13.6 C
Jalandhar
Thursday, December 26, 2024
spot_img

ਪਹਿਲੇ ਸਾਲ ਉਮੀਦਾਂ ਭਰੋਸੇ ‘ਚ ਹੋਈਆਂ ਤਬਦੀਲ : ਮਾਨ

ਚੰਡੀਗੜ੍ਹ (ਗੁਰਜੀਤ ਬਿੱਲਾ)
ਪਿਛਲੇ ਇਕ ਸਾਲ ਵਿੱਚ ਪੰਜਾਬ ਦੇ ਲਾਮਿਸਾਲ ਵਿਕਾਸ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ ਕਰਨ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅਗਲੀ ਸਰਕਾਰ ਬਣਾਉਣ ਲਈ ਨਹੀਂ, ਸਗੋਂ ਅਗਲੀਆਂ ਪੀੜ੍ਹੀਆਂ ਦੀ ਖੁਸ਼ਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ | ਆਪਣੀ ਸਰਕਾਰ ਦੇ ਕਾਰਜਕਾਲ ਦਾ ਇਕ ਵਰ੍ਹਾ ਮੁਕੰਮਲ ਹੋਣ ਮਗਰੋਂ ਪੰਜਾਬੀਆਂ ਲਈ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਸਰਕਾਰ ਵੱਲੋਂ ਲੋਕਾਂ ਦੇ ਸਮੁੱਚੇ ਵਿਕਾਸ ਤੇ ਖੁਸ਼ਹਾਲੀ ਲਈ ਕੀਤੀਆਂ ਸਮਰਪਿਤ ਕੋਸ਼ਿਸ਼ਾਂ ਨਾਲ ਪਿਛਲੇ ਇਕ ਸਾਲ ਦੌਰਾਨ ਸੂਬਾ ਕ੍ਰਾਂਤੀਕਾਰੀ ਤਬਦੀਲੀਆਂ ਦਾ ਗਵਾਹ ਬਣਿਆ ਹੈ | ਭਗਵੰਤ ਮਾਨ ਨੇ ਕਿਹਾ ਕਿ ਅਗਲੀ ਸਰਕਾਰ ਬਣਾਉਣ ਲਈ ਜੋੜ-ਤੋੜ ਕਰਨ ਵਾਲੀਆਂ ਪਿਛਲੀਆਂ ਸਰਕਾਰ ਦੇ ਉਲਟ ਸਾਡੀ ਸਰਕਾਰ ਅਗਲੀ ਪੀੜ੍ਹੀ ਦੇ ਸਮੁੱਚੇ ਵਿਕਾਸ ਉਤੇ ਧਿਆਨ ਕੇਂਦਰਤ ਕਰ ਰਹੀ ਹੈ | ਮਾਨ ਨੇ ਨਵੇਂ ਪੰਜਾਬ ਦੇ ਨਕਸ਼ ਘੜਨ ਲਈ ਲੋਕਾਂ ਖਾਸ ਤੌਰ ਉਤੇ ਪਰਵਾਸੀ ਭਾਰਤੀਆਂ ਤੋਂ ਸਹਿਯੋਗ ਮੰਗਿਆ |
ਉਨ੍ਹਾ ਕਿਹਾ ਕਿ ਇਹ ਸਰਕਾਰ ਨਾ ਤਾਂ ਬਾਦਲ ਦੀ ਹੈ ਅਤੇ ਨਾ ਹੀ ਕੈਪਟਨ ਦੀ, ਇਹ ਸਰਕਾਰ ਹਰੇਕ ਪੰਜਾਬੀ ਦੀ ਹੈ | ਉਹਨਾ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਆਸਾਂ ਮੁਤਾਬਕ ਸੂਬੇ ਦੀ ਭਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਲਦੀ ਹੀ ਪੰਜਾਬ ਨਵਾਂ, ਅਗਾਂਹਵਧੂ ਤੇ ਗਤੀਸ਼ੀਲ ਸੂਬਾ ਬਣੇਗਾ | ਪਿਛਲੇ ਸਾਲ ਦੌਰਾਨ ਪੰਜਾਬ ਵਿਆਪਕ ਵਿਕਾਸ ਦਾ ਗਵਾਹ ਬਣਿਆ ਹੈ ਅਤੇ ਦੂਜੇ ਸਾਲ ਵਿੱਚ ਵੀ ਵਿਕਾਸ ਤੇ ਤਰੱਕੀ ਉਤੇ ਵੱਧ ਜ਼ੋਰ ਦਿੱਤਾ ਜਾਵੇਗਾ | ਸੂਬੇ ਵਿੱਚ ਵਿਕਾਸ ਲਈ ਸਨਅਤਾਂ ਨੂੰ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ | ਸੂਬੇ ਵਿੱਚੋਂ ਨਸ਼ਿਆਂ ਦੀ ਜੜ੍ਹ ਵੱਢਣ ਲਈ ਆਗਾਮੀ ਦਿਨਾਂ ਵਿੱਚ ਵਿਆਪਕ ਮੁਹਿੰਮ ਵਿੱਢੀ ਜਾਵੇਗੀ |
