ਚੰਡੀਗੜ੍ਹ (ਗੁਰਜੀਤ ਬਿੱਲਾ)- ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਬੁੱਧਵਾਰ ਸਵੇਰੇ ਚੰਡੀਗੜ੍ਹ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾ ਦੀ ਸਰਕਾਰੀ ਰਿਹਾਇਸ ’ਤੇ ਮੁਲਾਕਾਤ ਕੀਤੀ। ਮਾਨ ਨੇ ਹਿਮਾਚਲ ਵੱਲੋਂ ਹਾਈਡਰੋ ਪਾਵਰ ਪਲਾਂਟਾਂ ’ਤੇ ਪ੍ਰਸਤਾਵਿਤ ਵਾਟਰ ਸੈੱਸ ਲਾਉਣ ਦੇ ਮੁੱਦੇ ’ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾ ਕਿਹਾ ਕਿ ਇਸ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ, ਕਿਉਂਕਿ ਇਹ ਪੰਜਾਬ ਦੇ ਹਿੱਤਾਂ ਦੇ ਖਿਲਾਫ ਹੈ। ਸੁੱਖੂ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ ਉਨ੍ਹਾ ਦੇ ਆਪਣੇ ਸੂਬੇ ਦੇ ਪਣ-ਬਿਜਲੀ ਪਲਾਂਟਾਂ ’ਤੇ ਲਗਾਇਆ ਜਾਵੇਗਾ ਅਤੇ ਕਿਹਾ ਕਿ ਇਹ ਪੰਜਾਬ ’ਤੇ ਲਾਗੂ ਨਹੀਂ ਹੋਵੇਗਾ। ਮਸਲੇ ਦੇ ਹੱਲ ਲਈ ਦੋਵਾਂ ਮੁੱਖ ਮੰਤਰੀਆਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਦੋਹਾਂ ਰਾਜਾਂ ਦੇ ਮੁੱਖ ਸਕੱਤਰ ਅਤੇ ਬਿਜਲੀ ਸਕੱਤਰ ਹਰ ਪੰਦਰਵਾੜੇ ਬਾਅਦ ਮੀਟਿੰਗ ਕਰਨਗੇ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਰਾਜਾਂ ਵਿਚਕਾਰ ਕੋਈ ਝਗੜਾ ਨਾ ਹੋਵੇ। ਉਨ੍ਹਾ ਕਿਹਾ ਕਿ ਦੋਵਾਂ ਰਾਜਾਂ ਦੇ ਉੱਚ ਅਧਿਕਾਰੀ ਰਾਜਾਂ ਨੂੰ ਦਰਪੇਸ਼ ਮੁੱਦਿਆਂ ਨੂੰ ਆਪਸੀ ਤਾਲਮੇਲ ਨਾਲ ਹੱਲ ਕਰਨਗੇ ਤਾਂ ਜੋ ਉਨ੍ਹਾਂ ਵਿਚਕਾਰ ਕਿਸੇ ਮਸਲੇ ਉਤੇ ਕੋਈ ਮਤਭੇਦ ਨਾ ਰਹੇ। ਦੋਵਾਂ ਮੁੱਖ ਮੰਤਰੀਆਂ ਨੇ ਦੋਵਾਂ ਰਾਜਾਂ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ’ਚ ਆਪਸੀ ਸਹਿਯੋਗ ਲਈ ਸਹਿਮਤੀ ਪ੍ਰਗਟਾਈ।
ਇਕ ਹੋਰ ਮੁੱਦਾ ਚੁੱਕਦਿਆਂ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਵਿਚਕਾਰ ਰੋਪਵੇਅ ਦੀ ਵਕਾਲਤ ਕੀਤੀ ਤਾਂ ਜੋ ਦੋਵਾਂ ਰਾਜਾਂ ਨੂੰ ਆਪਸੀ ਲਾਭ ਹੋ ਸਕੇ। ਉਨ੍ਹਾ ਕਿਹਾ ਕਿ ਰੋਪਵੇਅ ਨਾਲ ਇਨ੍ਹਾਂ ਦੋਵਾਂ ਇਤਿਹਾਸਕ ਅਤੇ ਧਾਰਮਕ ਸਥਾਨਾਂ ਦੇ ਦਰਸ਼ਨਾਂ ਲਈ ਲੱਖਾਂ ਸ਼ਰਧਾਲੂਆਂ ਨੂੰ ਸਹੂਲਤ ਮਿਲੇਗੀ।
ਦੋਵੇਂ ਮੁੱਖ ਮੰਤਰੀਆਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਇਹ ਪ੍ਰਾਜੈਕਟ ਦੋਵਾਂ ਧਾਰਮਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਲਾ ਬਣਾਵੇਗਾ, ਜੋ ਇਕ-ਦੂਜੇ ਤੋਂ ਕਾਫੀ ਦੂਰ ਸਥਿਤ ਹਨ ਅਤੇ ਪਹਾੜੀ ਖੇਤਰ ਉਨ੍ਹਾਂ ਦੀਆਂ ਸਮੱਸਿਆਵਾਂ ’ਚ ਵਾਧਾ ਕਰਦਾ ਹੈ। ਇਸ ਦੌਰਾਨ ਦੋਵਾਂ ਮੁੱਖ ਮੰਤਰੀਆਂ ਨੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਪਠਾਨਕੋਟ-ਡਲਹੌਜ਼ੀ ਰੋਪਵੇਅ ਪ੍ਰਾਜੈਕਟ ਸਥਾਪਤ ਕਰਨ ’ਤੇ ਵੀ ਸਹਿਮਤੀ ਪ੍ਰਗਟਾਈ। ਉਨ੍ਹਾ ਕਿਹਾ ਕਿ ਸੈਲਾਨੀਆਂ ਦੀ ਸਹੂਲਤ ਦੇ ਨਾਲ-ਨਾਲ ਇਹ ਦੋਵਾਂ ਰਾਜਾਂ ਦੇ ਸਮਾਜਕ-ਆਰਥਕ ਵਿਕਾਸ ਨੂੰ ਹੁਲਾਰਾ ਦੇਣ ’ਚ ਵੀ ਮਦਦ ਕਰੇਗਾ। ਦੋਵਾਂ ਆਗੂਆਂ ਨੇ ਇਸ ਖੇਤਰ ’ਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ ’ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਸੈਰ-ਸਪਾਟੇ ਦੀ ਸਹੂਲਤ ਲਈ ਸਾਂਝੇ ਤੌਰ ’ਤੇ ਕੰਮ ਕਰਨਾ ਦੋਵਾਂ ਰਾਜਾਂ ਦੇ ਹਿੱਤ ’ਚ ਹੈ। ਮਾਨ ਨੇ ਬਿਜਲੀ ਖੇਤਰ ’ਚ ਵੀ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਹਿਯੋਗ ਦੀ ਮੰਗ ਕੀਤੀ। ਉਨ੍ਹਾ ਕਿਹਾ ਕਿ ਹਿਮਾਚਲ ਪੀਕ ਸੀਜ਼ਨ ਦੌਰਾਨ ਆਪਣੇ ਕੋਲ ਮੌਜੂਦ ਵਾਧੂ ਬਿਜਲੀ ਪੰਜਾਬ ਨੂੰ ਵੇਚ ਸਕਦਾ ਹੈ। ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ’ਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦਾ ਮਸਲਾ ਹੱਲ ਕਰਨ ’ਚ ਵੱਡੀ ਮਦਦ ਮਿਲੇਗੀ।