ਸਰਕਾਰਾਂ ਅਤੀਤ ਤੋਂ ਸਬਕ ਲੈਣ : ਗਿਆਨੀ ਹਰਪ੍ਰੀਤ ਸਿੰਘ

0
242

ਅੰਮਿ੍ਤਸਰ : ਅੰਮਿ੍ਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ ਪੁਲਸ ਕਾਰਵਾਈ ਦੌਰਾਨ ਸ੍ਰੀ ਅਕਾਲ ਤਖਤ ਦੇ ਐਕਟਿੰਗ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ‘ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਉਨ੍ਹਾ ਕਿਹਾ, ਜੋ ਜਮਹੂਰੀਅਤ ‘ਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ, ਉਨ੍ਹਾਂ ਨਾਲ ਸਰਕਾਰੀ ਜਬਰ ਅਤੇ ਨਾਜਾਇਜ਼ ਹਿਰਾਸਤ ਦਾ ਅਮਲ ਅਪਨਾਉਣ ਤੋਂ ਸਰਕਾਰਾਂ ਗੁਰੇਜ਼ ਕਰਨ | ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਬਹੁਤ ਸੰਤਾਪ ਹੰਢਾਇਆ ਹੈ ਅਤੇ ਹੁਣ ਚੰਗੇ ਭਵਿੱਖ ਵੱਲ ਤੁਰਨ ਦੀ ਲੋੜ ਹੈ | ਉਨ੍ਹਾ ਕਿਹਾ ਕਿ ਅਤੀਤ ‘ਚ ਸਰਕਾਰਾਂ ਵੱਲੋਂ ਦਿੱਤੇ ਗਏ ਡੂੰਘੇ ਜ਼ਖਮ ਅਜੇ ਵੀ ਪੰਜਾਬ ਦੇ ਚੇਤਿਆਂ ‘ਚ ਹਨ ਅਤੇ ਇਨ੍ਹਾਂ ਨੂੰ ਭਰਨ ਵਾਸਤੇ ਕਦੇ ਵੀ ਕਿਸੇ ਸਰਕਾਰ ਨੇ ਗੰਭੀਰਤਾ ਨਹੀਂ ਦਿਖਾਈ | ਇਸੇ ਲਈ ਸਿੱਖ ਨੌਜਵਾਨ ਮਾਨਸਿਕਤਾ ਵਿਚ ਸਮੇਂ ਦੀਆਂ ਸਰਕਾਰਾਂ ਦੀਆਂ ਵਧੀਕੀਆਂ ਅਤੇ ਵਿਤਕਰੇਬਾਜ਼ੀ ਖਿਲਾਫ ਡਾਢਾ ਅਸੰਤੋਸ਼ ਮੌਜੂਦ ਹੈ | ਉਨ੍ਹਾ ਕਿਹਾ ਕਿ ਕੁਝ ਵੱਡੀਆਂ ਤਾਕਤਾਂ ਹਰ ਵੇਲੇ ਮੌਕੇ ਦੀ ਤਾਕ ‘ਚ ਰਹਿੰਦੀਆਂ ਹਨ, ਜੋ ਸਿੱਖ ਨੌਜਵਾਨਾਂ ਨੂੰ ਦਿਸ਼ਾਹੀਣ ਕਰਕੇ ਬਲੀ ਦਾ ਬੱਕਰਾ ਬਣਾਉਣਾ ਚਾਹੁੰਦੀਆਂ ਹਨ | ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਨੌਜਵਾਨਾਂ ਨੂੰ ਵੀ ਟਕਰਾਅ ਦਾ ਰਾਹ ਅਪਣਾਉਣ ਦੀ ਥਾਂ ਆਪਣੇ ਬੌਧਿਕ ਅਤੇ ਅਕਾਦਮਿਕ ਕਾਇਆ-ਕਲਪ ਕਰਨ ਵਾਲੇ ਰਾਹ ‘ਤੇ ਚੱਲਣ ਦੀ ਸਲਾਹ ਦਿੱਤੀ ਹੈ | ਉਨ੍ਹਾ ਸਰਕਾਰਾਂ ‘ਤੇ ਦੋਸ਼ ਲਾਇਆ ਕਿ ਉਨ੍ਹਾਂ ਦੀਆਂ ਸਿੱਖਾਂ ਨੂੰ ਧਾਰਮਿਕ ਤੇ ਸਿਆਸੀ ਤੌਰ ‘ਤੇ ਕਮਜ਼ੋਰ ਕਰਨ ਦੀਆਂ ਨੀਤੀਆਂ ਸਿੱਖਾਂ ਅੰਦਰ ਖਲਾਅ ਤੇ ਬੇਚੈਨੀ ਪੈਦਾ ਕਰਦੀਆਂ ਹਨ | ਅਜਿਹੇ ਅਮਲ ਨਾ ਸਰਕਾਰਾਂ ਲਈ ਅਤੇ ਨਾ ਹੀ ਪੰਜਾਬ ਦੇ ਹਿੱਤ ‘ਚ ਹਨ, ਇਸ ਬਾਰੇ ਸੋਚਣ ਦੀ ਲੋੜ ਹੈ | ਉਨ੍ਹਾ ਕਿਹਾ ਕਿ ਅੱਜ ਸਮਾਂ ਮੰਗ ਕਰਦਾ ਹੈ ਕਿ ਅਤੀਤ ਦੀਆਂ ਗਲਤੀਆਂ ਤੋਂ ਸਬਕ ਸਿੱਖ ਕੇ ਸਰਕਾਰਾਂ ਸਿੱਖਾਂ ਦੇ ਧਾਰਮਿਕ, ਰਾਜਨੀਤਕ ਅਤੇ ਆਰਥਿਕ ਮਸਲਿਆਂ ਦਾ ਸਰਲੀਕਰਨ ਕਰਨ ਅਤੇ ਸਿੱਖਾਂ ਵਿਚ ਬੇਗਾਨਗੀ ਦੇ ਅਹਿਸਾਸ ਨੂੰ ਖਤਮ ਕਰਨ | ਸਿਆਸਤ ਤੇ ਸੱਤਾ ਦੇ ਹਿੱਤਾਂ ਨੂੰ ਪੂਰਨ ਵਾਸਤੇ ਸਰਕਾਰਾਂ ਨੂੰ ਘੱਟਗਿਣਤੀ ਨੌਜਵਾਨਾਂ ਵਿਚ ਦਹਿਸ਼ਤ, ਡਰ ਅਤੇ ਬੇਗਾਨਗੀ ਦਾ ਅਹਿਸਾਸ ਭਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਉਨ੍ਹਾ ਸਰਕਾਰਾਂ ਨੂੰ ਨਿਆਂਕਾਰੀ ਰਾਜ ਧਰਮ ਨੂੰ ਨਿਭਾਉਣ ਦੀ ਅਪੀਲ ਵੀ ਕੀਤੀ | ਇਸ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਪੰਜਾਬ ਵਿਚ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ |

LEAVE A REPLY

Please enter your comment!
Please enter your name here