ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਪੁਰਾਣੇ ਵਾਹਨ ਸਿੱਧੇ ਕਬਾੜਖਾਨੇ ਭੇਜਣੇ ਸ਼ੁਰੂ ਕਰ ਦਿੱਤੇ ਹਨ। ਇਸ ਦਾ ਉਦੇਸ਼ ਵਾਹਨ ਮਾਲਕਾਂ ਨੂੰ ਪੁਰਾਣੇ ਵਾਹਨਾਂ ਨੂੰ ਕਬਾੜ ਲਈ ਭੇਜਣ ਪ੍ਰਤੀ ਪ੍ਰੇਰਿਤ ਕਰਨਾ ਹੈ। ਇਸ ਨਵੀਂ ਪਹਿਲਕਦਮੀ ਤਹਿਤ ਸ਼ਹਿਰ ਦੀਆਂ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਪਾਰਕ ਕੀਤੇ ਪੁਰਾਣੇ ਵਾਹਨਾਂ ਨੂੰ ਜ਼ਬਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਚੁੱਕ ਕੇ ਸਿੱਧਾ ਕਬਾੜਖਾਨੇ ਭੇਜਿਆ ਜਾਵੇਗਾ। ਟਰਾਂਸਪੋਰਟ ਵਿਭਾਗ ਦੇ ਇਨਫੋਰਸਮੈਂਟ ਵਿੰਗ ਦੀਆਂ 10 ਟੀਮਾਂ ਨੇ ਸਿਵਲ ਲਾਈਨ ਖੇਤਰ ਤੋਂ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਸਮੇਤ 50 ਵਾਹਨ ਜ਼ਬਤ ਕਰਕੇ ਰਜਿਸਟਰਡ ਵਹੀਕਲ ਸਕ੍ਰੈਪਿੰਗ ਸੈਂਟਰ ਨੂੰ ਸੌਂਪ ਦਿੱਤੇ।