16.2 C
Jalandhar
Monday, December 23, 2024
spot_img

ਮਾਨ ਤੇ ਕੇਜਰੀਵਾਲ ਨੇ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਰੱਖਿਆ ਨੀਂਹ ਪੱਥਰ

ਜਲੰਧਰ (ਸ਼ੈਲੀ ਐਲਬਰਟ, ਸੁਰਿੰਦਰ ਕੁਮਾਰ, ਇਕਬਾਲ ਸਿੰਘ ਉੱਭੀ)
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਸ਼ਨੀਵਾਰ ਬੱਲਾਂ ਵਿਖੇ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਕੰਮ ਸ਼ੁਰੂ ਕਰਨ ਲਈ 25 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਸੰਤ ਨਿਰੰਜਣ ਦਾਸ ਨੂੰ ਸੌਂਪੀ। ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਡੇਰਾ ਮੁਖੀ ਸੰਤ ਨਿਰੰਜਣ ਦਾਸ ਤੋਂ ਆਸ਼ੀਰਵਾਦ ਲਿਆ। ਮਾਨ ਨੇ ਉਮੀਦ ਜਤਾਈ ਕਿ ਇਹ ਸਿੱਖਿਆ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਬਾਰੇ ਵਿਆਪਕ ਖੋਜ ਅਤੇ ਅਧਿਐਨ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾ ਕਿਹਾ ਕਿ ਇਹ ਕੇਂਦਰ ਭਗਤੀ ਲਹਿਰ ਦੇ ਮੋਹਰੀ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ’ਚ ਪ੍ਰਚਾਰਨ ਵਿੱਚ ਵੀ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਧੰਨ ਹਨ ਕਿ ਉਨ੍ਹਾ ਨੂੰ ਮਹਾਨ ਧਾਰਮਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਹਨਾ ਕਿਹਾ ਕਿ ਬਾਬਾ ਸਾਹਿਬ ਡਾ. ਬੀ ਆਰ ਅੰਬੇਡਕਰ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸੂਬਾ ਸਰਕਾਰ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਹੋਰ ਖੇਤਰਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਵੱਡੇ-ਵੱਡੇ ਦਮਗਜੇ ਮਾਰਨ ’ਚ ਵਿਸ਼ਵਾਸ ਨਹੀਂ ਰੱਖਦੇ, ਸਗੋਂ ਸਮਾਜ ਲਈ ਜੋ ਚੰਗਾ ਹੋਵੇ, ਉਹ ਕੰਮ ਕਰਦੇ ਹਨ। ਉਨ੍ਹਾ ਕਿਹਾ ਕਿ ਇਸ ਵੱਕਾਰੀ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਸ ਪ੍ਰਾਜੈਕਟ ’ਤੇ ਕੰਮ ਸ਼ੁਰੂ ਕਰਨ ਲਈ ਪਹਿਲਾਂ ਹੀ ਡਿਪਟੀ ਕਮਿਸ਼ਨਰ ਦੇ ਖਾਤੇ ’ਚ ਪੈਸੇ ਤਬਦੀਲ ਕੀਤੇ ਜਾ ਚੁੱਕੇ ਹਨ। ਪਹਿਲਾਂ ਗਰੀਬਾਂ ਦੀ ਭਲਾਈ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਸਨ, ਪਰ ਅਸਲ ਅਰਥਾਂ ’ਚ ਕੰਮ ਕਿਸੇ ਨੇ ਨਹੀਂ ਕੀਤਾ। ਗਰੀਬਾਂ ਨੂੰ ਉਨ੍ਹਾਂ ਦੇ ਲੀਡਰ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਹੀ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾ ਲੋਕਾਂ ਨੂੰ ਚੇਤੇ ਕਰਵਾਇਆ ਕਿ ਪਿਛਲੀਆਂ ਸਰਕਾਰਾਂ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਦੇ ਪੈਸੇ ਹੜੱਪ ਕੇ ਗਰੀਬ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰ ਦਿੱਤਾ। ਇਸ ਦੇ ਉਲਟ ਸਾਡੀ ਸਰਕਾਰ ਆਮ ਆਦਮੀ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਤ ਨਿਰੰਜਨ ਦਾਸ ਦੀ ਅਗਵਾਈ ਵਾਲੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਪ੍ਰਬੰਧਕ ਕਮੇਟੀ, ਇਸ ਕੇਂਦਰ ਦੇ ਸਮੁੱਚੇ ਮਾਮਲਿਆਂ ਦਾ ਪ੍ਰਬੰਧ ਦੇਖੇਗੀ। ਉਨ੍ਹਾ ਦੱਸਿਆ ਕਿ ਕਮੇਟੀ ’ਚ ਗੈਰ-ਸਰਕਾਰੀ ਮੈਂਬਰਾਂ ਤੋਂ ਇਲਾਵਾ ਸਕੱਤਰ ਸੈਰ-ਸਪਾਟਾ, ਸਕੱਤਰ ਐੱਸ ਸੀ /ਬੀ ਸੀ ਭਲਾਈ, ਵਿੱਤ ਸਕੱਤਰ ਅਤੇ ਸਥਾਨਕ ਡਿਪਟੀ ਕਮਿਸ਼ਨਰ ਇਸ ਦੇ ਮੈਂਬਰ ਹੋਣਗੇ। ਮਾਨ ਨੇ ਦੱਸਿਆ ਕਿ ਡਾਇਰੈਕਟਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ। ਉਨ੍ਹਾ ਕਿਹਾ ਕਿ ਕਮੇਟੀ ਵੱਲੋਂ ਇਸ ਮੰਤਵ ਲਈ ਲੋੜੀਂਦੀ ਜ਼ਮੀਨ ਦੀ ਖਰੀਦ ਸਮੇਤ ਕੇਂਦਰ ਦੇ ਵਿਕਾਸ ਸੰਬੰਧੀ ਅੱਗੇ ਦੀ ਕਾਰਵਾਈ ਬਾਰੇ ਫੈਸਲਾ ਕੀਤਾ ਜਾਵੇਗਾ। ਉਨ੍ਹਾ ਆਸ ਪ੍ਰਗਟਾਈ ਕਿ ਇਹ ਕੇਂਦਰ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਚਾਨਣ ਮੁਨਾਰੇ ਦਾ ਕੰਮ ਕਰੇਗਾ, ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾ ਦੀ ਬਾਣੀ ਤੋਂ ਪ੍ਰੇਰਨਾ ਲੈ ਸਕਣ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ’ਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਹਰ ਕੀਮਤ ’ਤੇ ਕਾਇਮ ਰੱਖਣਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ। ਉਨ੍ਹਾ ਕਿਹਾ ਕਿ ਅੱਜ ਸਿੱਖਿਆ ਦਾ ਯੁੱਗ ਹੈ ਅਤੇ ਵਿਸ਼ਵ ਭਰ ’ਚ ਗਿਆਨ ਅਤੇ ਮੁਹਾਰਤ ਵਾਲੇ ਲੋਕਾਂ ਦੀ ਵੱਖਰੀ ਪਛਾਣ ਹੈ, ਜਿਸ ਨੂੰ ਧਿਆਨ ’ਚ ਰੱਖਦਿਆਂ ਸੂਬਾ ਸਰਕਾਰ ਪੰਜਾਬ ’ਚ ਸਿੱਖਿਆ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਹ ਨੌਜਵਾਨਾਂ ਦੇ ਹੱਥਾਂ ’ਚ ਕਿਤਾਬਾਂ, ਲੈਪਟਾਪ, ਨੌਕਰੀਆਂ, ਤਰੱਕੀ ਅਤੇ ਮੈਡਲ ਦੇਖਣਾ ਚਾਹੁੰਦੇ ਹਨ, ਨਾ ਕਿ ਹਥਿਆਰ। ਇਸ ਦੌਰਾਨ ਸੰਤ ਨਿਰੰਜਨ ਦਾਸ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ।

Related Articles

LEAVE A REPLY

Please enter your comment!
Please enter your name here

Latest Articles