ਖਟਕੜ ਕਲਾਂ (ਅਵਤਾਰ ਕਲੇਰ)
ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਅੱਗੇ ਆਉਣ ਅਤੇ ਸੂਬਾ ਸਰਕਾਰ ਇਸ ਮਕਸਦ ਦੀ ਪੂਰੀ ਲਈ ਪੂਰਾ ਸਹਿਯੋਗ ਤੇ ਤਾਲਮੇਲ ਕਰੇਗੀ |
ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ ਵਿੱਚ ਉਨ੍ਹਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਸਾਨੂੰ ਧਰਤੀ ਮਾਂ ਦੇ ਸੱਚੇ ਸਪੂਤ ਵੱਲੋਂ ਦਿੱਤੇ ਮਹਾਨ ਬਲੀਦਾਨ ਬਾਰੇ ਚੇਤੇ ਕਰਵਾਉਂਦਾ ਹੈ | ਉਨ੍ਹਾ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਸ਼ਹਾਦਤ ਸਾਨੂੰ ਹਮੇਸ਼ਾ ਬੇਇਨਸਾਫ਼ੀ, ਜ਼ੁਲਮ ਅਤੇ ਦਮਨ ਖ਼ਿਲਾਫ਼ ਖੜ੍ਹੇ ਹੋਣ ਲਈ ਪ੍ਰੇਰਦੀ ਰਹੇਗੀ | ਮਾਨ ਨੇ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਬਣਦਾ ਹੈ ਕਿ ਸਮਾਜ ਵਿੱਚ ਫੈਲੀਆਂ ਸਾਰੀਆਂ ਕੁਰੀਤੀਆਂ ਵਿਰੁੱਧ ਅਸੀਂ ਜੰਗ ਛੇੜੀਏ |
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਵੱਲੋਂ ਸੰਜੋਏ ਸੁਪਨਿਆਂ ਨੂੰ ਪੂਰਾ ਕਰਨ ਅਤੇ ਫਿਰਕੂ ਸਦਭਾਵਨਾ ਵਾਲਾ ਸਮਾਜ ਸਿਰਜਣ ਲਈ ਵਚਨਬੱਧ ਹੈ | ਆਜ਼ਾਦੀ ਦੇ ਅੰਦੋਲਨ ਦੇ ਇਨ੍ਹਾਂ ਨੌਜਵਾਨ ਨਾਇਕਾਂ ਨੇ ਛੋਟੀ ਉਮਰ ਵਿੱਚ ਹੀ ਆਪਣੇ ਜੀਵਨ ਦਾ ਬਲੀਦਾਨ ਦੇ ਕੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਕਰਵਾਇਆ | ਉਹਨਾ ਕਿਹਾ ਕਿ ਧਰਤੀ ਮਾਂ ਦੇ ਇਸ ਮਹਾਨ ਸਪੂਤ ਵੱਲੋਂ ਦਰਸਾਏ ਮਾਰਗ ਉਤੇ ਚੱਲਦਿਆਂ ਖ਼ੁਸ਼ਹਾਲ ਸਮਾਜ ਸਿਰਜਣ ਲਈ ਪੰਜਾਬ ਸਰਕਾਰ ਆਪਣੀ ਪੂਰੀ ਵਾਹ ਲਾਏਗੀ | ਉਨ੍ਹਾ ਅਫ਼ਸੋਸ ਪ੍ਰਗਟ ਕੀਤਾ ਕਿ ਆਜ਼ਾਦੀ ਨੂੰ 75 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਮੁਲਕ ਅਜੇ ਵੀ ਗਰੀਬੀ, ਅਨਪੜ੍ਹਤਾ, ਬੇਰੁਜ਼ਗਾਰੀ ਤੇ ਹੋਰ ਸਮਾਜਕ ਕੁਰੀਤੀਆਂ ਨਾਲ ਜੂਝ ਰਿਹਾ ਹੈ | ਸਾਡੀ ਸਰਕਾਰ ਨੇ ਪਹਿਲਾਂ ਹੀ ਇਨ੍ਹਾਂ ਕੁਰੀਤੀਆਂ ਤੋਂ ਲੋਕਾਂ ਨੂੰ ਰਾਹਤ ਦੇਣ ਲਈ ਕਈ ਕਦਮ ਚੁੱਕੇ ਹਨ | ਉਨ੍ਹਾ ਕਿਹਾ ਕਿ ਇਨ੍ਹਾਂ ਸਾਰੇ ਕਦਮਾਂ ਦਾ ਇਕੋ-ਇਕ ਉਦੇਸ਼ ਸਾਡੇ ਮਹਾਨ ਸ਼ਹੀਦਾਂ ਵੱਲੋਂ ਸੰਜੋਏ ਸੁਪਨਿਆਂ ਵਾਲਾ ਸਮਾਜ ਬਣਾਉਣਾ ਹੈ | ਜਦੋਂ ਤੱਕ ਇਨ੍ਹਾਂ ਸੁਪਨਿਆਂ ਨੂੰ ਸਾਕਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਸਾਡੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ | ਇਸ ਦੌਰਾਨ ਮੁੱਖ ਮੰਤਰੀ ਨੇ ਸੁਰਿੰਦਰ ਕੌਰ, ਯਾਦਵਿੰਦਰ ਸਿੰਘ, ਪਵਨਦੀਪ ਕੌਰ, ਮਨਜੀਤ ਸਿੰਘ ਧਾਲੀਵਾਲ, ਸਤਵੰਤ ਸਿੰਘ, ਕੁਲਦੀਪ ਕੌਰ, ਹਰਚੈਨ ਸਿੰਘ ਅਤੇ ਹੋਰਨਾਂ ਸਮੇਤ ਮਹਾਨ ਸ਼ਹੀਦ ਦੇ ਪਰਵਾਰਕ ਮੈਂਬਰਾਂ ਨੂੰ ਅਜਾਇਬ ਘਰ ਅਤੇ ਜੱਦੀ ਘਰ ਦਾ ਪੋਰਟਰੇਟ ਦੇ ਕੇ ਸਨਮਾਨਤ ਕੀਤਾ | ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਸ਼ਹੀਦ ਦੇ ਪਿਤਾ ਕਿਸ਼ਨ ਸਿੰਘ ਦੀ ਸਮਾਧ ‘ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾ ਸ਼ਹੀਦ ਭਗਤ ਸਿੰਘ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ |