ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵਿਛੜਿਆਂ ਨੂੰ ਸ਼ਰਧਾਂਜਲੀ ਦੇਣ ਬਾਅਦ ਮੁੜ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕਾਂ ਨੇ ਕਾਨੂੰਨ ਵਿਵਸਥਾ ‘ਤੇ ਬਹਿਸ ਕਰਨ ਦੀ ਮੰਗ ਕੀਤੀ | ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਸ ਬਾਰੇ ਮਤੇ ਨੂੰ ਨਾਮਨਜ਼ੂਰ ਕਰਨ ਤੋਂ ਬਾਅਦ ਕਾਂਗਰਸੀ ਵਿਧਾਇਕ ਸਪੀਕਰ ਦੇ ਟੇਬਲ ਦੇ ਅੱਗੇ ਆ ਗਏ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਸਪੀਕਰ ਅਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਬਹਿਸ ਹੋਈ | ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੀਕਰ ਨੂੰ ਕਾਨੂੰਨ ਵਿਵਸਥਾ ਦਾ ਮੁੱਦਾ ਉਠਾਉਣ ਦੀ ਇਜਾਜ਼ਤ ਦੇਣ ਲਈ ਕਿਹਾ | ਉਨ੍ਹਾ ਸਪੀਕਰ ‘ਤੇ ਸਰਕਾਰ ਦੇ ਹੁਕਮ ਮੁਤਾਬਕ ਚੱਲਣ ਦਾ ਦੋਸ਼ ਲਗਾਇਆ | ਕਾਂਗਰਸੀ ਵਿਧਾਇਕਾਂ ਨੇ 45 ਮਿੰਟ ਤੱਕ ਸਦਨ ‘ਚ ਨਾਅਰੇਬਾਜ਼ੀ ਕਰਨ ਤੋਂ ਬਾਅਦ ਵਾਕਆਊਟ ਕਰ ਦਿੱਤਾ |




