ਪੁਰੋਹਿਤ ਨੇ ਚੰਡੀਗੜ੍ਹ ਨਗਰ ਨਿਗਮ ‘ਚ ਭਿ੍ਸ਼ਟਾਚਾਰ ਵੱਲ ਅੱਖਾਂ ਮੀਟੀਆਂ : ਕੰਗ

0
174

ਚੰਡੀਗੜ੍ਹ (ਗੁਰਜੀਤ ਬਿੱਲਾ)
ਆਮ ਆਦਮੀ ਪਾਰਟੀ ਨੇ ਮੰਗਲਵਾਰ ਕਿਹਾ ਕਿ ਭਾਜਪਾ ਦੇ ਮੇਅਰ ਅਨੂਪ ਗੁਪਤਾ ਦੀ ਅਗਵਾਈ ਵਿਚ ਚੱਲ ਰਹੀ ਚੰਡੀਗੜ੍ਹ ਨਗਰ ਨਿਗਮ ਦੇ ਬਹੁ-ਕਰੋੜੀ ਪਾਰਕਿੰਗ ਘੁਟਾਲੇ ਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ, ਤਾਂ ਜੋ ਭਾਜਪਾ ਦੇ ਕਈ ਸੀਨੀਅਰ ਆਗੂਆਂ ਅਤੇ ਉੱਚ ਨਿਗਮ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਇਆ ਜਾ ਸਕੇ |
ਪੰਜਾਬ ਦੇ ਸੂਬਾਈ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਸਮੇਤ ‘ਆਪ’ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ, ਚੰਡੀਗੜ੍ਹ ਦੇ ਵਿਰੋਧੀ ਧਿਰ ਦੇ ਨੇਤਾ ਦਮਨਪ੍ਰੀਤ ਸਿੰਘ ਅਤੇ ‘ਆਪ’ ਕੌਂਸਲਰਾਂ ਨੇ ਪ੍ਰੈੱਸ ਕਾਨਫਰੰਸ ‘ਚ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅਤੇ ਭਾਜਪਾ ਆਗੂਆਂ ਵੱਲੋਂ ਭਾਜਪਾ ਸ਼ਾਸਤ ਚੰਡੀਗੜ੍ਹ ਨਿਗਮ ‘ਚ ਹੋਈਆਂ ਬੇਨੇਮੀਆਂ ਅਤੇ ਭਿ੍ਸ਼ਟਾਚਾਰ ਨੂੰ ਨਜ਼ਰਅੰਦਾਜ ਕਰਨ ਦੀ ਆਲੋਚਨਾ ਕੀਤੀ | ਕੰਗ ਨੇ ਕਿਹਾ ਕਿ ਪੁਰੋਹਿਤ ਨੇ ਨਗਰ ਨਿਗਮ ‘ਚ ਫੈਲੇ ਭਿ੍ਸ਼ਟਾਚਾਰ ਅਤੇ ਭਾਜਪਾਈ ਆਗੂਆਂ ਦੀ ਭਿ੍ਸ਼ਟਾਚਾਰ ਨੂੰ ਸਰਪ੍ਰਸਤੀ ਵੱਲੋਂ ਅੱਖਾਂ ਬੰਦ ਕਰ ਰੱਖੀਆਂ ਹਨ, ਜਦਕਿ ਉਹ ਪੰਜਾਬ ਸਰਕਾਰ ਦੇ ਰੋਜ਼ਮਰ੍ਹਾ ਦੇ ਕੰਮਾਂ ‘ਚ ਦਖਲਅੰਦਾਜ਼ੀ ਕਰਕੇ ਸੂਬੇ ਦੀ ਤਰੱਕੀ ‘ਚ ਰੁਕਾਵਟ ਪੈਦਾ ਕਰ ਰਹੇ ਹਨ | ਸ਼ਹਿਰ ‘ਚ 57 ਪੇਡ ਪਾਰਕਿੰਗ ਲਾਟ ਚਲਾਉਣ ਲਈ 1.65 ਕਰੋੜ ਰੁਪਏ ਦੀ ਜਾਲ੍ਹੀ ਬੈਂਕ ਗਾਰੰਟੀ ਜਮ੍ਹਾਂ ਕਰਵਾਉਣ ਦੇ ਮਾਮਲੇ ‘ਚ ਪਸ਼ਚਾਤਿਆ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਸੰਜੇ ਸ਼ਰਮਾ ਦੀ ਤਿੰਨ ਦਿਨਾਂ ਤੱਕ ਗਿ੍ਫਤਾਰੀ ਨਾ ਕੀਤੇ ਜਾਣ ‘ਤੇ ਚੰਡੀਗੜ੍ਹ ਨਗਰ ਨਿਗਮ ਅਤੇ ਪੁਲਸ ‘ਤੇ ਸਵਾਲ ਉਠਾਉਂਦੇ ਹੋਏ ਪ੍ਰਦੀਪ ਛਾਬੜਾ ਨੇ ਕਿਹਾ ਕਿ ਭਾਜਪਾ ਇਸ ਘੁਟਾਲੇ ‘ਚ ਸ਼ਾਮਲ ਆਪਣੇ ਨੇਤਾਵਾਂ ਅਤੇ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾ ਕਿਹਾ ਕਿ ਚੰਡੀਗੜ੍ਹ ਦੀ ਪਾਰਕਿੰਗ ਕੀਮਤ 4-5 ਕਰੋੜ ਤੱਕ ਦੀ ਹੈ | ਵਿਰੋਧੀ ਧਿਰ ਦੇ ਨੇਤਾ ਦਮਨਪ੍ਰੀਤ ਸਿੰਘ ਨੇ ਕਿਹਾ ਕਿ ‘ਆਪ’ ਦੇ ਸਾਰੇ ਕੌਂਸਲਰਾਂ ਨੇ ਭਿ੍ਸ਼ਟਾਚਾਰ ਦੇ ਮੁੱਦੇ ‘ਤੇ ਡੂੰਘਾਈ ਨਾਲ ਵਿਚਾਰ-ਵਟਾਂਦਰੇ ਲਈ ਵਿਸ਼ੇਸ਼ ਸੈਸ਼ਨ ਸੱਦਣ ਲਈ ਮੇਅਰ ਅਨੂਪ ਗੁਪਤਾ ਨੂੰ ਮੰਗ ਪੱਤਰ ਵੀ ਸੌਂਪਿਆ ਹੈ |

LEAVE A REPLY

Please enter your comment!
Please enter your name here