ਅੰਮਿ੍ਰਤਸਰ : ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਅਕਾਲ ਤਖਤ ’ਤੇ ਸੋਮਵਾਰ ਹੋਈ ਮੀਟਿੰਗ ਵਿਚ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਕਿ ਉਹ 24 ਘੰਟਿਆਂ ਦੇ ਅੰਦਰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰੇ, ਜੇ ਉਹ ਅਜਿਹਾ ਨਹੀਂ ਕਰਦੀ ਤਾਂ ਖਾਲਸਾ ਪੰਥ ਵੱਲੋਂ ਵਿਸ਼ਾਲ ਪੰਥਕ ਵਹੀਰ ਸ਼ੁਰੂ ਕੀਤੀ ਜਾਵੇਗੀ, ਜੋ ਲੋਕਾਂ ਵਿਚ ਸਰਕਾਰ ਦੇ ਸਿੱਖ ਵਿਰੋਧੀ ਚਿਹਰੇ ਨੂੰ ਨੰਗਾ ਕਰੇਗੀ।
ਉਨ੍ਹਾ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਸਿੱਖ ਨੌਜਵਾਨਾਂ ਦੀ ਫੜੋ-ਫੜਾਈ ਦੇ ਮਾਮਲੇ ਨੂੰ ਵਿਚਾਰਨ ਵਾਸਤੇ ਸਿੱਖ ਜਥੇਬੰਦੀਆਂ, ਸਿੱਖ ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਦੀ ਸਾਂਝੀ ਵਿਸ਼ੇਸ਼ ਮੀਟਿੰਗ ਸੱਦੀ ਸੀ। ਉਨ੍ਹਾ ਦੇ ਸੁਝਾਅ ਅਤੇ ਵਿਚਾਰ ਸੁਣਨ ਤੋਂ ਬਾਅਦ ਜਥੇਦਾਰ ਨੇ ਬੇਕਸੂਰ ਸਿੱਖ ਨੌਜਵਾਨਾਂ ਦੀ ਰਿਹਾਈ ਵਾਸਤੇ ਸਰਕਾਰ ਨੂੰ ਅਲਟੀਮੇਟਮ ਦਿੱਤਾ। ਸਿੱਖਾਂ ਦੀ ਸਾਖ ਨੂੰ ਖੋਰਾ ਲਾਉਣ ਅਤੇ ਸਿੱਖਾਂ ਵਿਰੁੱਧ ਹੋ ਰਹੇ ਕੂੜ ਪ੍ਰਚਾਰ ਨੂੰ ਠੱਲ੍ਹ ਪਾਉਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ ਕਿਹਾ ਕਿ ਉਹ ਅਜਿਹੇ ਚੈਨਲਾਂ ਅਤੇ ਮੀਡੀਆ ਖਿਲਾਫ ਕਾਰਵਾਈ ਕਰਨ, ਜੋ ਸਿੱਖਾਂ ਨੂੰ ਬਦਨਾਮ ਕਰ ਰਹੇ ਹਨ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਵੱਲੋਂ ਵੀ ਆਪੋ-ਆਪਣੇ ਵਿਚਾਰ ਦਿੱਤੇ ਗਏ ਹਨ। ਇਸ ਮੀਟਿੰਗ ’ਚ ਸਿਆਸੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਸੱਦਿਆ ਗਿਆ ਸੀ। ਅਕਾਲ ਤਖਤ ਵਿਖੇ ਅਜਿਹੇ ਲੋਕ ਵੀ ਪੁੱਜੇ ਹੋਏ ਸਨ, ਜਿਨ੍ਹਾਂ ਦੇ ਬੱਚੇ ਜਾਂ ਰਿਸ਼ਤੇਦਾਰ ਪੁਲਸ ਵੱਲੋਂ ਹਿਰਾਸਤ ’ਚ ਲਏ ਗਏ ਹਨ।