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਹਿਜਰਤ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿਛਲੇ ਇਕ ਸਾਲ ਵਿੱਚ ਹੁਣ ਤੱਕ 26,797 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | ਸੂਬਾ ਸਰਕਾਰ ਨੇ ਪਹਿਲੀ ਜੁਲਾਈ ਤੋਂ ਹਰੇਕ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਪੂਰੀ ਕੀਤੀ ਹੈ | ਇਹ ਮਾਣ ਵਾਲੀ ਗੱਲ ਹੈ ਕਿ ਨਵੰਬਰ-ਦਸੰਬਰ 2022 ਵਿੱਚ ਸੂਬੇ ਦੇ 87 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ |
ਉਹਨਾ ਕਿਹਾ ਕਿ ਸੂਬਾ ਸਰਕਾਰ ਨੇ 14 ਹਜ਼ਾਰ ਆਰਜ਼ੀ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ ਅਤੇ ਕੈਬਨਿਟ ਨੇ ਏਨੀ ਗਿਣਤੀ ਵਿੱਚ ਹੀ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਮਨਜ਼ੂਰੀ ਦਿੱਤੀ ਹੈ | ਸਰਕਾਰ ਨੇ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਕੱਢਣ ਤੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਮੂੰਗੀ ਨੂੰ ਤੀਜੀ ਫ਼ਸਲ ਵਜੋਂ ਉਤਸ਼ਾਹਤ ਕੀਤਾ ਹੈ |
ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਵਿੱਤੀ ਸਹਾਇਤਾ ਮੁਹੱਈਆ ਕੀਤੀ ਹੈ | ਗੰਨਾ ਉਤਪਾਦਕਾਂ ਦੇ ਪਿਛਲੇ ਸਾਲਾਂ ਦੇ ਲਟਕਦੇ ਸਾਰੇ ਬਕਾਏ ਦਾ ਭੁਗਤਾਨ ਕਰ ਦਿੱਤਾ ਹੈ | ਮਾਨ ਨੇ ਇਹ ਵੀ ਆਖਿਆ ਕਿ ਮੇਰੀ ਸਰਕਾਰ ਨੇ ਪਹਿਲੀ ਵਾਰ ਦਿਹਾੜੀਦਾਰ ਕਾਮਿਆਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਹੈ | ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਭਰ ਵਿੱਚ 500 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਹਨ | ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ 23 ਜ਼ਿਲਿ੍ਹਆਂ ਵਿੱਚ 117 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਗਏ ਹਨ | ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਾ ਮੌਕਾ ਹੈ, ਜਦੋਂ ਸੂਬਾ ਸਰਕਾਰ ਨੇ ਇਸ ਦਿਸ਼ਾ ਵਿੱਚ ਕਦਮ ਚੁੱਕਿਆ ਹੈ | ਉਨ੍ਹਾ ਦੱਸਿਆ ਕਿ ਇਨ੍ਹਾਂ ਕੇਸਾਂ ਵਿੱਚ ਇਨਸਾਫ਼ ਬਹੁਤੀ ਦੂਰ ਨਹੀਂ, ਕਿਉਂਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਯਕੀਨੀ ਬਣਾਉਣ ਲਈ ਅਦਾਲਤ ਵਿੱਚ ਪਹਿਲਾਂ ਹੀ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ | ਉਹ ਦਿਨ ਹੁਣ ਦੂਰ ਨਹੀਂ, ਜਦੋਂ ਇਸ ਘਿਨਾਉਣੇ ਜੁਰਮ ਦੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ |

Related Articles

LEAVE A REPLY

Please enter your comment!
Please enter your name here

Latest Articles