ਸੈਨਿਕ ਸਕੂਲ ਦੀ ਇਮਾਰਤ ਲਈ ਫੰਡ ਤੇ ਵਜ਼ੀਫਾ ਤੁਰੰਤ ਜਾਰੀ ਕਰਨ ਦੀ ਹਦਾਇਤ

0
294


ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੈਨਿਕ ਸਕੂਲ, ਕਪੂਰਥਲਾ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਸਿਰਤੋੜ ਯਤਨ ਕਰੇਗੀ |
ਸੋਮਵਾਰ ਆਪਣੇ ਨਿਵਾਸ ਸਥਾਨ ‘ਤੇ ਸਕੂਲ ਦੇ ਕੰਮਕਾਜ ਦਾ ਜਾਇਜਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਮੁੱਖ ਸੰਸਥਾ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਆਪਣਾ ਨਿਵੇਕਲਾ ਸਥਾਨ ਬਣਾਇਆ ਹੈ | ਉਨ੍ਹਾ ਕਿਹਾ ਕਿ ਇਸ ਵੱਕਾਰੀ ਸੰਸਥਾ ਨੇ ਮਹਾਨ ਸ਼ਖਸੀਅਤਾਂ ਪੈਦਾ ਕੀਤੀਆਂ ਹਨ, ਜਿਨ੍ਹਾਂ ਵੱਖ-ਵੱਖ ਅਹਿਮ ਅਹੁਦਿਆਂ ਖਾਸ ਕਰਕੇ ਹਥਿਆਰਬੰਦ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ | ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਸਕੂਲ ਦੀ ਇਮਾਰਤ ਦੀ ਮੁਰੰਮਤ ਲਈ ਫੰਡ ਤੁਰੰਤ ਜਾਰੀ ਕਰਨ ਲਈ ਕਿਹਾ | ਉਨ੍ਹਾ ਕਿਹਾ ਕਿ ਸਕੂਲ ਦੀ ਇਮਾਰਤ ਦੀ ਢੁਕਵੀਂ ਸਾਂਭ-ਸੰਭਾਲ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣਾ ਸਮੇਂ ਦੀ ਲੋੜ ਹੈ, ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਢੁਕਵਾਂ ਮਾਹੌਲ ਮਿਲ ਸਕੇ | ਉਹਨਾ ਕਿਹਾ ਕਿ ਸਕੂਲ ਦੀ ਨਿਰੰਤਰ ਦੇਖ-ਰੇਖ ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਸਾਲਾਂ ਤੋਂ ਬਜਟ ਦੀ ਵਿਵਸਥਾ ਕੀਤੀ ਜਾਵੇਗੀ |
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਕਾਰੀ ਸੰਸਥਾ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵਜ਼ੀਫਾ ਮੁਹੱਈਆ ਕਰਵਾਉਣ ਲਈ ਫੰਡ ਜਾਰੀ ਕਰਨ ਵਾਸਤੇ ਵੀ ਆਖਿਆ | ਉਨ੍ਹਾ ਕਿਹਾ ਕਿ ਇਸ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ, ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ | ਉਹਨਾ ਸਕੂਲ ਪ੍ਰਬੰਧਕਾਂ ਨੂੰ ਸਕੂਲ ਦੇ ਕੰਮਕਾਜ ਲਈ ਪੂਰਨ ਸਹਿਯੋਗ ਅਤੇ ਮਦਦ ਦਾ ਭਰੋਸਾ ਦਿੱਤਾ |

LEAVE A REPLY

Please enter your comment!
Please enter your name here