ ਉੱਪਰ ਮੰਗਲਵਾਰ ਕਰੀਬ ਤਿੰਨ ਘੰਟੇ ਬਹਿਸ ਤੋਂ ਬਾਅਦ ਐਡੀਸ਼ਨਲ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ | ਉਸ ਦਿਨ ਉਹ ਕੋਈ ਫੈਸਲਾ ਸੁਣਾ ਸਕਦੇ ਹਨ | ਵਿਸ਼ੇਸ਼ ਜਾਂਚ ਟੀਮ ਨੇ ਬਹਿਸ ਦੌਰਾਨ ਅਦਾਲਤ ਨੂੰ ਦੱਸਿਆ ਕਿ ਕੋਟਕਪੂਰਾ ਗੋਲੀ ਕਾਂਡ ‘ਚ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਸਾਜ਼ਿਸ਼ ਰਚੀ ਸੀ ਅਤੇ ਪੜਤਾਲ ਦੌਰਾਨ ਸਾਹਮਣੇ ਆਇਆ ਕਿ 2012 ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਾਦਲ ਸਰਕਾਰ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਸਵਾਂਗ ਰਚਾਉਣ ਦੇ ਮਾਮਲੇ ‘ਚ ਕਲੀਨ ਚਿੱਟ ਦੇ ਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ | ਜਾਂਚ ਟੀਮ ਨੇ ਕਿਹਾ ਕਿ ਜੇ ਇਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਇਸ ਨਾਲ ਮੁਕੱਦਮੇ ਅਤੇ ਇਸ ਦੇ ਗਵਾਹਾਂ ਉੱਪਰ ਪ੍ਰਭਾਵ ਪੈਣ ਦਾ ਖਦਸ਼ਾ ਹੈ | ਸਾਬਕਾ ਮੁੱਖ ਮੰਤਰੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਆਰ ਐੱਸ ਚੀਮਾ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਪੜਤਾਲ ਦੌਰਾਨ ਤਿੰਨ ਵਾਰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ ਅਤੇ ਉਨ੍ਹਾਂ ਪੜਤਾਲ ਦੌਰਾਨ ਪੂਰਾ ਸਹਿਯੋਗ ਕੀਤਾ ਹੈ ਅਤੇ ਜੇ ਚਲਦੇ ਮੁਕੱਦਮੇ ਤੱਕ ਮੁਲਜ਼ਮਾਂ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹਨ |
ਇਸ ਤੋਂ ਇਲਾਵਾ ਫਰੀਦਕੋਟ ਦੇ ਸਾਬਕਾ ਐੱਸ ਐੱਸ ਪੀ ਸੁਖਮਿੰਦਰ ਸਿੰਘ ਮਾਨ ਦੀ ਜ਼ਮਾਨਤ ਉੱਪਰ ਵੀ ਬਹਿਸ ਹੋਈ | ਮਾਨ ਨੇ ਵੀ ਆਪਣੀ ਅਰਜ਼ੀ ‘ਚ ਖੁਦ ਨੂੰ ਬੇਕਸੂਰ ਦੱਸਿਆ | ਜਾਂਚ ਟੀਮ ਨੇ ਮਾਨ ਉੱਪਰ ਸਾਜ਼ਿਸ਼ ਨੂੰ ਅੰਜ਼ਾਮ ਦੇਣ ਦੇ ਇਲਜ਼ਾਮ ਲਾਏ ਹਨ |

LEAVE A REPLY

Please enter your comment!
Please enter your name here